ਸਾਂਪਲਾ ਵੱਲੋਂ ਅਕਾਲ ਤਖਤ ਦੇ ਜਥੇਦਾਰ ਨਾਲ ਮੁਲਾਕਾਤ

ਅੰਮ੍ਰਿਤਸਰ: ਭਾਜਪਾ ਆਗੂ ਅਤੇ ਕੌਮੀ ਐੱਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਲਗਪਗ ਇਕ ਘੰਟਾ ਤੋਂ ਵੱਧ ਸਮਾਂ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਸਾਂਪਲਾ ਨੇ ਮੀਟਿੰਗ ਸਬੰਧੀ ਵੇਰਵੇ ਦੇਣ ਤੋਂ ਟਾਲਾ ਵੱਟਿਆ ਤੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਸਿਰਫ ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ ਹੈ। ਉਨ੍ਹਾਂ ਮੀਟਿੰਗ ਦੌਰਾਨ ਕਿਸੇ ਸਿਆਸੀ ਮੁੱਦੇ ਤੇ ਕਿਸਾਨ ਮੋਰਚੇ ਬਾਰੇ ਗੱਲਬਾਤ ਕੀਤੇ ਜਾਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਸਨ ਅਤੇ ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਦੂਜੇ ਪਾਸੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਦੱਸਣਯੋਗ ਹੈ ਕਿ ਬਠਿੰਡਾ ਦੇ ਇਕ ਗੁਰਦੁਆਰੇ ਵਿੱਚ ਇੱਕ ਗ੍ਰੰਥੀ ਨੇ ਬੀਤੇ ਦਿਨੀਂ ਸੌਦਾ ਸਾਧ ਦੀ ਰਿਹਾਈ ਸਬੰਧੀ ਅਰਦਾਸ ਕੀਤੀ ਸੀ, ਜਿਸ ਦਾ ਸਿੱਖ ਭਾਈਚਾਰੇ ਨੇ ਸਖਤ ਵਿਰੋਧ ਕੀਤਾ ਸੀ ਅਤੇ ਇਸ ਵਿਅਕਤੀ ਖ਼ਿਲਾ਼ਫ ਪੁਲੀਸ ਨੇ ਕੇਸ ਵੀ ਦਰਜ ਕੀਤਾ ਸੀ। ਕੌਮੀ ਐੱਸਸੀ ਕਮਿਸ਼ਨ ਨੇ ਇਸ ਮਾਮਲੇ ਵਿੱਚ ਦਖ਼ਲ ਦਿੰਦਿਆਂ ਪੁਲੀਸ ਕੇਸ ਦੀ ਸਥਿਤੀ ਰਿਪੋਰਟ ਮੰਗੀ ਸੀ।

Leave a Reply

Your email address will not be published. Required fields are marked *