ਜੰਮੂ ਕਸ਼ਮੀਰ ਵਿਚ ਪੂਰਨ ਰਾਜ ਦਾ ਦਰਜਾ ਬਹਾਲ ਕੀਤਾ ਜਾਵੇ: ਚਿਦੰਬਰਮ

ਨਵੀਂ ਦਿੱਲੀ: ਕਾਂਗਰਸੀ ਆਗੂ ਪੀ ਚਿਦੰਬਰਮ ਨੇ ਅੱਜ ਜੰਮੂ ਕਸ਼ਮੀਰ ਵਿਚ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸੰਸਦ ਦੇ ਅਗਾਮੀ ਮੌਨਸੂਨ ਸੈਸ਼ਨ ਵਿਚ ਇਤਰਾਜ਼ਯੋਗ ਕਾਨੂੰਨ ਰੱਦ ਕੀਤੇ ਜਾਣ ਅਤੇ ਉੱਥੋਂ ਦਾ ਪਹਿਲਾਂ ਵਾਲਾ ਦਰਜਾ ਬਹਾਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕਸ਼ਮੀਰ ਮੁੱਦੇ ਦੇ ਸਿਆਸੀ ਹੱਲ ਲਈ ਸ਼ੁਰੂਆਤੀ ਲਕੀਰ ਖਿੱਚਣ ਦਾ ਸਿਰਫ਼ ਇਹੀ ਇਕ ਰਸਤਾ ਹੈ। ਉਨ੍ਹਾਂ ਕਿਹਾ, ‘‘ਜੋ ਕੁਝ ਸੰਵਿਧਾਨ ਅਧੀਨ ਬਣਾਇਆ ਗਿਆ ਹੈ ਉਸ ਨੂੰ ਸੰਸਦ ਵਿਚ ਪਾਸ ਕੀਤੇ ਗਏ ਇਕ ਕਾਨੂੰਨ, ਗ਼ਲਤ ਵਿਆਖਿਆ ਅਤੇ ਸੰਵਿਧਾਨ ਦੇ ਪ੍ਰਬੰਧਾਂ ਦਾ ਗ਼ਲਤ ਇਸਤੇਮਾਲ ਕਰ ਕੇ ਬਦਲਿਆ ਨਹੀਂ ਜਾ ਸਕਦਾ।’’ ਪ੍ਰਧਾਨ ਮੰਤਰੀ ਵੱਲੋਂ 24 ਜੂਨ ਨੂੰ ਕੀਤੀ ਜਾਣ ਵਾਲੀ ਮੀਟਿੰਗ ਤੋਂ ਪਹਿਲਾਂ ਸ੍ਰੀ ਚਿਦੰਬਰਮ ਦਾ ਇਹ ਬਿਆਨ ਆਇਆ ਹੈ। ਇਸ ਮੀਟਿੰਗ ਲਈ ਚਾਰ ਸਾਬਕਾ ਮੁੱਖ ਮੰਤਰੀਆਂ ਸਣੇ ਜੰਮੂ ਕਸ਼ਮੀਰ ਦੇ 14 ਸਿਆਸੀ ਆਗੂਆਂ ਨੂੰ ਗੱਲਬਾਤ ਦਾ ਸੱਦਾ ਆਇਆ ਹੈ। ਸਾਬਕਾ ਕੇਂਦਰੀ ਵਿੱਤ ਮੰਤਰੀ ਨੇ ਲੜੀਵਾਰ ਟਵੀਟਾਂ ਵਿਚ ਕਿਹਾ, ‘‘ਜੰਮੂ ਕਸ਼ਮੀਰ ਇਕ ਸੂਬਾ ਸੀ ਜਿਸ ਨੇ ਰਲੇਵੇਂ ਸਬੰਧੀ ਦਸਤਾਵੇਜ਼ ’ਤੇ ਹਸਤਾਖਰ ਕੀਤੇ ਸਨ ਅਤੇ ਭਾਰਤ ’ਚ ਸ਼ਾਮਲ ਹੋ ਗਿਆ ਸੀ। ਇਸ ਵਾਸਤੇ ਇਸ ਦਾ ਉਹ ਦਰਜਾ ਹਮੇਸ਼ਾ ਬਹਾਲ ਰਹਿਣਾ ਚਾਹੀਦਾ ਹੈ। ਜੰਮੂ ਕਸ਼ਮੀਰ ਕੋਈ ‘ਰੀਅਲ ਐਸਟੇਟ’ ਦਾ ਹਿੱਸਾ ਨਹੀਂ ਹੈ। ਜੰਮੂ ਕਸ਼ਮੀਰ ਉੱਥੋਂ ਦੇ ‘ਲੋਕ’ ਹਨ। ਉਨ੍ਹਾਂ ਦੇ ਅਧਿਕਾਰਾਂ ਤੇ ਇੱਛਾਵਾਂ ਦਾ ਮਾਣ ਰੱਖਿਆ ਜਾਣਾ ਚਾਹੀਦਾ ਹੈ।’’
ਉਨ੍ਹਾਂ ਕਿਹਾ, ‘‘ਮੌਨਸੂਨ ਸੈਸ਼ਨ ਵਿਚ ਸੰਸਦ ਨੂੰ ਇਹ ਇਤਰਾਜ਼ਯੋਗ ਕਾਨੂੰਨ ਰੱਦ ਕਰਨੇ ਚਾਹੀਦੇ ਹਨ ਅਤੇ ਜੰਮੂ ਕਸ਼ਮੀਰ ਦਾ ਪਹਿਲਾਂ ਵਾਲਾ ਦਰਜਾ ਬਹਾਲ ਕਰਨਾ ਚਾਹੀਦਾ ਹੈ। ਕਸ਼ਮੀਰ ਮੁੱਦੇ ਦੇ ਹੱਲ ਲਈ ਸ਼ੁਰੂਆਤੀ ਲਕੀਰ ਖਿੱਚਣ ਦਾ ਸਿਰਫ਼ ਇਹੋ ਇਕ ਤਰੀਕਾ ਹੈ।’’ ਉਨ੍ਹਾਂ ਕਿਹਾ ਕਿ ਹਰੇਕ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਜੰਮੂ ਕਸ਼ਮੀਰ ਦੀ ਵੰਡ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ ਅਤੇ ਮਾਮਲਾ ਪਿਛਲੇ ਕਰੀਬ ਦੋ ਸਾਲਾਂ ਤੋਂ ਪੈਂਡਿੰਗ ਹੈ। ਉਨ੍ਹਾਂ ਕਿਹਾ, ‘‘ਕਾਂਗਰਸ ਪਾਰਟੀ ਦਾ ਜੋ ਰੁਖ਼ ਕੱਲ੍ਹ ਸੀ, ਉਹੀ ਅੱਜ ਵੀ ਹੈ ਕਿ ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕੀਤਾ ਜਾਵੇ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਅਸਪੱਸ਼ਟਤਾ ਜਾਂ ਸ਼ੱਕ ਨਹੀਂ ਰਹਿਣਾ ਚਾਹੀਦਾ ਹੈ।’’ ਸਾਬਕਾ ਕੇਂਦਰੀ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜੰਮੂ ਕਸ਼ਮੀਰ ਨੂੰ ਇਕ ਰਾਜ ਦਾ ਦਰਜਾ ਸੰਵਿਧਾਨ ਤਹਿਤ ਦਿੱਤਾ ਗਿਆ ਸੀ ਅਤੇ ਕਿਸੇ ਵੀ ਹਾਲਤ ਵਿਚ ਉਸ ਦਾ ਇਹ ਦਰਜਾ ਖੋਹਿਆ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਉੱਥੋਂ ਦੇ ਲੋਕਾਂ ਦੇ ਅਧਿਕਾਰਾਂ ਦਾ ਘਾਣ ਕਰਨਾ ਹੋਵੇਗਾ।