ਜੰਮੂ ਕਸ਼ਮੀਰ ਦੇ 14 ਨੇਤਾ ਪ੍ਰਧਾਨ ਮੰਤਰੀ ਨਿਵਾਸ ’ਤੇ ਪੁੱਜੇ, ਮੀਟਿੰਗ ਜਾਰੀ

ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਚਾਰ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਗੁਲਾਮ ਨਬੀ ਆਜ਼ਾਦ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਉਨ੍ਹਾਂ 14 ਨੇਤਾਵਾਂ ਵਿਚ ਸ਼ਾਮਲ ਸਨ, ਜੋ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਸਥਾਨ ‘ਤੇ ਅਹਿਮ ਸਰਬ ਪਾਰਟੀ ਵਿੱਚ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਮੀਟਿੰਗ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਪ੍ਰਧਾਨ ਮੰਤਰੀ ਸਕੱਤਰੇਤ ’ਚ ਰਾਜ ਮੰਤਰੀ ਜਤਿੰਦਰ ਸਿੰਘ ਸਣੇ ਪੀਐੱਮਓ ਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਹਾਜ਼ਰ ਹਨ। ਜੰਮੂ-ਕਸ਼ਮੀਰ ਦੀ ਵਿਸ਼ੇਸ਼ ਸਥਿਤੀ ਅਤੇ ਇਸ ਨੂੰਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਤੋਂ ਬਾਅਦ ਇਹ ਪਹਿਲੀ ਵਿਆਪਕ ਮੀਟਿੰਗ ਹੋ ਰਹੀ ਹੈ। ਮੀਟਿੰਗ ਵਿਚ ਹਿੱਸਾ ਲੈਣ ਵਾਲੇ ਹੋਰ ਆਗੂਆਂ ਵਿੱਚ ਨਿਰਮਲ ਸਿੰਘ, ਕਵਿੰਦਰ ਗੁਪਤਾ, ਤਾਰਾ ਚੰਦ, ਮੁਜ਼ੱਫਰ ਬੇਗ ਅਤੇ ਜੰਮੂ-ਕਸ਼ਮੀਰ ਦੀਆਂ ਪਾਰਟੀਆਂ ਦੇ ਮੁਖੀਆਂ ਸਮੇਤ ਪ੍ਰਦੇਸ਼ ਕਾਂਗਰਸ ਪ੍ਰਧਾਨ ਜੀਏ ਮੀਰ, ਭਾਜਪਾ ਦੇ ਸੂਬਾ ਪ੍ਰਧਾਨ ਰਵਿੰਦਰ ਰੈਣਾ, ਜੇਕੇ ਪੈਂਥਰਸ ਪਾਰਟੀ ਦੇ ਮੁਖੀ ਭੀਮ ਸਿੰਘ, ਅਪਨੀ ਪਾਰਟੀ ਦੇ ਮੁਖੀ ਅਲਤਾਫ ਬੁਖਾਰੀ, ਪੀਪਲਜ਼ ਕਾਨਫਰੰਸ ਦੇ ਮੁਖੀ ਸੱਜਾਦ ਲੋਨ ਸ਼ਾਮਲ ਹਨ।