ਪੰਜਾਬ ’ਚ ਬਿਜਲੀ ਦੀ ਨਾਕਸ ਸਪਲਾਈ ਖ਼ਿਲਾਫ਼ ਕਿਸਾਨ ਝੋਨੇ ਦੀ ਥਾਂ ਲਗਾ ਰਹੇ ਨੇ ਧਰਨੇ

ਮੋਗਾ: ਇਥੇ ਮੋਗਾ-ਫ਼ਿਰੋਜ਼ਪੁਰ ਕੌਮੀ ਸਾਹ ਮਾਰਗ ’ਤੇ ਪਿੰਡ ਡਗਰੂ ਬਿਜਲੀ ਗਰਿੱਡ ਅੱਗੇ ਬਿਜਲੀ ਦੀ ਮਾੜੀ ਸਪਲਾਈ ਖ਼ਿਲਾਫ਼ ਕਿਸਾਨਾਂ ਨੇ ਚੱਕਾ ਜਾਮ ਕਰਕੇ ਪਾਵਰਕੌਮ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਾਵਰਕੌਮ ਅਧਿਕਾਰੀ ਮੁੱਖ ਦਫ਼ਤਰ ਦੀਆਂ ਹਦਾਇਤਾਂ ਮੁਤਾਬਕ ਪਾਵਰਕੱਟ ਲੱਗਣ ਦੀ ਗੱਲ ਆਖ ਰਹੇ ਹਨ। ਇਸ ਮੌਕੇ ਕਿਸਾਨਾ ਨੇ ਆਖਿਆ ਕਿ ਸਰਕਾਰ ਵਲੋਂ ਖੇਤੀ ਸੈਕਟਰ ਲਈ ਦਿੱਤੀ ਜਾਣ ਵਾਲੀ 8 ਘੰਟੇ ਬਿਜਲੀ ਨਿਰਵਿਘਨ ਨਹੀਂ ਮਿਲ ਰਹੀ। ਦੋ ਦਿਨ ਵਿੱਚ ਉਨ੍ਹਾਂ ਕਰੀਬ 3 ਘੰਟੇ ਬਿਜਲੀ ਸਪਲਾਈ ਮਿਲੀ ਹੈ, ਜਦੋਂ ਕਿ ਝੋਨੇ ਦੀ ਫਸਲ ਲਵਾਈ ਦਾ ਕੰਮ ਜ਼ੋਰਾਂ ’ਤੇ ਹੈ। ਝੋਨੇ ਦੀ ਫ਼ਸਲ ਲਈ ਪੰਜਾਬ ਸਰਕਾਰ ਵੱਲੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਵਾਅਦਾ ਕੀਤਾ ਗਿਆ ਸੀ ਪਰ ਸਹੀ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ’ਚ ਕਿਸਾਨ ਪ੍ਰੇਸ਼ਾਨ ਹਨ।

ਇਸੇ ਦੌਰਾਨ ਇਥੇ ਮੋਗਾ-ਅੰਮ੍ਰਿਤਸਰ ਕੌਮੀ ਮਾਰਗ ’ਤੇ ਪਿੰਡ ਜਨੇਰੂ ਬਿਜਲੀ ਗਰੱਡ ਅੱਗੇ ਬਿਜਲੀ ਦੀ ਮਾੜੀ ਸਪਲਾਈ ਖ਼ਿਲਾਫ਼ ਕਿਸਾਨਾਂ ਨੇ ਚੱਕਾ ਜਾਮ ਕਰਕੇ ਪਾਵਰਕੌਮ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਡੀਐੱਸਪੀ ਧਰਮਕੋਅ ਸੁਬੇਗ ਸਿੰਘ ਦੀ ਅਗਵਾਈ ਹੇਠ ਪੁਲੀਸ ਅਧਿਕਾਰੀ ਮੌਕੇ ਉੱਤੇ ਪੁੱਜੇ ਤੇ ਉਨ੍ਹਾਂ ਕਿਸਾਨਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ।

ਫ਼ਿਰੋਜ਼ਪੁਰ: : ਫ਼ਿਰੋਜ਼ਪੁਰ ’ਚ ਬਿਜਲੀ ਦੀ ਨਿਰੰਤਰ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਚੱਕਾ ਜਾਮ ਕਰਕੇ ਰੋਸ ਮੁਜ਼ਾਹਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਲਈ ਕਿਸਾਨਾਂ ਨੂੰ ਅੱਠ ਘੰਟੇ ਲਗਾਤਾਰ ਬਿਜਲੀ ਸਪਲਾਈ ਦੇਣ ਵਾਲੇ ਸਰਕਾਰ ਦੇ ਵਾਅਦੇ ਠੁੱਸ ਹੁੰਦੇ ਜਾਪਦੇ ਹਨ।

ਸਰਕਾਰ ਅੱਠ ਘੰਟੇ ਦੀ ਬਜਾਏ ਸਿਰਫ਼ ਦੋ-ਤਿੰਨ ਘੰਟੇ ਬਿਜਲੀ ਦੇ ਕੇ ਡੰਗ ਟਪਾ ਰਹੀ ਹੈ। ਉਨ੍ਹਾਂ ਕਿਹਾ ਕਿ ਇਥੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀ ਇਸ ਮਸਲੇ ਨੂੰ ਹੱਲ ਕਰਨ ਦੀ ਬਜਾਏ ਆਪਣੇ ਫ਼ੋਨ ਬੰਦ ਕੀਤੀ ਬੈਠੇ ਹਨ। ਕਿਸਾਨ ਆਗੂ ਸੁੰਦਰ ਸਿੰਘ ਅਤੇ ਜੋਗਿੰਦਰ ਸਿੰਘ ਨੇ ਕਿਹਾ ਕਿ ਸਰਕਾਰਾਂ ਨੇ ਕਿਸਾਨਾਂ ਦੀ ਲੋੜ ਪੂਰੀ ਕਰਨ ਵਾਸਤੇ ਕੋਈ ਲੋੜੀਂਦੇ ਉਪਰਾਲੇ ਨਹੀਂ ਕੀਤੇ। ਪਾਵਰਕਾਮ ਦੇ ਐੱਸਡੀਉ ਅਰਜੁਨ ਸਿੰਘ ਮੌਕੇ ’ਤੇ ਪੁੱਜੇ ਤੇ ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਬਿਜਲੀ ਦੀ ਪੈਦਾਵਾਰ ਘੱਟ ਹੋਣ ਕਾਰਨ ਪੂਰੇ ਪੰਜਾਬ ਵਿਚ ਇਸ ਤਰ੍ਹਾਂ ਦੀ ਦਿੱਕਤ ਆ ਰਹੀ ਹੈ। ਆਪਣੇ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਮਗਰੋਂ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹੇ ਅੰਦਰ ਬਿਜਲੀ ਦੀ ਨਿਰਵਿਘਣ ਸਪਲਾਈ ਮੁਹੱਈਆ ਕਰਵਾਉਣ ਵਾਸਤੇ ਵਿਭਾਗ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ ਛੇਤੀ ਹੀ ਇਸ ਔਕੜ ਨੂੰ ਦੂਰ ਕਰ ਦਿੱਤਾ ਜਾਵੇਗਾ। ਐਸਡੀਉ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਬੰਦ ਕੀਤਾ ਰਾਹ ਖੋਲ੍ਹ ਦਿੱਤਾ।

Leave a Reply

Your email address will not be published. Required fields are marked *