ਕਿਸਾਨਾਂ ਦੇ ਵਿਰੋਧ ਕਾਰਨ ਬੇਰੰਗ ਪਰਤੇ ਘੁਬਾਇਆ

ਫਾਜ਼ਿਲਕਾ: ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਲਾਧੂਕਾ ’ਚ ਅੱਜ ਫਿਰੋਜ਼ਪੁਰ ਦੇ ਸਾਬਕਾ ਸੰਸਦ ਮੈਂਬਰ ਅਤੇ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿਤਾ ਸ਼ੇਰ ਸਿੰਘ ਘੁਬਾਇਆ ਨੂੰ ਕਿਸਾਨਾਂ ਨੇ ਘੇਰ ਲਿਆ ਅਤੇ ਉਨ੍ਹਾਂ ਦਾ ਜ਼ੋਰਦਾਰ ਵਿਰੋਧ ਕੀਤਾ। ਉਹ ਜਦੋਂ ਪਿੰਡ ’ਚ ਦਾਖ਼ਲ ਹੋਣ ਲੱਗੇ ਤਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕਾਰਕੁਨਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ’ਚ ਸਿਆਸੀ ਆਗੂਆਂ ਦੇ ਦਾਖ਼ਲੇ ’ਤੇ ਮਨਾਹੀ ਹੈ ਪਰ ਇਹ ਆਗੂ ਬਾਜ਼ ਨਹੀਂ ਆ ਰਹੇ ਹਨ। ਇਸ ਦੌਰਾਨ ਘੁਬਾਇਆ ਅਤੇ ਕਿਸਾਨਾਂ ਵਿਚਕਾਰ ਤਿੱਖੀ ਬਹਿਸ ਵੀ ਹੋਈ ਅਤੇ ਅਖੀਰ ’ਚ ਸਾਬਕਾ ਸੰਸਦ ਮੈਂਬਰ ਨੂੰ ਆਪਣੇ ਰਿਸ਼ਤੇਦਾਰਾਂ ਨਾਲ ਮੁਲਾਕਾਤ ਕੀਤੇ ਬਿਨਾਂ ਹੀ ਪਿੰਡ ਲਾਧੂਕਾ ਤੋਂ ਮੁੜਨਾ ਪਿਆ। ਕੁਝ ਦਿਨ ਪਹਿਲਾਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਵਿਰੋਧ ਕੀਤਾ ਗਿਆ ਸੀ।

ਕਿਸਾਨਾਂ ਵੱਲੋਂ ਗੱਡੀ ਰੋਕੇ ਜਾਣ ’ਤੇ ਸ਼ੇਰ ਸਿੰਘ ਘੁਬਾਇਆ ਬਾਹਰ ਨਿਕਲੇ ਅਤੇ ਉਨ੍ਹਾਂ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਇਹ ਗੱਲਬਾਤ ਬਹਿਸਬਾਜ਼ੀ ’ਚ ਤਬਦੀਲ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਸਾਬਕਾ ਸੰਸਦ ਮੈਂਬਰ ਨੂੰ ਕਿਹਾ ਕਿ ਹਜ਼ਾਰਾਂ ਕਿਸਾਨ ਪਿਛਲੇ 7 ਮਹੀਨਿਆਂ ਤੋਂ ਟੌਲ ਪਲਾਜ਼ਿਆਂ ਅਤੇ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਹੋਏ ਹਨ ਪਰ ਉਨ੍ਹਾਂ ਦੀ ਸਾਰ ਲੈਣ ਲਈ ਕੋਈ ਵੀ ਸਿਆਸੀ ਆਗੂ ਨਹੀਂ ਪਹੁੰਚਿਆ, ਸਗੋਂ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਗਈਆਂ ਹਨ, ਤਾਂ ਇਹ ਲੋਕ ਆਪਣੀਆਂ ਰਿਸ਼ਤੇਦਾਰੀਆਂ ਲੱਭਣ ਲੱਗ ਪਏ ਹਨ। ਸ਼ੇਰ ਸਿੰਘ ਘੁਬਾਇਆ ਨੇ ਗੱਲ ਜ਼ਿਆਦਾ ਵਧਦੀ ਵੇਖ ਕੇ ਉਥੋਂ ਜਾਣਾ ਹੀ ਠੀਕ ਸਮਝਿਆ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਕ ਉਹ ਕਿਸੇ ਵੀ ਪਾਰਟੀ ਦੇ ਆਗੂ ਨੂੰ ਆਪਣੇ ਪਿੰਡ ਵਿੱਚ ਓਨੀ ਦੇਰ ਨਹੀਂ ਵੜਨ ਦੇਣਗੇ ਜਦੋਂ ਤੱਕ ਤਿੰਨੋਂ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਅਤੇ ਹੋਰ ਮੰਗਾਂ ਮੰਨ ਲਈਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਾਰਟੀਆਂ ਨੂੰ ਇਕੱਠੇ ਹੋ ਕੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸਰਕਾਰ ਉਪਰ ਦਬਾਅ ਬਣਾਉਣਾ ਚਾਹੀਦਾ ਹੈ। ਜਦੋਂ ਇਸ ਸਬੰਧ ਵਿਚ ਸ਼ੇਰ ਸਿੰਘ ਘੁਬਾਇਆ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਵਿਰੋਧ ਪਿੱਛੇ ਸਾਬਕਾ ਜੰਗਲਾਤ ਮੰਤਰੀ ਹੰਸਰਾਜ ਜੋਸਨ ਦਾ ਹੱਥ ਦੱਸਿਆ। ਉਨ੍ਹਾਂ ਕਿਹਾ ਕਿ ਜੋਸਨ ਹੁਣ ਪਾਰਟੀ ਬਦਲ ਚੁੱਕੇ ਹਨ ਜਿਸ ਕਾਰਨ ਉਹ ਆਪਣੇ ਰਿਸ਼ਤੇਦਾਰਾਂ ਰਾਹੀਂ ਉਨ੍ਹਾਂ ਦਾ ਵਿਰੋਧ ਕਰਵਾ ਰਹੇ ਹਨ। ਉਧਰ ਸਾਬਕਾ ਮੰਤਰੀ ਹੰਸਰਾਜ ਜੋਸਨ ਨੇ ਘੁਬਾਇਆ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਕਿਹਾ ਕਿ ਹੁਣ ਤਾਂ ਘੁਬਾਇਆ ਪਰਿਵਾਰ ਨੂੰ ਸੁਪਨੇ ਵਿੱਚ ਵੀ ਉਹ ਨਜ਼ਰ ਆਉਂਦੇ ਹਨ।

Leave a Reply

Your email address will not be published. Required fields are marked *