ਖੇਤੀ ਕਾਨੂੰਨ: ਸ਼ਰਦ ਪਵਾਰ ਵੱਲੋਂ ਭਾਜਪਾ ਦੀ ਹਮਾਇਤ

ਨਵੀਂ ਦਿੱਲੀ : ਸਾਬਕਾ ਕੇਂਦਰੀ ਖੇਤੀ ਮੰਤਰੀ ਤੇ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਨੇ ਕੇਂਦਰ ਦੇ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਮੁਕੰਮਲ ਰੂਪ ਵਿੱਚ ਰੱਦ ਕਰਨ ਦੀ ਥਾਂ ਇਨ੍ਹਾਂ ਵਿੱਚ ਲੋੜੀਂਦੀਆਂ ਸੋਧਾਂ ਦੀ ਕਥਿਤ ਵਕਾਲਤ ਕੀਤੀ ਹੈ, ਜਿਸ ਦਾ ਕੇਂਦਰ ਦੀ ਭਾਜਪਾ ਸਰਕਾਰ ਨੇ ਸਵਾਗਤ ਕੀਤਾ ਹੈ। ਉਧਰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਸਮੇਤ ਹੋਰਨਾਂ ਕਿਸਾਨ ਜਥੇਬੰਦੀਆਂ ਦੀ ਤਿੱਖੀ ਪ੍ਰਤੀਕਿਰਿਆ ਮਗਰੋਂ ਐੱਨਸੀਪੀ ਨੇ ਆਪਣੇ ਆਗੂ ਦਾ ਬਚਾਅ ਕਰਦਿਆਂ ਕਿਹਾ ਕਿ ਸ਼ਰਦ ਪਵਾਰ ਦਾ ਖੇਤੀ ਕਾਨੂੰਨਾਂ ’ਚ ਸੋਧ ਸਬੰਧੀ ਬਿਆਨ ਕੇਂਦਰ ਦੇ ਤਿੰਨ ਵਿਵਾਦਿਤ ਕਾਨੂੰਨਾਂ ਬਾਰੇ ਨਹੀਂ ਬਲਕਿ ਸੂਬਾਈ ਕਾਨੂੰਨਾਂ ਵਿੱਚ ਤਜਵੀਜ਼ਤ ਫੇਰਬਦਲ ਬਾਰੇ ਸੀ।

ਸੰਯੁਕਤ ਕਿਸਾਨ ਮੋਰਚੇ ਨੇ ਸਾਫ਼ ਕਰ ਦਿੱਤਾ ਕਿ ਉਨ੍ਹਾਂ ਨੂੰ ਖੇਤੀ ਕਾਨੂੰਨਾਂ ’ਤੇ ਲੀਕ ਮਾਰੇ ਜਾਣ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੈ। ਮੋਰਚੇ ਨੇ ਚਿਤਾਵਨੀ ਦਿੱਤੀ ਕਿ ਕਿਸਾਨੀ ਅੰਦੋਲਨ ਨੂੰ ਢਾਹ ਲਾਉਣ ਤੇ ਖੇਤੀ ਕਾਨੂੰਨਾਂ ਦੀ ਤਰਫ਼ਦਾਰੀ ਕਰਨ ਵਾਲੀਆਂ ਸਿਆਸੀ ਧਿਰਾਂ ਦਾ ਭਾਜਪਾ ਵਾਂਗ ਹੀ ਵਿਰੋਧ ਕੀਤਾ ਜਾਵੇਗਾ। ਦੱਸਣਾ ਬਣਦਾ ਹੈ ਕਿ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਅੱਜ ਪੱਤਰਕਾਰਾਂ ਕੋਲ ਦਾਅਵਾ ਕੀਤਾ ਸੀ ਕਿ ਦੇਸ਼ ਦੇ ਸਿਖਰਲੇ ਆਗੂਆਂ ’ਚ ਸ਼ੁਮਾਰ ਸ਼ਰਦ ਪਵਾਰ ਨੇ ਇਹ ਕਹਿੰਦਿਆਂ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਬਦਲਣ ਦੀ ਕੋਈ ਲੋੜ ਨਹੀਂ ਹੈ ਤੇ ਇਨ੍ਹਾਂ ਵਿਚਲੀਆਂ ਕੁਝ ਸ਼ਰਤਾਂ, ਜਿਨ੍ਹਾਂ ਬਾਰੇ ਕਿਸਾਨਾਂ ਨੂੰ ਉਜਰ ਹੈ, ਵਿੱਚ ਸੋਧ ਕੀਤੀ ਜਾ ਸਕਦੀ ਹੈ।

ਚੰਡੀਗੜ੍ਹ (ਟਨਸ): ਖੇਤੀ ਕਾਨੂੰਨਾਂ ਦੀ ਵਾਪਸੀ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਦੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਦਿੱਤੇ ਸੁਝਾਵਾਂ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀਆਂ ਗੱਲਾਂ ਤੋਂ ਭਾਜਪਾ ਦਾ ਪੱਖ ਪੂਰਨ ਦੀ ਝਲਕ ਪੈਂਦੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਤੋਂ ਘੱਟ ਕਿਸਾਨਾਂ ਨੂੰ ਕੁਝ ਵੀ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ਰਦ ਪਵਾਰ ਅਤੇ ਮੁਲਕ ਦੇ ਹੋਰਨਾਂ ਆਗੂਆਂ ਨੂੰ ਕਿਸਾਨੀ ਅੰਦੋਲਨ ’ਤੇ ਮਾੜਾ ਅਸਰ ਪਾਉਣ ਵਾਲੀਆਂ ਗੱਲਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਰਾਜੇਵਾਲ ਨੇ ਚਿਤਾਵਨੀ ਦਿੱਤੀ ਕਿ ਕਿਸੇ ਵੀ ਸਿਆਸੀ ਧਿਰ ਨੇ ਜੇਕਰ ਕਿਸਾਨੀ ਅੰਦੋਲਨ ਨੂੰ ਢਾਹ ਲਾਉਣ ਦਾ ਯਤਨ ਕੀਤਾ ਜਾਂ ਫਿਰ ਖੇਤੀ ਕਾਨੂੰਨਾਂ ਦੀ ਤਰਫ਼ਦਾਰੀ ਕੀਤੀ ਤਾਂ ਉਨ੍ਹਾਂ ਦਾ ਵਿਰੋਧ ਵੀ ਭਾਜਪਾ ਵਾਂਗ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੀ ਹਾਰ ਤੋਂ ਬਾਅਦ ਭਾਜਪਾ ਨੂੰ ਉੁੱਤਰ ਪ੍ਰਦੇਸ਼ ਵਿੱਚ ਹਾਰ ਸਪੱਸ਼ਟ ਦਿਖਾਈ ਦੇ ਰਹੀ ਹੈ। ਇਸੇ ਲਈ ਭਾਜਪਾ ਵੱਖ ਵੱਖ ਹੱਥਕੰਡੇ ਅਪਣਾ ਰਹੀ ਹੈ। ਕਿਸਾਨ ਆਗੂ ਨੇ ਕਿਹਾ ਕਿ ਭਾਜਪਾ ਤੇ ਕੇਂਦਰ ਸਰਕਾਰ ਨੂੰ ਭਰਮ ਹੈ ਕਿ ਉਹ ਸਿਆਸੀ ਵਿਰੋਧੀਆਂ ਦੀ ਤਰਜ਼ ’ਤੇ ਕਿਸਾਨ ਆਗੂਆਂ ਮਗਰ ਸੀਬੀਆਈ, ਈਡੀ ਅਤੇ ਹੋਰ ਏਜੰਸੀਆਂ ਲਗਾ ਕੇ ਉਨ੍ਹਾਂ ਨੂੰ ਡਰਾ ਧਮਕਾ ਲਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਹੀ ਦਮ ਲੈਣਗੇ। -ਏਜੰਸੀ

Leave a Reply

Your email address will not be published. Required fields are marked *