ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦੇ ਟਾਕਰੇ ਲਈ ਤਿਆਰ: ਸਿੱਧੂ

ਮੋਗਾ: ਬੀਤੇ ਦਿਨੀਂ ਮੋਗਾ-ਕੋਟ ਈਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜ਼ਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿੱਚ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਇਸ ਦਿਸ਼ਾ ਵਿੱਚ ਕਾਫੀ ਮਿਹਨਤ ਕੀਤੀ ਹੈ। ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ ਐੱਸ ਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਇਸ ਮੌਕੇ ਡਾਕਟਰ ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਕੁਲਬੀਰ ਸਿੰਘ ਜ਼ੀਰਾ (ਸਾਰੇ ਵਿਧਾਇਕ) ਅਤੇ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *