ਕੈਪਟਨ ਅੱਜ ਕਰ ਸਕਦੇ ਨੇ ਸੋਨੀਆ ਨਾਲ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਮੰਗਲਵਾਰ ਨੂੰ ਕੇਂਦਰੀ ਵਜ਼ੀਰਾਂ ਨੂੰ ਮਿਲਣ ਲਈ ਦਿੱਲੀ ਜਾਣਗੇ। ਉਨ੍ਹਾਂ ਦਾ ਮੁੱਖ ਏਜੰਡਾ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਮਿਲਣਾ ਹੈ। ਉਨ੍ਹਾਂ ਵੱਲੋਂ ਮੰਗਲਵਾਰ ਸ਼ਾਮ ਨੂੰ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੂੰ ਮਿਲਣਗੇ। ਉਹ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵੀ ਮੀਟਿੰਗ ਕਰ ਸਕਦੇ ਹਨ ਕਿਉਂਕਿ ਪੰਜਾਬ ਵਿਚ ਐਕਸਪ੍ਰੈੱਸਵੇਅ ਲਈ ਐਕੁਆਇਰ ਕੀਤੀ ਜ਼ਮੀਨ ਦਾ ਢੁੱਕਵਾਂ ਮੁਆਵਜ਼ਾ ਨਾ ਦਿੱਤੇ ਜਾਣ ਦਾ ਰੌਲਾ ਵੀ ਪਿਆ ਹੋਇਆ ਹੈ। ਕੈਪਟਨ ਨੂੰ ਪਿਛਲੇ ਦਿਨਾਂ ਵਿਚ ਕਿਸਾਨਾਂ ਦਾ ਵਫ਼ਦ ਮਿਲਿਆ ਸੀ ਅਤੇ ਕਿਸਾਨਾਂ ਨੇ ਸੜਕ ਪ੍ਰੋਜੈਕਟ ’ਚ ਘੱਟ ਮੁਆਵਜ਼ਾ ਦਿੱਤੇ ਜਾਣ ਦਾ ਮਸਲਾ ਰੱਖਿਆ ਸੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਇਸ ਮਸਲੇ ’ਤੇ ਖੁਦ ਕੇਂਦਰੀ ਮੰਤਰੀ ਗਡਕਰੀ ਨੂੰ ਮਿਲਣਗੇ। ਸੂਤਰਾਂ ਮੁਤਾਬਕ ਸੋਨੀਆ ਗਾਂਧੀ ਨਾਲ ਮੁਲਾਕਾਤ ਨੂੰ ਮੁੱਖ ਮੰਤਰੀ ਵੱਲੋਂ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵਿਚਾਰ ਵਟਾਂਦਰਾ ਕਰਕੇ ਹਰੀ ਝੰਡੀ ਲੈਣਾ ਚਾਹੁੰਦੇ ਹਨ।

Leave a Reply

Your email address will not be published. Required fields are marked *