ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੀ ਸੂਝ-ਬੂਝ ਦੀ ਸ਼ਲਾਘਾ – ਸਾਬਕਾ ਵਿਧਾਇਕ ਬ੍ਰਹਮਪੁਰਾ

ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਸਿੱਖ ਕੌਮ ਲਈ ਸਰਵਉੱਚ ਹੈ ਅਤੇ ਇਸ ਦੀ ਮਰਿਆਦਾ ਅਤੇ ਸਤਿਕਾਰ ਨੂੰ ਕਾਇਮ ਰੱਖਣਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨੇ ਜਿਸ ਸੂਝ-ਬੂਝ ਅਤੇ ਦੂਰਅੰਦੇਸ਼ੀ ਦਾ ਸਬੂਤ ਦਿੰਦਿਆਂ, ਪੰਥਕ ਏਕਤਾ ਨੂੰ ਮੁੱਖ ਰੱਖ ਕੇ, ਬਹੁਤ ਹੀ ਸੁਚੱਜੇ ਢੰਗ ਨਾਲ ਕੌਮ ਨੂੰ ਆਪਣਾ ਸੰਦੇਸ਼ ਦਿੱਤਾ, ਉਹ ਬੇਹੱਦ ਸ਼ਲਾਘਾਯੋਗ ਹੈ। ਇਸ ਕਦਮ ਨੇ ਨਾ ਸਿਰਫ਼ ਮਰਿਆਦਾ ਨੂੰ ਕਾਇਮ ਰੱਖਿਆ ਬਲਕਿ ਉਨ੍ਹਾਂ ਤਾਕਤਾਂ ਨੂੰ ਵੀ ਨਿਰਾਸ਼ ਕੀਤਾ ਜੋ ਪੰਥ ਵਿੱਚ ਵੰਡੀਆਂ ਪਾਉਣ ਦੀ ਤਾਕ ਵਿੱਚ ਰਹਿੰਦੀਆਂ ਹਨ।
ਸ੍ਰ. ਬ੍ਰਹਮਪੁਰਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਥਿਤੀ ਦੀ ਨਜ਼ਾਕਤ ਨੂੰ ਸਮਝਦਿਆਂ ਅਤੇ ਸਾਰੀਆਂ ਧਿਰਾਂ ਨਾਲ ਤਾਲਮੇਲ ਕਰਕੇ ਜੋ ਭੂਮਿਕਾ ਨਿਭਾਈ ਹੈ, ਉਸ ਨਾਲ ਪੰਥਕ ਜਥੇਬੰਦੀਆਂ ਵਿੱਚ ਆਪਸੀ ਵਿਸ਼ਵਾਸ ਵਧਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੀ ਰਸਮ ਨਿਭਾਉਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਕੌਮ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਦੀ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ, “ਇਹ ਸਮਾਂ ਪੰਥਕ ਏਕਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੇ ਮਿਲ ਕੇ ਜੋ ਰਾਹ ਦਿਖਾਇਆ ਹੈ, ਉਹ ਸਾਨੂੰ ਸਾਰਿਆਂ ਨੂੰ ਆਪਸੀ ਮਤਭੇਦ ਭੁਲਾ ਕੇ ਗੁਰੂ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦੀ ਪ੍ਰੇਰਨਾ ਦਿੰਦਾ ਹੈ।
ਸ੍ਰ. ਬ੍ਰਹਮਪੁਰਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਫ਼ੈਸਲਾ ਕਿਸੇ ਦੀ ਹਾਰ ਜਾਂ ਜਿੱਤ ਦਾ ਪ੍ਰਤੀਕ ਨਹੀਂ, ਬਲਕਿ ਪੰਥ ਦੀ ਜਿੱਤ ਦਾ ਪ੍ਰਤੀਕ ਹੈ। ਇਸ ਨਾਲ ਦੁਨੀਆ ਭਰ ਵਿੱਚ ਵੱਸਦੀ ਸਿੱਖ ਸੰਗਤ ਨੂੰ ਇੱਕਜੁਟਤਾ ਦਾ ਸਕਾਰਾਤਮਕ ਸੰਦੇਸ਼ ਗਿਆ ਹੈ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਸੂਝ-ਬੂਝ ਅਤੇ ਆਪਸੀ ਤਾਲਮੇਲ ਨਾਲ ਕੌਮ ਨੂੰ ਦਰਪੇਸ਼ ਮਸਲਿਆਂ ਦਾ ਹੱਲ ਕੱਢਣ ਤਾਂ ਜੋ ਪੰਥ ਦੀ ਸ਼ਕਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।