ਡਾ: ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ (ਰਾਜ ਕੁਮਾਰ ਵਰਮਾ)-ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ, ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਡਾ. ਰਵਜੋਤ ਸਿੰਘ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਵਿਕਾਸ ਕਾਰਜਾਂ ਲਈ ਅਲਾਟ ਕੀਤੇ ਫੰਡਾਂ ਨੂੰ ਬਿਨਾਂ ਕਿਸੇ ਦੇਰੀ ਦੇ ਜਲਦੀ ਤੋਂ ਜਲਦੀ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ। ਅੱਜ ਮਿਉਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਨਗਰ ਨਿਗਮ ਦੇ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਸਵੱਛ ਭਾਰਤ ਮਿਸ਼ਨ (ਸ਼ਹਿਰੀ), ਸਮਾਰਟ ਸਿਟੀ ਮਿਸ਼ਨ, ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ, ਪੰਜਾਬ ਮਿਉਂਸੀਪਲ ਸਰਵਿਸਜ ਸੁਧਾਰ ਪ੍ਰੋਜੈਕਟ, ਐਮ.ਡੀ.ਐਫ ਸਮੇਤ ਵੱਖ-ਵੱਖ ਸਕੀਮਾਂ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ੍ਟ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉੱਚ ਪੱਧਰੀ ਮਿਆਰਾਂ ਨੂੰ ਕਾਇਮ ਰੱਖਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਵਿੱਚ ਤੇਜ਼ੀ ਲਿਆਉਣ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਿਤ ਹੋਰ ਵੱਖ-ਵੱਖ ਅਹਿਮ ਮਾਮਲਿਆਂ ਬਾਰੇ ਜਿਵੇਂ ਕਿ ਬਿਲਡਿੰਗ ਪਲਾਨ ਦੀ ਪ੍ਰਵਾਨਗੀ, ਪਲਾਟਾ ਨੂੰ ਨਿਯਮਤ ਕਰਨ ਲਈ ਐਨ.ਓ.ਸੀ ਦੇ ਬਕਾਇਆ ਕੇਸਾਂ, ਆਵਾਰਾ ਪਸ਼ੂਆਂ ਦੇ ਪ੍ਰਬੰਧਨ, ਏ ਬੀ ਸੀ ਪ੍ਰੋਗਰਾਮ ਅਤੇ ਗਊ ਸੈੱਸ ਆਦਿ ਬਾਰੇ ਵਿਸਤ੍ਰਿਤ ਚਰਚਾ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪਲਾਟਾਂ ਨੂੰ ਨਿਯਮਤ ਕਰਨ ਲਈ ਐਨ.ਓ.ਸੀ ਅਤੇ ਬਿਲਡਿੰਗ ਪਲਾਨ ਦੀ ਪ੍ਰਵਾਨਗੀ ਸਬੰਧੀ ਸਾਰੇ ਪੈਡਿੰਗ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਤਾਂ ਜੋ ਪ੍ਰਕਿਰਿਆ ਨੂੰ ਸਚਾਰੂ ਬਣਾਇਆ ਜਾ ਸਕੇ ਅਤੇ ਹੋਰ ਦੇਰੀ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਤੌਰ ’ਤੇ ਅਧਿਕਾਰੀਆਂ ਨਾਲ ਚਰਚਾ ਕਰਦਿਆਂ ਨਗਰ ਨਿਗਮਾਂ ਦੇ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਐਨੀਮਲ ਬਰਥ ਕੰਟਰੋਲ (ਏ ਬੀ ਸੀ) ਪ੍ਰੋਗਰਾਮ ਨੂੰ ਹਰੇਕ ਕਾਰਪੋਰੇਸ਼ਨ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਹਿੱਸੇ ਵਜੋਂ ਸ਼ਹਿਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਉਸਾਰੀ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਕਿਸੇ ਵੀ ਅਣਗਹਿਲੀ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਦੋਸ਼ੀ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ।