ਪੰਜਾਬ ‘ਚ ਨਸ਼ਾ ਤਸਕਰਾਂ ਦੀ ਤੂਤੀ ਬੋਲਦੀ, ਸਰਕਾਰ ਮੂਕ ਦਰਸ਼ਕ – ਬ੍ਰਹਮਪੁਰਾ

ਸ੍ਰ. ਬ੍ਰਹਮਪੁਰਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਤੇ ਸਿਰਫ਼ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਅਲੋਚਨਾ ਦੇ ਸਹਾਰੇ ਹੀ ਸੱਤਾ ਦੀ ਕੁਰਸੀ ‘ਤੇ ਪਹੁੰਚੇ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਪੰਜਾਬ ਨੂੰ ਬਰਬਾਦੀ ਦੇ ਕੰਢੇ ‘ਤੇ ਲਿਆ ਖੜ੍ਹਾ ਕੀਤਾ ਹੈ।
ਸੂਬੇ ਵਿੱਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ, ‘ਆਪ’ ਨੇ ਚੋਣਾਂ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਉਹ ਹਫ਼ਤਿਆਂ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰ ਦੇਣਗੇ। ਪਰ ਅੱਜ ਹਾਲਾਤ ਪਹਿਲਾਂ ਨਾਲੋਂ ਵੀ ਬਦਤਰ ਹਨ। ਪੰਜਾਬ ਦੀ ਜਵਾਨੀ ਹਰ ਰੋਜ਼ ਨਸ਼ਿਆਂ ਨਾਲ ਮਰ ਰਹੀ ਹੈ ਅਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਨਸ਼ਾ ਤਸਕਰ ਬੇਖੌਫ ਹਨ ਅਤੇ ਸਰਕਾਰ ਦਾ ਕੰਟਰੋਲ ਕਿਧਰੇ ਵੀ ਨਜ਼ਰ ਨਹੀਂ ਆਉਂਦਾ।
ਉਨ੍ਹਾਂ ਅੱਗੇ ਕਿਹਾ ਕਿ ਵਿਕਾਸ ਦੇ ਮਾਮਲੇ ਵਿੱਚ ਵੀ ਮਾਨ ਸਰਕਾਰ ਦਾ ਰਿਪੋਰਟ ਕਾਰਡ ਸਿਫ਼ਰ ਹੈ। ਕੋਈ ਇੱਕ ਵੀ ਵੱਡਾ ਵਿਕਾਸ ਪ੍ਰੋਜੈਕਟ, ਕੋਈ ਨਵੀਂ ਫੈਕਟਰੀ ਜਾਂ ਉਦਯੋਗ ਪੰਜਾਬ ਵਿੱਚ ਨਹੀਂ ਆਇਆ ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਸੂਬਾ ਆਰਥਿਕ ਤੌਰ ‘ਤੇ ਕੰਗਾਲ ਹੋ ਰਿਹਾ ਹੈ ਅਤੇ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਰਾਹੀਂ ਝੂਠਾ ਵਿਕਾਸ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ‘ਤੇ ਕੀਤੀ ਗਈ ਟਿੱਪਣੀ ਦੀ ਸਖ਼ਤ ਨਿਖੇਧੀ ਕਰਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ, “ਮੁੱਖ ਮੰਤਰੀ ਵੱਲੋਂ ਸਿੱਖਾਂ ਦੀ ਸਿਰਮੌਰ ਸੰਸਥਾ ਐਸਜੀਪੀਸੀ ਨੂੰ ‘ਗੋਲਕ ਕਮੇਟੀ’ ਕਹਿਣਾ ਬੇਹੱਦ ਮੰਦਭਾਗਾ ਅਤੇ ਉਨ੍ਹਾਂ ਦੀ ਸਿਆਸੀ ਬੌਖਲਾਹਟ ਦਾ ਪ੍ਰਤੀਕ ਹੈ। ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਮਹਾਨ ਸੰਸਥਾ ਹੈ ਜੋ ਗੁਰਧਾਮਾਂ ਦੀ ਸੇਵਾ-ਸੰਭਾਲ ਦੇ ਨਾਲ-ਨਾਲ ਸਿੱਖੀ ਦੇ ਪ੍ਰਚਾਰ-ਪ੍ਰਸਾਰ, ਵਿਦਿਅਕ ਅਦਾਰੇ ਅਤੇ ਲੋਕ ਭਲਾਈ ਦੇ ਕੰਮਾਂ ਵਿੱਚ ਵੱਡਾ ਯੋਗਦਾਨ ਪਾ ਰਹੀ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਆਸੀ ਅਤੇ ਧਾਰਮਿਕ ਮਾਮਲੇ ਵੱਖੋ-ਵੱਖਰੇ ਹਨ ਅਤੇ ਮੁੱਖ ਮੰਤਰੀ ਨੂੰ ਆਪਣੇ ਸਿਆਸੀ ਲਾਹੇ ਲਈ ਧਾਰਮਿਕ ਸੰਸਥਾਵਾਂ ਦਾ ਅਪਮਾਨ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। “ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਡਟ ਕੇ ਖੜ੍ਹਾ ਹੈ ਅਤੇ ਅਸੀਂ ਕਿਸੇ ਵੀ ਕੀਮਤ ‘ਤੇ ਆਪਣੀਆਂ ਧਾਰਮਿਕ ਸੰਸਥਾਵਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕਰਾਂਗੇ। ਭਗਵੰਤ ਮਾਨ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ‘ਤੇ ਧਿਆਨ ਦੇਣ, ਨਾ ਕਿ ਧਾਰਮਿਕ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਕਰਨ।