ਬੀਬੀ ਜਗੀਰ ਕੌਰ ਨੇ ਢੱਡਰੀਆਂਵਾਲਾ ਸਮਾਗਮ ਵਿੱਚ ਸ਼ਿਰਕਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ ਦਿੱਤੀ: ਪ੍ਰੋ. ਸਰਚਾਂਦ ਸਿੰਘ ਖਿਆਲਾ।
ਅੰਮ੍ਰਿਤਸਰ- ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜੋ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੀ ਪਾਲਣਾ ਨਾ ਕਰਨ ਦਾ ਦੋਸ਼ ਲਗਾ ਕੇ ਰਾਜਨੀਤੀ ਕਰ ਰਹੀ ਹੈ, ਨੂੰ ਦੱਸਣਾ ਚਾਹੀਦਾ ਹੈ ਕਿ ਕੀ ਸਿਰਫ਼ ਉਨ੍ਹਾਂ ਦੇ ਸਿਆਸੀ ਵਿਰੋਧੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਪਾਲਣਾ ਕਰਨ ਲਈ ਪਾਬੰਦ ਹਨ? ਕੀ ਉਹ ਖ਼ੁਦ ਗੁਰੂ ਗ੍ਰੰਥ-ਗੁਰੂ ਪੰਥ ਨੂੰ ਸਮਰਪਿਤ ਹਨ ਅਤੇ ਪਰੰਪਰਾਵਾਂ ਦੀ ਰੱਖਿਆ ਲਈ ਵਚਨਬੱਧ ਹਨ?
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਸੰਗਤ ਨੂੰ ਅਖੌਤੀ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਾ ਦਾ ਬਾਈਕਾਟ ਕਰਨ ਲਈ ਹੁਕਮਨਾਮਾ ਜਾਰੀ ਕਰਨ ਦੇ ਬਾਵਜੂਦ, ਬੀਬੀ ਜਗੀਰ ਕੌਰ ਨੇ ਕਪੂਰਥਲਾ ਜ਼ਿਲ੍ਹੇ ਦੇ ਨਡਾਲਾ ਵਿਖੇ ਢੱਡਰੀਆਂਵਾਲਾ ਦੇ ਡੇਰੇ ਦੀ ਨਵੀਂ ਸ਼ਾਖਾ ਦੇ ਉਦਘਾਟਨ ਮੌਕੇ ਉਨ੍ਹਾਂ ਨਾਲ ਸਟੇਜ ਸਾਂਝੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਪਰ ਮੈਨੂੰ ਹੈਰਾਨੀ ਹੈ ਕਿ ਬੀਬੀ ਜਗੀਰ ਕੌਰ ਵੱਲੋਂ ਕੀਤੀ ਗਈ ਇਸ ਵੱਡੀ ਅਵੱਗਿਆ ਦੇ ਬਾਵਜੂਦ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਕੋਈ ਨੋਟਿਸ ਨਹੀਂ ਲਿਆ ਗਿਆ। ਕੀ ਇਸ ਮਾਮਲੇ ਵਿੱਚ ਨਵੇਂ ‘ਜਥੇਦਾਰ’ ਦੀ ਚੁੱਪੀ ਉਨ੍ਹਾਂ ਦੀ ਕਮਜ਼ੋਰੀ ਨੂੰ ਸਾਬਤ ਨਹੀਂ ਕਰਦੀ ਹੈ ? ਜਾਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਗਏ ਹੁਕਮਨਾਮੇ ਦੀ ਕੋਈ ਸਮਝ ਨਹੀਂ ਹੈ? ਉਨ੍ਹਾਂ ਕਿਹਾ ਕਿ ਇਹ ਪੰਥ ਲਈ ਹੋਰ ਵੀ ਸ਼ਰਮਿੰਦਗੀ ਵਾਲੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਮੈਂਬਰ ਹਨ, ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸ਼ਰਮਨਾਕ ਪਿੱਠ ਦਿਖਾਈ ਹੈ ਅਤੇ ਹੁਕਮਨਾਮੇ ਦੀ ਉਲੰਘਣਾ ਕਰਕੇ ਪੰਥਕ ਪਰੰਪਰਾਵਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਬੀਬੀ ਜਗੀਰ ਕੌਰ ਆਪਣੇ ਆਪ ਨੂੰ ਸੰਗਤ ਤੋਂ ਉੱਪਰ ਸਮਝਦੀ ਹੈ, ਕਿ ਢੱਡਰੀਆਂਵਾਲਾ ਸਬੰਧੀ ਜਾਰੀ ਕੀਤਾ ਗਿਆ ਹੁਕਮਨਾਮਾ ਉਨ੍ਹਾਂ ‘ਤੇ ਲਾਗੂ ਨਹੀਂ ਹੋ ਸਕਦਾ? ਕੀ ਇਹ ਹੀ ਬੀਬੀ ਜੀ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੇ ਆਪ ਨੂੰ ਸਮਰਪਣ ਹੈ?
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰਣਜੀਤ ਸਿੰਘ ਢੱਡਰੀਆਂਵਾਲਾ ਵੱਲੋਂ ਪੰਥਕ ਪਰੰਪਰਾਵਾਂ ਅਤੇ ਗੁਰਮਤਿ ਪ੍ਰਤੀ ਕੀਤੀਆਂ ਗ਼ਲਤ ਬਿਆਨੀਆਂ ਦੀ ਜਾਂਚ ਲਈ ਵਿਦਵਾਨਾਂ ਦੀ ਇੱਕ ਸਬ-ਕਮੇਟੀ ਬਣਾਈ ਸੀ। ਜਿਸ ਦੀ ਰਿਪੋਰਟ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ 24 ਅਗਸਤ, 2020 ਨੂੰ ਇਕੱਤਰਤਾ ਵਿੱਚ ਹੁਕਮਨਾਮਾ ਜਾਰੀ ਕਰਦਿਆਂ ਕਿਹਾ ਸੀ ਕਿ ਰਣਜੀਤ ਸਿੰਘ ਢੱਡਰੀਆਂਵਾਲਾ ਨੇ ਗੁਰਮਤਿ ਪ੍ਰਤੀ ਕੁਝ ਗ਼ਲਤ ਬਿਆਨੀਆਂ ਕੀਤੀਆਂ ਹਨ ਅਤੇ ਇਹ ਇਨ੍ਹਾਂ ਕਥਨਾਂ ਸਬੰਧੀ ਸਪਸ਼ਟੀਕਰਨ ਦੇਣ ਤੋਂ ਵੀ ਇਨਕਾਰੀ ਹੋਇਆ ਹੈ। ਜਿਸ ਕਰਕੇ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ, ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਢੱਡਰੀਆਂ ਵਾਲਾ ਦੇ ਸਮਾਗਮਾਂ ਦਾ ਬਾਈਕਾਟ ਕਰਨ ਦਾ ਆਦੇਸ਼ ਦਿੱਤਾ ਜਦੋਂ ਤਕ ਉਹ ਆਪਣੀਆਂ ਗ਼ਲਤ ਬਿਆਨੀਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗਦਾ। ਅਕਾਲ ਤਖ਼ਤ ਸਾਹਿਬ ਨੇ ਢੱਡਰੀਆਂਵਾਲਾ ਨੂੰ ਬਾਜ ਨਾ ਆਉਣ’ਤੇ ਸਖ਼ਤ ਕਾਰਵਾਈ ਦੀ ਵੀ ਚਿਤਾਵਨੀ ਦਿੱਤੀ ਸੀ।
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਢੱਡਰੀਆਂ ਵਾਲਾ ਅੱਜ ਤੱਕ ਭਗੌੜਾ ਹੈ, ਜੋ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਨਹੀਂ ਹੋਇਆ। ਜੋ ਅਕਾਲ ਤਖ਼ਤ ਸਾਹਿਬ ਪ੍ਰਤੀ ਉਸ ਦੀ ਸਮਰਪਣ ‘ਤੇ ਸਵਾਲੀਆ ਨਿਸ਼ਾਨ ਲਗਾਉਂਦਾ ਹੈ। ਉਸ ਦੀ ਹਉਮੈ ਹੰਕਾਰ ਉਸ ਨੂੰ ਅਕਾਲ ਤਖ਼ਤ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਨਹੀਂ ਹੋਣ ਦੇ ਰਿਹਾ। ਉੱਪਰੋਂ, ਬੀਬੀ ਜਗੀਰ ਕੌਰ ਵਰਗੀਆਂ ਸ਼ਖ਼ਸੀਅਤਾਂ ਉਸ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀਆਂ ਹਨ ਅਤੇ ਉਸ ਦੇ ਹਉਮੈ ਹੰਕਾਰ ਨੂੰ ਪੱਠੇ ਪਾ ਕੇ ਹੋਰ ਮਜ਼ਬੂਤਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।