ਰਵਿੰਦਰ ਬ੍ਰਹਮਪੁਰਾ ਦੀ ਸੁਖਬੀਰ ਬਾਦਲ ਨਾਲ ਅਹਿਮ ਮੁਲਾਕਾਤ, ਖਡੂਰ ਸਾਹਿਬ ਦੇ ਮੌਜੂਦਾ ਹਾਲਾਤ ਅਤੇ ‘ਆਪ’ ਸਰਕਾਰ ਦੀ ਮਾੜੀ ਕਾਰਗੁਜ਼ਾਰੀ ‘ਤੇ ਚਰਚਾ

ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਸ੍ਰ. ਬ੍ਰਹਮਪੁਰਾ ਨੇ ਦੱਸਿਆ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਦੇ ਧਿਆਨ ਵਿੱਚ ਲਿਆਂਦਾ ਕਿ ਕਿਵੇਂ ‘ਆਪ’ ਸਰਕਾਰ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੀਹੋਂ ਲੱਥ ਚੁੱਕੀ ਹੈ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ‘ਜੰਗਲ ਰਾਜ’ ਵਾਲਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਮੌਜੂਦਾ ਸਰਕਾਰ ਦੀਆਂ ਕਥਿਤ ਧੱਕੇਸ਼ਾਹੀਆਂ ਅਤੇ ਲੋਕ ਮਾਰੂ ਨੀਤੀਆਂ ‘ਤੇ ਵੀ ਗੰਭੀਰ ਚਿੰਤਾ ਪ੍ਰਗਟਾਈ। ਖਡੂਰ ਸਾਹਿਬ ਹਲਕੇ ਦੇ ਸਰਹੱਦੀ ਖੇਤਰ ਵਿੱਚੋਂ ਹਾਲ ਹੀ ਵਿੱਚ ਬਰਾਮਦ ਹੋਈ 425 ਕਰੋੜ ਰੁਪਏ ਦੀ ਹੈਰੋਇਨ ਦੀ ਵੱਡੀ ਖੇਪ ਦੇ ਮੁੱਦੇ ‘ਤੇ ਚਰਚਾ ਕਰਦਿਆਂ ਸ੍ਰ. ਬ੍ਰਹਮਪੁਰਾ ਨੇ ਇਸਨੂੰ ਸੂਬਾ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ। ਇਸ ‘ਤੇ ਸ੍ਰ. ਸੁਖਬੀਰ ਸਿੰਘ ਬਾਦਲ ਨੇ ਵੀ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਘਟਨਾ ‘ਆਪ’ ਸਰਕਾਰ ਦੇ ਨਸ਼ਾਖੋਰੀ ਨੂੰ ਰੋਕਣ ਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹਦੀ ਹੈ ਅਤੇ ਸਰਹੱਦੀ ਖੇਤਰਾਂ ਦੀ ਸੁਰੱਖਿਆ ਪ੍ਰਤੀ ਸਰਕਾਰ ਦੀ ਗੈਰ-ਸੰਜੀਦਗੀ ਨੂੰ ਦਰਸਾਉਂਦੀ ਹੈ।
ਸ੍ਰ. ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਨੂੰ ਖਡੂਰ ਸਾਹਿਬ ਹਲਕੇ ਵਿੱਚ ਆਪਣੇ ਵੱਲੋਂ ਲੋਕਾਂ ਦੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ, ਜਿਵੇਂ ਕਿ ਸਿਹਤ ਸੇਵਾਵਾਂ, ਸਿੱਖਿਆ, ਸਾਫ਼ ਪਾਣੀ ਅਤੇ ਸੜਕਾਂ ਦੀ ਹਾਲਤ ਤਰਸਯੋਗ ਹੈ, ਜਿਸ ਵੱਲ ਮੌਜੂਦਾ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ। ਇਸ ‘ਤੇ ਸ੍ਰ. ਬਾਦਲ ਨੇ ਸ੍ਰ. ਬ੍ਰਹਮਪੁਰਾ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਪਿੱਠ ਥਾਪੜੀ ਅਤੇ ਭਰੋਸਾ ਦਿਵਾਇਆ ਕਿ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਸ੍ਰ. ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ‘ਆਪ’ ਸਰਕਾਰ ਦੀ ਕਿਸੇ ਵੀ ਵਧੀਕੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਵੀ ਜੁਝਾਰੂ ਵਰਕਰ ਨੂੰ ਬੇਵਜ੍ਹਾ ਤੰਗ-ਪ੍ਰੇਸ਼ਾਨ ਕੀਤਾ ਗਿਆ ਤਾਂ ਸਮਾਂ ਆਉਣ ‘ਤੇ ‘ਆਪ’ ਸਰਕਾਰ ਦੇ ਇਸ਼ਾਰਿਆਂ ‘ਤੇ ਕੰਮ ਕਰਨ ਵਾਲੇ ਦੋਸ਼ੀ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਮਰਹੂਮ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਦੇ ਪੋਤਰੇ, ਨੌਜਵਾਨ ਆਗੂ ਕੰਵਰਦੀਪ ਸਿੰਘ ਬ੍ਰਹਮਪੁਰਾ ਨੇ ਵੀ ਪਾਰਟੀ ਪ੍ਰਧਾਨ ਨੂੰ ਨੌਜਵਾਨ ਪੀੜ੍ਹੀ ਨੂੰ ਦਰਪੇਸ਼ ਸਮੱਸਿਆਵਾਂ, ਖ਼ਾਸ ਕਰਕੇ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਵਧ ਰਹੀ ਲਾਹਨਤ ਤੋਂ ਜਾਣੂੰ ਕਰਵਾਇਆ ਅਤੇ ਇਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ।
ਸ੍ਰ. ਬ੍ਰਹਮਪੁਰਾ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਪੰਜਾਬ ਦੇ ਲੋਕ, ਖਾਸ ਕਰਕੇ ਖਡੂਰ ਸਾਹਿਬ ਹਲਕੇ ਦੇ ਵਸਨੀਕ, ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਏ ਵਿਕਾਸ ਕਾਰਜਾਂ ਅਤੇ ਮਿਲ ਰਹੀਆਂ ਬੁਨਿਆਦੀ ਸਹੂਲਤਾਂ ਨੂੰ ਦਿਲੋਂ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਵਿੱਚ ਹਰ ਖੇਤਰ ਵਿੱਚ ਰਿਕਾਰਡਤੋੜ ਵਿਕਾਸ ਹੋਇਆ ਸੀ, ਜਦਕਿ ਮੌਜੂਦਾ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ।
ਸ੍ਰ. ਬ੍ਰਹਮਪੁਰਾ ਨੇ ਅੰਤ ਵਿੱਚ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੀ ਲੁਧਿਆਣਾ ਜ਼ਿਮਨੀ ਚੋਣ ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ ਅਤੇ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ 2027 ਵਿੱਚ ਲੋਕਾਂ ਦੀ ਆਵਾਜ਼ ਬਣ ਕੇ ਹੋਰ ਮਜ਼ਬੂਤੀ ਨਾਲ ਉੱਭਰੇਗਾ।
ਕੈਪਸ਼ਨ: ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਯੂਥ ਆਗੂ ਕੰਵਰਦੀਪ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਮੁਲਾਕਾਤ ਕੀਤੀ।