ਲੈਂਡ ਪੂਲਿੰਗ ਪਾਲਿਸੀ ਦਾ ਰੱਦ ਹੋਣਾ ਅਕਾਲੀ ਦਲ ਦੇ ਸੰਘਰਸ਼ ਅਤੇ ਪੰਜਾਬ ਦੇ ਲੋਕਾਂ ਦੀ ਵੱਡੀ ਜਿੱਤ – ਬ੍ਰਹਮਪੁਰਾ

ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਇਹ ਫ਼ੈਸਲਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਜਦੋਂ ਵੀ ਕੋਈ ਸਰਕਾਰ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰੇਗੀ, ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਢਾਲ ਬਣ ਕੇ ਉਸਦੇ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ, “ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੇ ਪਹਿਲੇ ਦਿਨ ਤੋਂ ਹੀ ਇਸ ਕਿਸਾਨ-ਮਾਰੂ ‘ਕਾਲੇ ਕਾਨੂੰਨ’ ਦਾ ਡਟ ਕੇ ਵਿਰੋਧ ਕੀਤਾ ਅਤੇ ਇਸ ਨੂੰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀ ਇੱਕ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਸੀ। ਅੱਜ ਸਰਕਾਰ ਦਾ ਪਿੱਛੇ ਹਟਣਾ ਸਾਡੇ ਸਟੈਂਡ ਦੀ ਪੂਰੀ ਤਰ੍ਹਾਂ ਪੁਸ਼ਟੀ ਕਰਦਾ ਹੈ।
ਸ੍ਰ. ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਸਰਕਾਰ ਦਿੱਲੀ ਵਿੱਚ ਬੈਠੇ ਆਪਣੇ ਆਕਾਵਾਂ ਦੇ ਇਸ਼ਾਰਿਆਂ ‘ਤੇ ਪੰਜਾਬ ਦੇ ਕਿਸਾਨਾਂ ਦੀਆਂ ਜ਼ਰਖੇਜ਼ ਜ਼ਮੀਨਾਂ ਹੜੱਪਣਾ ਚਾਹੁੰਦੀ ਸੀ, ਪਰ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪੱਧਰੀ ਸੰਘਰਸ਼, ਪਾਰਟੀ ਵਰਕਰਾਂ ਦੀ ਮਿਹਨਤ ਅਤੇ ਪੰਜਾਬ ਦੇ ਲੋਕਾਂ ਦੇ ਜ਼ਬਰਦਸਤ ਵਿਰੋਧ ਨੇ ਸਰਕਾਰ ਨੂੰ ਇਹ ਲੋਕ-ਵਿਰੋਧੀ ਫੈਸਲਾ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ।
ਉਨ੍ਹਾਂ ਕਿਹਾ, “ਅਸੀਂ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਜੇ ਇਹ ਪਾਲਿਸੀ ਰੱਦ ਨਾ ਕੀਤੀ ਗਈ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ। ਮਾਣਯੋਗ ਹਾਈ ਕੋਰਟ ਵੱਲੋਂ ਇਸ ਪਾਲਿਸੀ ‘ਤੇ ਰੋਕ ਲਗਾਉਣਾ ਸਾਡੇ ਸੰਘਰਸ਼ ਦੀ ਪਹਿਲੀ ਜਿੱਤ ਸੀ, ਅਤੇ ਹੁਣ ਇਸ ਪਾਲਿਸੀ ਦੀ ਪੂਰਨ ਵਾਪਸੀ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਸ਼ਕਤੀ ਅੱਗੇ ਹੰਕਾਰੀ ਸਰਕਾਰਾਂ ਨੂੰ ਝੁਕਣਾ ਹੀ ਪੈਂਦਾ ਹੈ।
ਸ੍ਰ. ਬ੍ਰਹਮਪੁਰਾ ਨੇ ਪੰਜਾਬ ਦੇ ਲੋਕਾਂ, ਖਾਸ ਕਰਕੇ ਕਿਸਾਨ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ, “ਮੈਂ ਪੰਜਾਬ ਦੇ ਉਨ੍ਹਾਂ ਸਾਰੇ ਬਹਾਦਰ ਲੋਕਾਂ ਦਾ ਧੰਨਵਾਦ ਕਰਦਾ ਹਾਂ ਜਿੰਨ੍ਹਾਂ ਨੇ ਆਪਣੀ ਮਾਂ-ਪਾਰਟੀ, ਸ਼੍ਰੋਮਣੀ ਅਕਾਲੀ ਦਲ ‘ਤੇ ਭਰੋਸਾ ਜਤਾਇਆ। ਇਹ ਜਿੱਤ ਸਾਂਝੇ ਸੰਘਰਸ਼ ਦੀ ਜਿੱਤ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਇੱਕੋ-ਇੱਕ ਖੇਤਰੀ ਪਾਰਟੀ ਹੋਣ ਦੇ ਨਾਤੇ, ਭਵਿੱਖ ਵਿੱਚ ਵੀ ਪੰਜਾਬ ਦੇ ਹਿੱਤਾਂ ‘ਤੇ ਕੋਈ ਆਂਚ ਨਹੀਂ ਆਉਣ ਦੇਵੇਗਾ ਅਤੇ ਦਿੱਲੀ ਦੇ ਇਸ਼ਾਰਿਆਂ ‘ਤੇ ਚੱਲਣ ਵਾਲੀਆਂ ਤਾਕਤਾਂ ਖਿਲਾਫ਼ ਪਹਿਰੇਦਾਰ ਬਣ ਕੇ ਖੜ੍ਹਾ ਰਹੇਗਾ।