ਟਾਪਪੰਜਾਬ

ਲੰਬੀ ਪਟਾਕਾ ਫੈਕਟਰੀ ਧਮਾਕਾ: ਬ੍ਰਹਮਪੁਰਾ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ, ‘ਆਪ’ ਸਰਕਾਰ ਦੀ ਨਾਕਾਮੀ ਅਤੇ ਸਥਾਨਕ ਪ੍ਰਸ਼ਾਸਨ ਦੀ ਜਵਾਬਦੇਹੀ ‘ਤੇ ਜ਼ੋਰ

 ਤਰਨ ਤਾਰਨ – ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਮੀਤ ਪ੍ਰਧਾਨ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਅਤੇ ਸੀਨੀਅਰ ਆਗੂ ਗੁਰਸੇਵਕ ਸਿੰਘ ਸ਼ੇਖ ਨੇ ਅੱਜ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੱਤਰਕਾਰਾਂ ਨਾਲ ਸਾਂਝੀ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਵਿੱਚ ਪਟਾਕਾ ਬਣਾਉਣ ਵਾਲੀ ਫੈਕਟਰੀ ‘ਚ ਹੋਏ ਭਿਆਨਕ ਧਮਾਕੇ ‘ਤੇ ਗਹਿਰੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਇਸ ਦਰਦਨਾਕ ਹਾਦਸੇ ਵਿੱਚ ਪੰਜ ਕੀਮਤੀ ਮਨੁੱਖੀ ਜਾਨਾਂ ਦੇ ਚਲੇ ਜਾਣ ਅਤੇ ਕਈ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਉਕਤ ਆਗੂਆਂ ਨੇ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ।
ਇਸ ਮੌਕੇ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰ. ਬਾਦਲ ਨੇ ਤੁਰੰਤ ਏਮਜ਼ ਬਠਿੰਡਾ ਪਹੁੰਚ ਕੇ ਨਾ ਸਿਰਫ਼ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੌਸਲਾ ਦਿੱਤਾ, ਸਗੋਂ ਸਰਕਾਰ ਤੋਂ ਪੀੜਤ ਪਰਿਵਾਰਾਂ ਲਈ ਤੁਰੰਤ ਯੋਗ ਮੁਆਵਜ਼ੇ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੀ ਲੋਕਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਨੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹੀਆਂ ਦੁਖਦਾਈ ਘਟਨਾਵਾਂ ਵਾਰ-ਵਾਰ ਵਾਪਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਅੱਜ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦੀ ਤਾਂ ਅਜਿਹੀਆਂ ਘਟਨਾਵਾਂ ਕਦੇ ਨਾ ਵਾਪਰਦੀਆਂ, ਕਿਉਂਕਿ ਅਕਾਲੀ ਦਲ ਦੀ ਸਰਕਾਰ ਸਮੇਂ ਕਾਨੂੰਨ ਵਿਵਸਥਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਹਮੇਸ਼ਾ ਪਹਿਲ ਦਿੱਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਦੀ ਢਿੱਲਮੱਠ ਅਤੇ ਗੈਰ-ਕਾਨੂੰਨੀ ਕੰਮਾਂ ਨੂੰ ਨਜ਼ਰਅੰਦਾਜ਼ ਕਰਨ ਦੀ ਨੀਤੀ ਕਾਰਨ ਹੀ ਅਜਿਹੇ ਹਾਦਸੇ ਵਾਪਰ ਰਹੇ ਹਨ, ਜਿਸ ਲਈ ਸਿੱਧੇ ਤੌਰ ‘ਤੇ ਮੌਜੂਦਾ ਸਰਕਾਰ ਜ਼ਿੰਮੇਵਾਰ ਹੈ।
ਉਨ੍ਹਾਂ ਨੇ ਲੰਬੀ ਦੀ ਘਟਨਾ ਨੂੰ 2019 ਵਿੱਚ ਬਟਾਲਾ ਵਿਖੇ ਹੋਏ ਪਟਾਕਾ ਫੈਕਟਰੀ ਧਮਾਕੇ ਨਾਲ ਜੋੜਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਥਾਨਕ ਪ੍ਰਸ਼ਾਸਨ ਦੀ ਗੰਭੀਰ ਅਣਗਹਿਲੀ ਦਾ ਸਪੱਸ਼ਟ ਪ੍ਰਮਾਣ ਹਨ। ਉਨ੍ਹਾਂ ਗਹਿਰੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਖਡੂਰ ਸਾਹਿਬ ਅਤੇ ਅੰਮ੍ਰਿਤਸਰ ਲੋਕ ਸਭਾ ਹਲਕਿਆਂ ਦੇ ਕਈ ਖੇਤਰਾਂ ਵਿੱਚ ਵੀ ਅਜਿਹੇ ਗੈਰ-ਅਧਿਕਾਰਤ ਅਤੇ ਖ਼ਤਰਨਾਕ ਉਦਯੋਗ ਬਿਨਾਂ ਕਿਸੇ ਰੋਕ-ਟੋਕ ਦੇ ਚੱਲ ਰਹੇ ਹੋ ਸਕਦੇ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਅਤੇ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ, “ਆਮ ਲੋਕਾਂ ਦੀ ਜਾਨ-ਮਾਲ ਦੀ ਹਿਫ਼ਾਜ਼ਤ ਸਭ ਤੋਂ ਉੱਪਰ ਹੈ ਅਤੇ ਇਸ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਸਥਾਨਕ ਪ੍ਰਸ਼ਾਸਨ ਨੂੰ ਤੁਰੰਤ ਅਤੇ ਸਖ਼ਤੀ ਨਾਲ ਹਰਕਤ ਵਿੱਚ ਆਉਣ ਦੀ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਖਡੂਰ ਸਾਹਿਬ ਅਤੇ ਅੰਮ੍ਰਿਤਸਰ ਲੋਕ ਸਭਾ ਹਲਕਿਆਂ ਸਮੇਤ ਪੂਰੇ ਪੰਜਾਬ ਵਿੱਚ ਅਜਿਹੇ ਸਾਰੇ ਗੈਰ-ਕਾਨੂੰਨੀ ਅਦਾਰਿਆਂ ਦੀ ਤੁਰੰਤ ਸ਼ਨਾਖ਼ਤ ਕੀਤੀ ਜਾਵੇ ਅਤੇ ਅਜਿਹੇ ਦੋਸ਼ੀ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਦੀ ਪੁਨਰਾਵ੍ਰਿਤੀ ਨੂੰ ਰੋਕਿਆ ਜਾ ਸਕੇ।
ਸ੍ਰ. ਬ੍ਰਹਮਪੁਰਾ ਨੇ ਸਪੱਸ਼ਟ ਕੀਤਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਨਾਲ ਜੁੜੇ ਅਜਿਹੇ ਗੰਭੀਰ ਮੁੱਦਿਆਂ ਨੂੰ ਹਮੇਸ਼ਾ ਪਹਿਲ ਦੇ ਆਧਾਰ ‘ਤੇ ਉਠਾਉਂਦੇ ਰਹਿਣਗੇ ਅਤੇ ਸਥਾਨਕ ਪ੍ਰਸ਼ਾਸਨ ਦੀ ਜਵਾਬਦੇਹੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ, ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਹੋ ਸਕੇ ਅਤੇ ਪ੍ਰਸ਼ਾਸਨ ਲੋਕ ਹਿੱਤ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਮਜਬੂਰ ਹੋਵੇ।

Leave a Reply

Your email address will not be published. Required fields are marked *