ਵਿਕਾਸ ਦੇ ਵਿਰੁੱਧ ਨਹੀਂ ਹਾਂ, ਪਰ ਵਿਕਾਸ ਕਿਸਾਨਾਂ ਨੂੰ ਉਜਾੜ ਕੇ ਨਹੀਂ ਹੋਣਾ ਚਾਹੀਦਾ – ਸ਼੍ਰੋਮਣੀ ਅਕਾਲੀ ਦਲ

ਤਰਨ ਤਾਰਨ – ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਚੇਅਰਮੈਨ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ, ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਇੱਕ ਵਾਰ ਫ਼ਿਰ ਭਾਰਤਮਾਲਾ ਪ੍ਰੋਜੈਕਟ ਅਧੀਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਮਲੇ ਵਿੱਚ ਪਿੰਡ ਝੰਡੇਰ ਮਹਾਂਪੁਰਖਾਂ ਦੇ ਕਿਸਾਨਾਂ ਨੂੰ ਮਿਲੇ ਨਿਗੂਣੇ ਮੁਆਵਜ਼ੇ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ ਹੈ। ਅੱਜ ਪ੍ਰਭਾਵਿਤ ਕਿਸਾਨਾਂ ਦਾ ਇੱਕ ਵਫ਼ਦ ਬ੍ਰਹਮਪੁਰਾ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਬ੍ਰਹਮਪੁਰਾ ਵਿਖੇ ਮਿਲਿਆ ਅਤੇ ਆਪਣੀ ਹੱਡਬੀਤੀ ਅਤੇ ਸਰਕਾਰ ਵੱਲੋਂ ਕੀਤੀ ਜਾ ਰਹੀ ਬੇਇਨਸਾਫ਼ੀ ਤੋਂ ਜਾਣੂ ਕਰਵਾਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਿੰਡ ਝੰਡੇਰ ਮਹਾਂਪੁਰਖਾਂ, ਜਿੱਥੇ ਲਗਭਗ 72 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਹੈ ਅਤੇ ਜਿੱਥੇ ਸਰਕਾਰੀ ਟਿਊਬਵੈਲ ਲੱਗੇ ਹੋਣ ਕਾਰਨ ਜ਼ਮੀਨ ਦੀ ਵਪਾਰਕ ਮਹੱਤਤਾ ਵੀ ਸਿੱਧ ਹੁੰਦੀ ਹੈ, ਨੂੰ ਗੁਆਂਢੀ ਪਿੰਡਾਂ ਦੇ ਮੁਕਾਬਲੇ ਬਹੁਤ ਘੱਟ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਕੁਝ ਹੋਰਨਾਂ ਪਿੰਡਾਂ ਦੇ ਖੇਤਰਾਂ ਨੂੰ 68 ਲੱਖ ਰੁਪਏ ਪ੍ਰਤੀ ਏਕੜ ਅਤੇ ਪੰਚਾਇਤੀ ਜ਼ਮੀਨਾਂ ਨੂੰ 1 ਕਰੋੜ 65 ਲੱਖ ਰੁਪਏ ਪ੍ਰਤੀ ਏਕੜ ਤੱਕ ਮੁਆਵਜ਼ਾ ਮਿਲਿਆ ਹੈ, ਉੱਥੇ ਝੰਡੇਰ ਮਹਾਂਪੁਰਖਾਂ ਦੇ ਕਿਸਾਨਾਂ ਨੂੰ ਸਿਰਫ਼ 38 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇ ਕੇ ਉਨ੍ਹਾਂ ਨਾਲ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ।
ਸ੍ਰ. ਬ੍ਰਹਮਪੁਰਾ ਨੇ ਯਾਦ ਦਿਵਾਇਆ ਕਿ ਇਸ ਸਬੰਧੀ ਉਨ੍ਹਾਂ ਨੇ ਪਹਿਲਾਂ ਵੀ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ, ਨਿਤਿਨ ਗਡਕਰੀ ਜੀ ਨੂੰ ਇੱਕ ਵਿਸਥਾਰਤ ਪੱਤਰ ਲਿਖਿਆ ਸੀ, ਜਿਸ ਵਿੱਚ ਇਸ ਵਿਤਕਰੇ ਨੂੰ ਦੂਰ ਕਰਨ ਅਤੇ ਸਾਰੇ ਪ੍ਰਭਾਵਿਤ ਪਿੰਡਾਂ, ਖਾਸ ਕਰਕੇ ਝੰਡੇਰ ਮਹਾਂਪੁਰਖਾਂ, ਨੂੰ ਇੱਕਸਾਰ ਅਤੇ ਜਾਇਜ਼ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਸੀ। ਇਸ ਤੋਂ ਇਲਾਵਾ, ਸਾਰੇ ਪ੍ਰਭਾਵਿਤ ਕਿਸਾਨ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਰੁਜ਼ਗਾਰ ਦੇਣ ਦੀ ਵੀ ਅਪੀਲ ਕੀਤੀ ਗਈ ਸੀ, ਕਿਉਂਕਿ ਖ਼ੇਤੀਬਾੜੀ ਹੀ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਮੁੱਖ ਸਾਧਨ ਹੈ। ਪਰ ਅਫ਼ਸੋਸ ਦੀ ਗੱਲ ਹੈ ਕਿ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਠੋਸ ਕਾਰਵਾਈ ਨਹੀਂ ਹੋਈ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਅਤੇ ਨਿਰਾਸ਼ਾ ਹੈ। ਇਸੇ ਸਿਲਸਿਲੇ ਵਿੱਚ, ਸ੍ਰ. ਬ੍ਰਹਮਪੁਰਾ ਨੇ ਅੱਜ ਮੁੜ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਜੀ ਨੂੰ ਇੱਕ ਯਾਦ-ਪੱਤਰ ਭੇਜ ਕੇ ਉਨ੍ਹਾਂ ਦਾ ਧਿਆਨ ਇਸ ਗੰਭੀਰ ਮੁੱਦੇ ਵੱਲ ਦਿਵਾਇਆ ਹੈ ਅਤੇ ਉਮੀਦ ਪ੍ਰਗਟਾਈ ਹੈ ਕਿ ਉਹ ਕਿਸਾਨਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਦੇ ਹੋਏ ਛੇਤੀ ਹੀ ਕੋਈ ਸਾਰਥਕ ਕਦਮ ਚੁੱਕਣਗੇ।
ਉਨ੍ਹਾਂ ਨੇ ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆ ਨੂੰ ਵੀ ਤਾਕੀਦ ਕੀਤੀ ਕਿ ਉਹ ਇਸ ਮਸਲੇ ਸਬੰਧੀ ਕੇਂਦਰ ਸਰਕਾਰ ਨਾਲ ਤੁਰੰਤ ਰਾਬਤਾ ਕਾਇਮ ਕਰਕੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਿਸਾਨਾਂ ਲਈ ਢੁਕਵੇਂ ਮੁਆਵਜ਼ੇ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਚੁੱਕਣ ਅਤੇ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਤਾਂ ਜੋ ਪੀੜਤ ਕਿਸਾਨਾਂ ਨੂੰ ਇਨਸਾਫ਼ ਮਿਲ ਸਕੇ।
ਉਨ੍ਹਾਂ ਕਿਹਾ, “ਅਸੀਂ ਵਿਕਾਸ ਦੇ ਵਿਰੁੱਧ ਨਹੀਂ ਹਾਂ, ਪਰ ਵਿਕਾਸ ਕਿਸਾਨਾਂ ਨੂੰ ਉਜਾੜ ਕੇ ਨਹੀਂ ਹੋਣਾ ਚਾਹੀਦਾ। ਸਰਕਾਰ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਦੀ ਭਲਾਈ ਨੂੰ ਪਹਿਲ ਦੇਵੇ ਅਤੇ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਯਕੀਨੀ ਬਣਾਵੇ। ਝੰਡੇਰ ਮਹਾਂਪੁਰਖਾਂ ਅਤੇ ਹੋਰ ਪ੍ਰਭਾਵਿਤ ਪਿੰਡਾਂ ਜਿੰਨਾਂ ਵਿੱਚ ਧੁੰਦਾ, ਖੱਖ, ਦੀਨੇਵਾਲ, ਜਹਾਂਗੀਰ ਅਤੇ ਖਵਾਸਪੁਰ ਦੇ ਜ਼ਮੀਨ ਮਾਲਕਾਂ ਨੂੰ ਉਨ੍ਹਾਂ ਦੀ ਜ਼ਮੀਨ ਐਕਵਾਇਰ ਕਰਨ ਦੇ ਬਦਲੇ ਬਾਜ਼ਾਰੀ ਕੀਮਤ ਤੋਂ ਘੱਟੋ-ਘੱਟ ਛੇ ਗੁਣਾ ਵੱਧ ਮੁਆਵਜ਼ਾ ਮਿਲਣਾ ਚਾਹੀਦਾ ਹੈ।
ਸ੍ਰ. ਬ੍ਰਹਮਪੁਰਾ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਤੋਂ ਜਲਦੀ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਅਤੇ ਪੀੜਤ ਕਿਸਾਨਾਂ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਪੱਧਰ ‘ਤੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਹੱਕਾਂ ਲਈ ਹਰ ਪੱਧਰ ‘ਤੇ ਆਵਾਜ਼ ਉਠਾਉਂਦੇ ਰਹਿਣਗੇ।
ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਸੁੱਖ ਚੁਤਾਲਾ, ਬਲਕਾਰ ਸਿੰਘ ਸ਼ੇਰੋਂ, ਮਨਦੀਪ ਸਿੰਘ ਸ਼ੇਰੋਂ, ਅਤੇ ਹਰਪ੍ਰੀਤ ਸਿੰਘ (ਸਮਾਰਟ ਸਿਟੀ) ਵੀ ਹਾਜ਼ਰ ਸਨ। ਉਨ੍ਹਾਂ ਸਾਰਿਆਂ ਨੇ ਬ੍ਰਹਮਪੁਰਾ ਵੱਲੋਂ ਚੁੱਕੇ ਗਏ ਇਸ ਕਦਮ ਦੀ ਸ਼ਲਾਘਾ ਕੀਤੀ ਅਤੇ ਪੀੜਤ ਕਿਸਾਨਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।