ਸ਼੍ਰੋਮਣੀ ਅਕਾਲੀ ਦਲ ਨੇ ‘ਨਸ਼ਾ ਮੁਕਤੀ ਯਾਤਰਾ’ ਨੂੰ ਮਹਿਜ਼ ਇੱਕ ਡਰਾਮਾ ਕਰਾਰ ਦਿੱਤਾ; ਬ੍ਰਹਮਪੁਰਾ ਨੇ ਕਿਹਾ, ਜ਼ਮੀਨੀ ਹਕੀਕਤਾਂ ‘ਚ ਕੋਈ ਬਦਲਾਅ ਨਹੀਂ
ਤਰਨ ਤਾਰਨ -ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤੀ ਯਾਤਰਾ’ ਨੂੰ ਨਸ਼ਿਆਂ ਦੀ ਸਮੱਸਿਆ ਹੱਲ ਕਰਨ ਦੀ ਬਜਾਏ, ਸਿਰਫ਼ ਇੱਕ ਲੋਕ ਦਿਖਾਵਾ ਅਤੇ ਸਿਆਸੀ ਚਾਲ ਕਰਾਰ ਦਿੱਤਾ ਹੈ। ਤਰਨ ਤਾਰਨ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਦਿੱਤੇ ਬਿਆਨਾਂ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਪਹਿਲਾਂ ਨਾਲੋਂ ਵੀ ਵੱਧ ਗਿਆ ਹੈ, ਅਤੇ ਸਰਕਾਰ ਦੇ ਦਾਅਵੇ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹਨ।
ਸ੍ਰ. ਬ੍ਰਹਮਪੁਰਾ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ‘ਨਸ਼ਾ ਮੁਕਤੀ ਯਾਤਰਾ’ ਦੇ ਨਾਮ ‘ਤੇ ਜੋ ਡਰਾਮਾ ਕੀਤਾ ਜਾ ਰਿਹਾ ਹੈ, ਉਹ ਨਸ਼ਿਆਂ ਦੀ ਸਮੱਸਿਆ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਤੋਂ ਇਲਾਵਾ ਹੋਰ ਕੁਝ ਨਹੀਂ। ਜੇਕਰ ਸਰਕਾਰ ਨਸ਼ੇ ਖ਼ਤਮ ਕਰਨ ਲਈ ਗੰਭੀਰ ਹੈ, ਤਾਂ ਫ਼ਿਰ ਸੂਬੇ ਸਮੇਤ ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਚਿੱਟੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਵਿੱਚ ਕਮੀ ਕਿਉਂ ਨਹੀਂ ਆ ਰਹੀ? ਅੱਜ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ ਅਤੇ ਸਾਡੇ ਨੌਜਵਾਨ ਇਸ ਦੀ ਦਲਦਲ ਵਿੱਚ ਹੋਰ ਡੂੰਘੇ ਫਸ ਰਹੇ ਹਨ।
ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਢਾਹੁਣ ਦੇ ਦਾਅਵੇ ਵੀ ਬੇਬੁਨਿਆਦ ਹਨ। ਅਸਲ ਵਿੱਚ, ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਜੇਕਰ ਸਰਕਾਰ ਸੱਚਮੁੱਚ ਨਸ਼ੇ ਖ਼ਤਮ ਕਰਨਾ ਚਾਹੁੰਦੀ ਹੈ, ਤਾਂ ਉਨ੍ਹਾਂ ਨੂੰ ਵੱਡੇ ਮਗਰਮੱਛਾਂ ਨੂੰ ਫੜਨਾ ਚਾਹੀਦਾ ਹੈ, ਨਾ ਕਿ ਸਿਰਫ਼ ਛੋਟੇ ਤਸਕਰਾਂ ‘ਤੇ ਕਾਰਵਾਈ ਕਰਕੇ ਆਪਣੀ ਪਿੱਠ ਥਪਥਪਾਉਣੀ ਚਾਹੀਦੀ ਹੈ।
ਸ੍ਰ. ਬ੍ਰਹਮਪੁਰਾ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਨਸ਼ਾ ਮੁਕਤੀ ਯਾਤਰਾ ਸਫ਼ਲ ਹੈ ਅਤੇ ਸਰਕਾਰ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ, ਤਾਂ ਫ਼ਿਰ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਬਜਾਏ “ਨਸ਼ਾ ਮੁਕਤੀ ਯਾਤਰਾਵਾਂ” ਕਿਉਂ ਕੀਤੀਆਂ ਜਾ ਰਹੀਆਂ ਹਨ? ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀਆਂ ਨਾਕਾਮੀਆਂ ਦਾ ਸਬੂਤ ਹੈ ਕਿ ਉਹ ਨਸ਼ਿਆਂ ‘ਤੇ ਕਾਬੂ ਪਾਉਣ ਵਿੱਚ ਅਸਫ਼ਲ ਰਹੀ ਹੈ ਅਤੇ ਹੁਣ ਲੋਕਾਂ ਦਾ ਧਿਆਨ ਭਟਕਾਉਣ ਲਈ ਨਵੀਆਂ ਨਵੀਆਂ ਤਰਕੀਬਾਂ ਜਿਵੇਂ ਕਿ “ਯੁੱਧ ਨਸ਼ਿਆਂ ਵਿਰੁੱਧ” – “ਨਸ਼ਾ ਮੁਕਤੀ ਯਾਤਰਾ” ਦਾ ਐਲਾਨ ਕਰ ਰਹੀ ਹੈ।
ਸ੍ਰ. ਬ੍ਰਹਮਪੁਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਲੋਕ ਦਿਖਾਵੇ ਦੀ ਬਜਾਏ, ਜ਼ਮੀਨੀ ਪੱਧਰ ‘ਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਠੋਸ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਮਿਲਣੀ ਬੰਦ ਨਹੀਂ ਹੋਵੇਗੀ, ਉਦੋਂ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸੰਭਵ ਨਹੀਂ ਹੋਵੇਗਾ। ਸ੍ਰ. ਬ੍ਰਹਮਪੁਰਾ ਨੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ‘ਨਸ਼ਾ ਮੁਕਤੀ ਯਾਤਰਾ’ ਦੇ ਅਸਲੀ ਮਕਸਦ ਨੂੰ ਸਮਝਣ ਅਤੇ ਸਰਕਾਰ ਨੂੰ ਨਸ਼ਿਆਂ ਖ਼ਿਲਾਫ਼ ਅਸਲੀ ਕਾਰਵਾਈ ਕਰਨ ਲਈ ਮਜਬੂਰ ਕਰਨ ਤਾਂ ਜੋ ਸਹੀ ਦਿਸ਼ਾ ਵਿੱਚ ਨਸ਼ੇ ਦੇ ਤਸਕਰਾਂ ਨੂੰ ਕਾਬੂ ਕੀਤਾ ਜਾ ਸਕੇ।