ਟਾਪਪੰਜਾਬ

ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਕੌਮੀ ਦਰਜ਼ਾ ਦੇਣਾ ਮੋਦੀ ਸਰਕਾਰ ਵੱਲੋਂ ਸਿੱਖੀ ਪ੍ਰਤੀ ਅਥਾਹ ਸ਼ਰਧਾ : ਅਰਵਿੰਦ ਖੰਨਾ

ਚੰਡੀਗੜ੍ਹ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੌਮੀ ਦਰਜ਼ਾ ਦੇ ਕੇ ਵੀਰ ਬਾਲ ਦਿਵਸ ਦਾ ਐਲਾਨ ਕਰਨਾ ਉਨ੍ਹਾਂ ਦੀ ਸਿੱਖੀ ਪ੍ਰਤੀ ਅਥਾਹ ਸ਼ਰਧਾ ਦੀ ਨਿਸ਼ਾਨੀ ਹੈ। ਖੰਨਾ ਨੇ ਕਿਹਾ ਕਿ ਮੋਦੀ ਨੇ ਇਹ ਐਲਾਨ ਕਰਕੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਰਾਸ਼ਟਰੀ ਪੱਧਰ ਤੇ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਐਲਾਨ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਇਹ ਗਾਥਾ ਕਿਸੇ ਇੱਕ ਭਾਈਚਾਰੇ ਤੱਕ ਸੀਮਿਤ ਨਹੀਂ ਹੈ ਬਲਕਿ ਸਮੁੱਚੇ ਭਾਰਤ ਦੀ ਸਾਂਝੀ ਹੈ। ਖੰਨਾ ਨੇ ਕਿਹਾ ਕਿ ਇਸ ਐਲਾਨ ਦੀ ਬਦੌਲਤ ਦੇਸ਼ ਭਰ ਦੇ ਨਾਗਰਿਕ ਇਸ ਸ਼ਹਾਦਤ ਨੂੰ ਸਜ਼ਦਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿੱਖ ਭਾਈਚਾਰੇ ਦੀਆਂ ਮਹਾਨ ਸ਼ਹਾਦਤਾਂ ਨੂੰ ਸਤਿਕਾਰ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਸ਼ਹਾਦਤਾਂ ਸਮੁੱਚੇ ਦੇਸ਼ ਦੀਆਂ ਕਦਰਾਂ ਅਤੇ ਕੀਮਤਾਂ ਨੂੰ ਮਜ਼ਬੂਤ ਕਰਨ ਵਾਲੀਆਂ ਹਨ ਅਤੇ ਭਾਰਤੀ ਸੱਭਿਆਚਾਰ ਦੀ ਬੁਨਿਆਦ ਹਨ।ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਛੋਟੀ ਉਮਰ ਵਿੱਚ ਦ੍ਰਿੜਤਾ ਲਾਮਿਸਾਲ ਹੈ, ਜਿਸ ਅੱਗੇ ਹਰ ਇੱਕ ਦਾ ਸਿਰ ਆਪਣੇ ਆਪ ਝੁਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦੀ ਦਿਹਾੜੇ ਮੌਕੇ ਹਰ ਧਰਮ ਦੇ ਲੋਕਾਂ ਵੱਲੋਂ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸਜ਼ਦਾ ਕਰਨ ਲਈ ਪੁੱਜਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਕੁਰਬਾਨੀਆਂ ਹਰ ਇੱਕ ਦੇ ਸਤਿਕਾਰ ਦੀਆਂ ਪਾਤਰ ਹਨ। ਇਸ ਭਾਵਨਾ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦਿਵਸ ਨੂੰ ਵੀਰ ਬਾਲ ਦਿਵਸ ਐਲਾਨ ਕੇ ਦੇਸ਼ ਭਰ ਵਿੱਚ ਇਸ ਪ੍ਰਤੀ ਸਤਿਕਾਰ ਵਾਲਾ ਜਜ਼ਬਾ ਪੈਦਾ ਕਰਨ ਵਿੱਚ ਪਹਿਲ ਕੀਤੀ ਹੈ।

Leave a Reply

Your email address will not be published. Required fields are marked *