ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹਮਲੇ ਦੀ 41ਵੀਂ ਬਰਸੀ: ਸਿੱਖ ਕੌਮ ਅੱਜ ਵੀ ਇਨਸਾਫ਼ ਲਈ ਸੰਘਰਸ਼ਸ਼ੀਲ – ਬ੍ਰਹਮਪੁਰਾ

ਸ੍ਰ. ਬ੍ਰਹਮਪੁਰਾ ਨੇ ਕਿਹਾ, “ਅੱਜ ਤੋਂ 41 ਸਾਲ ਪਹਿਲਾਂ, 1 ਜੂਨ 1984 ਨੂੰ ਭਾਰਤੀ ਫੌਜ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤਾ ਗਿਆ ਹਮਲਾ, ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਸਿੱਖ ਵਿਰੋਧੀ ਸੋਚ ਦਾ ਸਿਖਰ ਸੀ। ਇਹ ਹਮਲਾ ਸਿਰਫ਼ ਇਮਾਰਤਾਂ ‘ਤੇ ਨਹੀਂ, ਸਗੋਂ ਸਿੱਖਾਂ ਦੀ ਆਨ, ਸ਼ਾਨ, ਇਤਿਹਾਸ ਅਤੇ ਸਾਡੇ ਗੁਰੂਆਂ ਵੱਲੋਂ ਬਖਸ਼ੀ ਜੀਵਨ-ਜਾਚ ‘ਤੇ ਸਿੱਧਾ ਹਮਲਾ ਸੀ। ਇਸ ਘੱਲੂਘਾਰੇ ਵਿੱਚ ਹਜ਼ਾਰਾਂ ਨਿਰਦੋਸ਼ ਸਿੱਖ ਸ਼ਰਧਾਲੂ ਸ਼ਹੀਦ ਹੋਏ ਅਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਅਨਮੋਲ ਖਜ਼ਾਨਾ ਤਬਾਹ ਕਰ ਦਿੱਤਾ ਗਿਆ।
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, “ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਸਾਡੇ ਲਈ ਇੱਕ ਮਹਾਨ ਸ਼ਹੀਦ ਅਤੇ ਸੰਤ ਸਿਪਾਹੀ ਸਨ, ਜਿਨ੍ਹਾਂ ਨੇ ਸਿੱਖੀ ਸਿਧਾਂਤਾਂ ਦੀ ਰਾਖੀ ਅਤੇ ਕੌਮ ਦੇ ਹੱਕਾਂ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਖਤਮ ਕਰਨ ਦੇ ਨਾਂ ‘ਤੇ ਸਮੁੱਚੀ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ।
ਸ੍ਰ. ਬ੍ਰਹਮਪੁਰਾ ਨੇ ਕਾਂਗਰਸ ਪਾਰਟੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ, “ਕਾਂਗਰਸ ਪਾਰਟੀ ਇਸ ਘਿਨਾਉਣੇ ਅਪਰਾਧ ਲਈ ਮੁੱਖ ਤੌਰ ‘ਤੇ ਜ਼ਿੰਮੇਵਾਰ ਹੈ। ਅਸੀਂ ਮੰਗ ਕਰਦੇ ਹਾਂ ਕਿ ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਉਹਨਾਂ ਆਗੂਆਂ ਦੀ ਵੀ ਜਵਾਬਦੇਹੀ ਤੈਅ ਕੀਤੀ ਜਾਵੇ, ਜੋ ਉਸ ਸਮੇਂ ਇਸ ਜ਼ੁਲਮ ਵਿੱਚ ਭਾਈਵਾਲ ਸਨ ਜਾਂ ਚੁੱਪ ਵੱਟ ਕੇ ਇਸ ਨੂੰ ਸਹਿਮਤੀ ਦਿੰਦੇ ਰਹੇ।
ਉਨ੍ਹਾਂ ਅੱਗੇ ਕਿਹਾ, “ਮੈਂ, ਰਵਿੰਦਰ ਸਿੰਘ ਬ੍ਰਹਮਪੁਰਾ, ਖਡੂਰ ਸਾਹਿਬ ਦੀ ਪਵਿੱਤਰ ਧਰਤੀ ਤੋਂ, ਇਹ ਅਹਿਦ ਲੈਂਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਕੌਮ ਨਾਲ ਹੋਏ ਇਸ ਅਨਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ਅਸੀਂ ਇਸ ਮਾਮਲੇ ਨੂੰ ਕੌਮੀ ਅਤੇ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾਵਾਂ ਜਿਵੇਂ ਕਿ ਐਮਨੈਸਟੀ ਇੰਟਰਨੈਸ਼ਨਲ, ਹਿਊਮਨ ਰਾਈਟਸ ਵਾਚ ਅਤੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਧਿਆਨ ਵਿੱਚ ਲਿਆਉਣ ਲਈ ਵਚਨਬੱਧ ਹਾਂ ਤਾਂ ਜੋ ਦੁਨੀਆ ਨੂੰ ਪਤਾ ਲੱਗੇ ਕਿ ਕਿਵੇਂ ਇੱਕ ਚੁਣੀ ਹੋਈ ਸਰਕਾਰ ਨੇ ਆਪਣੇ ਹੀ ਨਾਗਰਿਕਾਂ ‘ਤੇ ਅੱਤਿਆਚਾਰ ਕੀਤਾ।
ਸ੍ਰ. ਬ੍ਰਹਮਪੁਰਾ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਏਕਤਾ ਬਣਾ ਕੇ ਰੱਖਣ ਅਤੇ ਇਨਸਾਫ਼ ਦੀ ਇਸ ਲੜਾਈ ਨੂੰ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਜਾਰੀ ਰੱਖਣ। ਉਨ੍ਹਾਂ ਕਿਹਾ, “ਸਾਡਾ ਸੰਘਰਸ਼ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸਿੱਖ ਕੌਮ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣ ਤੱਕ ਜਾਰੀ ਰਹੇਗਾ।