ਟਾਪਦੇਸ਼-ਵਿਦੇਸ਼

ਹਲਕਾ ਘਨੌਰ ਵਿੱਚ ਬੀਬੀ ਪਰਮਿੰਦਰ ਕੌਰ ਝਿੰਜਰ ਦੀ ਅਗਵਾਈ ਵਿੱਚ ਇਸਤਰੀ ਵਿੰਗ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

 ਘਨੌਰ-ਅੱਜ ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਬੀਬੀ ਪਰਮਿੰਦਰ ਕੌਰ ਝਿੰਜਰ ਦੀ ਅਗਵਾਈ ਹੇਠ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਬੀਬੀਆਂ ਨੇ ਇਕੱਠੇ ਹੋ ਕੇ ਸਰਕਾਰ ਦੀਆਂ ਨੀਤੀਆਂ ਅਤੇ ਬਿਆਨਬਾਜ਼ੀ ਦਾ ਕੜਾ ਵਿਰੋਧ ਕੀਤਾ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਬੀਬੀ ਪਰਮਿੰਦਰ ਕੌਰ ਝਿੰਜਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਿਲਾ ਦਿਵਸ ਦੇ ਮੌਕੇ ਔਰਤਾਂ ਬਾਰੇ ਵਰਤੀ ਗਈ ਭਾਸ਼ਾ ਬਹੁਤ ਹੀ ਭੱਦੀ ਅਤੇ ਅਪਮਾਨਜਨਕ ਸੀ, ਜਿਸ ਨਾਲ ਪੰਜਾਬ ਦੀਆਂ ਮਹਿਲਾਵਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਆਪਣੇ ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ। ਬੀਬੀ ਝਿੰਜਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੌਜੂਦਾ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ, ਪਰ ਹੁਣ ਜਦੋਂ ਚੋਣਾਂ ਨੇੜੇ ਆ ਗਈਆਂ ਹਨ ਤਾਂ ਵੋਟਾਂ ਦਾ ਲਾਹਾ ਲੈਣ ਲਈ 1000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਅਤੇ ਸ਼ਰਤਾਂ ਲਗਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਨਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਪਿਛਲੇ ਚਾਰ ਸਾਲਾਂ ਦੇ ਕਰੀਬ 48 ਹਜ਼ਾਰ ਰੁਪਏ ਮਹਿਲਾਵਾਂ ਨੂੰ ਦੇਣੇ ਚਾਹੀਦੇ ਹਨ।

ਬੀਬੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਅੱਗੇ ਵੀ ਡੱਟ ਕੇ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾਂ ਮਹਿਲਾਵਾਂ ਦੇ ਸਨਮਾਨ, ਕਿਸਾਨਾਂ ਦੇ ਹੱਕਾਂ ਅਤੇ ਪੰਜਾਬ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਲੋਕਾਂ ਦਾ ਭਰੋਸਾ ਅੱਜ ਵੀ ਅਕਾਲੀ ਦਲ ‘ਤੇ ਕਾਇਮ ਹੈ।

ਬੀਬੀ ਪਰਮਿੰਦਰ ਕੌਰ ਝਿੰਜਰ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਮੌਜੂਦਾ ਸਰਕਾਰ ਸਿਰਫ਼ ਝੂਠੇ ਦਾਅਵੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਆਪਣੇ ਅਧਿਕਾਰਾਂ ਲਈ ਇਕੱਠੀਆਂ ਹੋ ਚੁੱਕੀਆਂ ਹਨ। ਪੰਜਾਬ ਦੇ ਲੋਕ ਹੁਣ ਮੌਜੂਦਾ ਸਰਕਾਰ ਦੇ ਝੂਠੇ ਲਾਰਿਆਂ ਅਤੇ ਦਾਅਵਿਆਂ ਵਿੱਚ ਨਹੀਂ ਆਉਣਗੇ। ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਲੋਕ ਇਸ ਸਰਕਾਰ ਨੂੰ ਕਰਾਰਾ ਜਵਾਬ ਦੇ ਕੇ ਇਨ੍ਹਾਂ ਦਾ ਬਿਸਤਰਾ ਗੋਲ ਕਰਨਗੇ।

ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਘਨੌਰ ਵਿੱਚ ਹੋਇਆ ਭਾਰੀ ਇਕੱਠ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਦੀਆਂ ਮਹਿਲਾਵਾਂ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਬਿਆਨਬਾਜ਼ੀ ਤੋਂ ਬਹੁਤ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਪੰਜਾਬ ਦੀਆਂ ਧੀਆਂ ਅਤੇ ਮਹਿਲਾਵਾਂ ਦੇ ਮਾਣ-ਸਤਿਕਾਰ ਲਈ ਡੱਟ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ।

ਇਸ ਰੋਸ ਪ੍ਰਦਰਸ਼ਨ ਵਿੱਚ ਵਿਸ਼ੇਸ਼ ਤੌਰ ਉੱਤੇ ਜਥੇਦਾਰ ਜਸਮੇਰ ਸਿੰਘ ਲਾਛੜੂ, ਇਸਤਰੀ ਵਿੰਗ ਅਕਾਲੀ ਦਲ ਹਲਕਾ ਘਨੌਰ ਦੀ ਆਗੂ ਬੀਬੀ ਜਸਪਾਲ ਕੌਰ ਬਾਰਨ, ਇਸਤਰੀ ਵਿੰਗ ਦੀ ਸਾਬਕਾ ਪ੍ਰਧਾਨ ਬੀਬੀ ਬਲਵਿੰਦਰ ਕੌਰ ਚੀਮਾ, ਅਤੇ ਕਈ ਹੋਰ ਅਕਾਲੀ ਆਗੂ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਰਹੀਆਂ।

Leave a Reply

Your email address will not be published. Required fields are marked *