ਟਾਪਪੰਜਾਬ

ਨਛੱਤਰ ਗਿੱਲ ਦੀ ਗ੍ਰਿਫ਼ਤਾਰੀ ‘ਆਪ’ ਸਰਕਾਰ ਦੀ ਬਦਲਾਖੋਰ ਰਾਜਨੀਤੀ ਦਾ ਸਿਖਰ; ਪੁਲਿਸ ‘ਆਪ’ ਦੇ ‘ਗੁੰਡਾ ਵਿੰਗ’ ਵਜੋਂ ਕੰਮ ਕਰ ਰਹੀ – ਬ੍ਰਹਮਪੁਰਾ

ਤਰਨ ਤਾਰਨ – ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ‘ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਆਈ.ਟੀ. ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਨੂੰ ‘ਆਪ’ ਸਰਕਾਰ ਦੀ ਸਿਆਸੀ ਬੁਖਲਾਹਟ ਅਤੇ ਸਭ ਤੋਂ ਘਟੀਆ ਹਰਕਤ ਕਰਾਰ ਦਿੱਤਾ ਹੈ।
ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਨਛੱਤਰ ਗਿੱਲ ਨੂੰ ਸਿਰਫ਼ ਇਸ ਲਈ ਨਿਸ਼ਾਨਾ ਬਣਾਇਆ ਗਿਆ ਹੈ ਕਿਉਂਕਿ ਉਨ੍ਹਾਂ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਐਸ.ਐਸ.ਪੀ. ਦਫ਼ਤਰ ਅੱਗੇ ਪੁਲਿਸ ਪ੍ਰਸ਼ਾਸਨ ਦੀ ਸ਼ਰੇਆਮ ਧੱਕੇਸ਼ਾਹੀ ਅਤੇ ਪੱਖਪਾਤ ਨੂੰ ਦਲੇਰੀ ਨਾਲ ਸੋਸ਼ਲ ਮੀਡੀਆ ‘ਤੇ ਬੇਨਕਾਬ ਕੀਤਾ ਸੀ। ‘ਆਪ’ ਸਰਕਾਰ ਸੱਚ ਦੀ ਇਸ ਆਵਾਜ਼ ਤੋਂ ਬੁਰੀ ਤਰ੍ਹਾਂ ਡਰ ਗਈ ਹੈ ਅਤੇ ਹੁਣ ਗ੍ਰਹਿ ਵਿਭਾਗ ਦੀ ਦੁਰਵਰਤੋਂ ਕਰਕੇ ਬਦਲਾਖੋਰੀ ‘ਤੇ ਉਤਰ ਆਈ ਹੈ।
ਉਨ੍ਹਾਂ ਕਿਹਾ ਕਿ ਡੀ.ਐਸ.ਪੀ. ਅਤੁਲ ਸੋਨੀ ਦੀ ਅਗਵਾਈ ਹੇਠ ਸੀ.ਆਈ.ਏ. ਟੀਮਾਂ ਵੱਲੋਂ ਇੱਕ ਨੌਜਵਾਨ ਨੂੰ ਅੰਮ੍ਰਿਤਸਰ ਦੇ ਕੈਫੇ ‘ਚੋਂ ਦੋਸਤਾਂ ਨਾਲ ਬੈਠਿਆਂ ਜ਼ਬਰਨ ਚੁੱਕਣਾ ਸਾਬਤ ਕਰਦਾ ਹੈ ਕਿ ਪੰਜਾਬ ਪੁਲਿਸ ਕਾਨੂੰਨ ਦੀ ਰਾਖੀ ਦੀ ਬਜਾਏ ‘ਆਪ’ ਦੇ ‘ਗੁੰਡਾ ਵਿੰਗ’ ਵਜੋਂ ਕੰਮ ਕਰ ਰਹੀ ਹੈ। ਪੁਲਿਸ ਵੱਲੋਂ ਕੈਫੇ ਦੇ (ਡੀ.ਵੀ.ਆਰ.) ਨੂੰ ਜ਼ਬਤ ਕਰਨਾ ਸਬੂਤ ਮਿਟਾਉਣ ਅਤੇ ਆਪਣੀ ਗੈਰ-ਕਾਨੂੰਨੀ ਕਾਰਵਾਈ ‘ਤੇ ਪਰਦਾ ਪਾਉਣ ਦੀ ਸਿੱਧੀ ਕੋਸ਼ਿਸ਼ ਹੈ।
ਸ੍ਰ. ਬ੍ਰਹਮਪੁਰਾ ਨੇ ਕਿਹਾ, “ਅਸਲ ਵਿੱਚ ‘ਆਪ’ ਸਰਕਾਰ, ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਲਗਾਤਾਰ ਵੱਧ ਰਹੇ ਗ੍ਰਾਫ ਤੋਂ ਪੂਰੀ ਤਰ੍ਹਾਂ ਵਾਕਫ਼ ਹੋ ਚੁੱਕੀ ਹੈ। ਭਗਵੰਤ ਮਾਨ ਅਤੇ ਉਨ੍ਹਾਂ ਦੀ ਦਿੱਲੀ ਵਾਲੀ ਲੀਡਰਸ਼ਿਪ ਨੂੰ ਹੁਣ ਇਹ ਪਤਾ ਲੱਗ ਚੁੱਕਾ ਹੈ ਕਿ ਪੰਜਾਬ ਦੇ ਲੋਕ ਇੰਨ੍ਹਾਂ ਤੋਂ ਅੱਕ ਚੁੱਕੇ ਹਨ ਅਤੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਜ਼ੋਰਦਾਰ ਗਠਨ ਹੋਵੇਗਾ ਜੋ ਪੰਜਾਬ ਦੀ ਭਲਾਈ ਲਈ ਵਚਨਬੱਧ ਹੈ। ਇਸੇ ਹਾਰ ਦੇ ਡਰ ਕਾਰਨ ਉਹ ਹੁਣ ਅਕਾਲੀ ਵਰਕਰਾਂ ‘ਤੇ ਝੂਠੇ ਪਰਚੇ ਪਾਉਣ ਦੀ ਘਟੀਆ ਰਾਜਨੀਤੀ ਕਰ ਰਹੇ ਹਨ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ‘ਸਰਕਾਰੀ ਗੁੰਡਾਗਰਦੀ’ ਅਤੇ ਲੋਕਤੰਤਰ ਦੇ ਘਾਣ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਜੇਕਰ ਨਛੱਤਰ ਸਿੰਘ ਗਿੱਲ ਨੂੰ ਤੁਰੰਤ ਬਿੰਨਾਂ ਸ਼ਰਤ ਰਿਹਾਅ ਨਾ ਕੀਤਾ ਗਿਆ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਨਾ ਹੋਈ, ਤਾਂ ‘ਆਪ’ ਸਰਕਾਰ ਇਸ ਸਰਕਾਰੀ ਜ਼ਬਰ ਖਿਲਾਫ਼ ਇੱਕ ਤਿੱਖੇ ਅਤੇ ਵੱਡੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

Leave a Reply

Your email address will not be published. Required fields are marked *