ਪਾਕਿਸਤਾਨ ਤੋਂ ਆਏ 49 ਸ਼ਰਧਾਲੂਆਂ ਦੇ ਜਥੇ ਨੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪਾਕਿਸਤਾਨੀ ਸ਼ਰਧਾਲੂਆਂ ਨਾਲ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਭੁੱਟਾ ਤੇ ਹੋਰ।
ਫਤਹਿਗੜ੍ਹ ਸਾਹਿਬ : ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਤੋਂ 49 ਸ਼ਰਧਾਲੂਆਂ ਦਾ ਇੱਕ ਜਥਾ ਭਾਰਤ ਦੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਤਹਿਤ ਇਤਿਹਾਸਕ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਮੌਕੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪੁੱਜਣ ’ਤੇ ਜਥੇ ਦਾ ਸਵਾਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ ਅਤੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ ਦੇ ਆਗੂ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ 49 ਮੈਂਬਰੀ ਜਥਾ ਪਹਿਲੀ ਵਾਰ ਭਾਰਤ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਆਇਆ ਹੈ। ਉਨ੍ਹਾਂ ਦੱਸਿਆ ਕਿ ਇਹ ਜਥਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ, ਦਿੱਲੀ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਸਮੇਤ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰੇਗਾ। ਉਨ੍ਹਾਂ ਕਿਹਾ ਕਿ ਇੱਥੇ ਪਹੁੰਚਣ ’ਤੇ ਉਨ੍ਹਾਂ ਨੂੰ ਬੇਹੱਦ ਖ਼ੁਸ਼ੀ ਮਿਲੀ ਹੈ ਅਤੇ ਸੰਗਤਾਂ ਵੱਲੋਂ ਉਨ੍ਹਾਂ ਦਾ ਬਹੁਤ ਨਿੱਘਾ ਸਵਾਗਤ ਕੀਤਾ ਗਿਆ ਹੈ। ਉਹਨਾਂ ਚੰਗੇ ਪ੍ਰਬੰਧਾਂ ਲਈ ਭਾਰਤ ਸਰਕਾਰ ਦੀ ਸਲਾਘਾ ਕੀਤੀ।
ਉਨ੍ਹਾਂ ਵੀਜ਼ਾ ਪ੍ਰਕਿਰਿਆ ਅਤੇ ਯਾਤਰਾ ਦੌਰਾਨ ਪੂਰਨ ਸਹਿਯੋਗ ਲਈ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਭੁਪਿੰਦਰ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਦੋਹਾਂ ਪਾਸਿਆਂ ਦੀਆਂ ਸੰਗਤਾਂ ਨੂੰ ਇੱਕ-ਦੂਜੇ ਦੇ ਦੇਸ਼ਾਂ ਵਿੱਚ ਸਥਿਤ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਦੀ ਖੁੱਲ੍ਹ ਦਿੱਤੀ ਜਾਵੇ ਅਤੇ ਸਿਆਸਤ ਨੂੰ ਪਾਸੇ ਰੱਖ ਕੇ ਯਾਤਰੀਆਂ ਦੇ ਆਉਣ-ਜਾਣ ਲਈ ਨਿਯਮਾਂ ਨੂੰ ਹੋਰ ਸਰਲ ਬਣਾਇਆ ਜਾਵੇ ਤਾਂ ਜੋ ਆਪਸੀ ਸਾਂਝ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਪਾਕਿਸਤਾਨ ਵਿੱਚ ਗੁਰਧਾਮਾਂ ਦੀ ਸਥਿਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਉੱਥੇ ਗੁਰਧਾਮ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਸਿੱਖ ਸੰਗਤਾਂ ਉਨ੍ਹਾਂ ਦੀ ਦੇਖਭਾਲ ਪੂਰੀ ਸ਼ਰਧਾ ਨਾਲ ਕਰ ਰਹੀਆਂ ਹਨ।
