ਟਾਪਪੰਜਾਬ

ਮੁੱਖ ਮੰਤਰੀ ਤੁਰੰਤ ‘ਰਾਹਤ ਫੰਡ’ ਜਾਰੀ ਕਰਨ – ਬ੍ਰਹਮਪੁਰਾ

ਤਰਨ ਤਾਰਨ – ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕੇ ਦੇ ਹੜ੍ਹ ਪੀੜਤਾਂ ਲਈ 20,000 ਲੀਟਰ ਡੀਜ਼ਲ ਦੀ ਵੱਡੀ ਰਾਹਤ ਦੇਣ ਦੇ ਐਲਾਨ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਦੱਸਿਆ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਪਾਰਟੀ ਪ੍ਰਧਾਨ ਨੂੰ ਹਲਕੇ ਦੇ ਪਿੰਡ ਗੋਇੰਦਵਾਲ ਸਾਹਿਬ, ਧੂੰਦਾ, ਭੈਲ, ਘੜਕਾ, ਮੁੰਡਾ ਪਿੰਡ ਆਦਿ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਤੋਂ ਜਾਣੂ ਕਰਵਾਇਆ ਸੀ, ਜਿੱਥੇ ਲਗਭਗ 15 ਹਜ਼ਾਰ ਏਕੜ ਫ਼ਸਲ ਬਰਬਾਦ ਹੋ ਗਈ ਹੈ। ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਸ੍ਰ. ਬਾਦਲ ਨੇ ਹਲਕੇ ਦਾ ਦੌਰਾ ਕੀਤਾ। ਸ੍ਰ. ਬ੍ਰਹਮਪੁਰਾ ਨੇ ਦੱਸਿਆ ਕਿ ਪ੍ਰਧਾਨ ਸਾਹਿਬ ਨੇ ਰਾਹਤ ਕਾਰਜਾਂ ਲਈ ਕੁੱਲ 20 ਹਜ਼ਾਰ ਲੀਟਰ ਡੀਜ਼ਲ ਦੇਣ ਦਾ ਐਲਾਨ ਕੀਤਾ ਹੈ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਆਪਣੇ ਟਰੈਕਟਰਾਂ ਨਾਲ ਸੇਵਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸ੍ਰ. ਬ੍ਰਹਮਪੁਰਾ ਨੇ ਕਿਹਾ, “ਮੈਂ ਸਮੁੱਚੇ ਹਲਕਾ ਵਾਸੀਆਂ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਸਾਡੀ ਪੁਕਾਰ ਸੁਣੀ। ਜਦੋਂ ‘ਆਪ’ ਸਰਕਾਰ ਪੂਰੀ ਤਰ੍ਹਾਂ ਗਾਇਬ ਹੈ, ਉਸ ਵੇਲੇ ਉਨ੍ਹਾਂ ਦੀ ਇਹ ਵੱਡੀ ਮਦਦ ਕਿਸਾਨਾਂ ਲਈ ਵੱਡੀ ਰਾਹਤ ਲੈ ਕੇ ਆਈ ਹੈ।
ਉਨ੍ਹਾਂ ਨੇ ‘ਆਪ’ ਸਰਕਾਰ ਨੂੰ ਵੀ ਆਪਣੀ ਜ਼ਿੰਮੇਵਾਰੀ ਯਾਦ ਦਿਵਾਉਂਦਿਆਂ ਕਿਹਾ, “ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬੇਨਤੀ ਹੈ ਕਿ ਸਭ ਦੀ ਇੱਕ ਸਾਰ ਮਦਦ ਕੀਤੀ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਜੀ, ਸਾਡੇ ਹਲਕੇ ਵਿੱਚ ਬਹੁਤ ਨੁਕਸਾਨ ਹੋਇਆ ਹੈ ਅਤੇ ਲੋਕਾਂ ਨੂੰ ਤੁਰੰਤ ਮਦਦ ਦੀ ਲੋੜ ਹੈ। ਕਿਰਪਾ ਕਰਕੇ ਤੁਰੰਤ ਸੂਬਾ ਆਫ਼ਤ ਰਾਹਤ ਫੰਡ ਜਾਰੀ ਕਰੋਂ। ਅਜਿਹੇ ਸੰਵੇਦਨਸ਼ੀਲ ਅਤੇ ਨਾਜ਼ੁਕ ਮੌਕੇ ‘ਤੇ ਸਿਆਸੀ ਵਿਤਕਰਾ ਨਾ ਕੀਤਾ ਜਾਵੇ।
ਅੰਤ ਵਿੱਚ, ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ,” ਮਿਹਰਬਾਨੀ ਕਰਕੇ ਆਪਣੇ ਲਾਡਲੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਹਦਾਇਤ ਕਰੋਂ ਕਿ ਬਿੰਨਾਂ ਕਿਸੇ ਪੱਖਪਾਤ ਦੇ ਹਰ ਲੋੜਵੰਦ ਤੱਕ ਪਹੁੰਚਣ, ਕਿਉਂਕਿ ਅਜਿਹੇ ਸਮੇਂ ਸਰਕਾਰਾਂ ਦੀ ਲੋੜ ਸਭ ਤੋਂ ਵੱਧ ਹੁੰਦੀ ਹੈ।

Leave a Reply

Your email address will not be published. Required fields are marked *