ਟਾਪਪੰਜਾਬ

ਸਰਕਾਰੀ ਹੈਲਪਲਾਈਨ ਬੰਦ, ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਆਈ ਅੱਗੇ – ਬ੍ਰਹਮਪੁਰਾ

ਤਰਨ ਤਾਰਨ – ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦੌਰਾਨ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਫਲੱਡ ਕੰਟਰੋਲ ਰੂਮ ਦੇ ਹੈਲਪਲਾਈਨ ਨੰਬਰ ਦੇ ਬੰਦ ਹੋਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ‘ਆਪ’ ਸਰਕਾਰ ਦੇ ਪ੍ਰਸ਼ਾਸਨਿਕ ਢਾਂਚੇ ਦੀ ਮੁਕੰਮਲ ਨਾਕਾਮੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ‘ਆਪ’ ਸਰਕਾਰ ਦਾ ਲੋਕ-ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ।

ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਇੱਕ ਪਾਸੇ ਲੋਕ ਹੜ੍ਹਾਂ ਕਾਰਨ ਆਪਣਾ ਘਰ-ਬਾਰ ਗੁਆ ਰਹੇ ਹਨ ਅਤੇ ਦੂਜੇ ਪਾਸੇ ਸਰਕਾਰੀ ਹੈਲਪਲਾਈਨ ‘ਆਊਟ ਆਫ਼ ਆਰਡਰ’ ਹੈ, ਜੋ ਕਿ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ, ਉਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਗੇ ਆ ਕੇ ਮਾਨਵਤਾ ਦੀ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ।
ਸ੍ਰ. ਬ੍ਰਹਮਪੁਰਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਤਰਨ ਤਾਰਨ ਜ਼ਿਲ੍ਹੇ ਦੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ, ਗੁਰਦੁਆਰਾ ਚੋਹਲਾ ਸਾਹਿਬ, ਗੁਰਦੁਆਰਾ ਭਾਈ ਤਾਰਾ ਸਿੰਘ ਜੀ (ਵਾਂ) ਅਤੇ ਗੁਰਦੁਆਰਾ ਬਾਬਾ ਬੀਰ ਸਿੰਘ ਜੀ (ਰੱਤੋਕੇ) ਵਿਖੇ ਹੜ੍ਹ ਪੀੜਤਾਂ ਲਈ ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ। ਇੰਨ੍ਹਾਂ ਕੇਂਦਰਾਂ ਵਿੱਚ ਪੀੜਤਾਂ ਲਈ ਲੰਗਰ, ਰਿਹਾਇਸ਼ ਅਤੇ ਮੈਡੀਕਲ ਸਹੂਲਤਾਂ ਦਾ ਪੁਖਤਾ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਸਪਸ਼ਟ ਕਰਦੀ ਹੈ ਕਿ ਦੁੱਖ ਦੀ ਘੜੀ ਵਿੱਚ ਸਿਰਫ਼ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਸੰਸਥਾਵਾਂ ਹੀ ਜ਼ਮੀਨੀ ਪੱਧਰ ‘ਤੇ ਲੋਕਾਂ ਦੇ ਨਾਲ ਖੜ੍ਹਦੀਆਂ ਹਨ।
ਸ੍ਰ. ਬ੍ਰਹਮਪੁਰਾ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੁਲ ਸਿੰਧੂ ਨੂੰ ਇੱਕ ਰਸਮੀ ਪੱਤਰ ਲਿਖ ਕੇ ਲੋਕਾਂ ਦੀ ਫੌਰੀ ਮਦਦ ਕਰਨ ਅਤੇ ਬੰਦ ਪਈ ਹੈਲਪਲਾਈਨ ਸੇਵਾ ਨੂੰ ਤੁਰੰਤ ਬਹਾਲ ਕਰਕੇ ਇਸ ਨਾਲਾਇਕੀ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ।

Leave a Reply

Your email address will not be published. Required fields are marked *