ਟਾਪ ਨਿਊਜ਼ਪੰਜਾਬ

ਬੰਦੀ ਸਿੰਘਾਂ ਦੀ ਰਿਹਾਈ ਲਈ ਆਜ਼ਾਦੀ ਦਿਹਾੜੇ ਵਾਲੇ ਦਿਨ ਰੋਸ ਮਾਰਚ ਕੱਢੇਗਾ ਕੌਮੀ ਇਨਸਾਫ਼ ਮੋਰਚਾ

ਮੋਹਾਲੀ –  ਕੌਮੀ ਇਨਸਾਫ਼ ਮੋਰਚਾ ਵਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਕੋਟਕਪੂਰਾ ਗੋਲੀ ਕਾਂਡ ਵਿਚ ਸ਼ਾਮਲ ਪੁਲਿਸ ਅਤੇ ਰਾਜਨੀਤਕਾਂ ਨੂੰ ਨਾਮਜ਼ਦ ਕਰਨ, ਕਿਸੇ ਵੀ ਧਰਮ ਦੇ ਗ੍ਰੰਥ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਲਈ ਸਖ਼ਤ ਕਾਨੂੰਨ ਬਣਾਉਣ ਅਤੇ ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਸਬੰਧੀ ਮੰਗਾਂ ਨੂੰ ਲੈ ਕੇ 7 ਜਨਵਰੀ ਤੋਂ ਚੰਡੀਗੜ੍ਹ ਮੋਹਾਲੀ ਬਾਰਡਰ ਉੱਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਲਗਾਤਾਰ ਸੰਘਰਸ਼ ਚੱਲ ਰਿਹਾ ਹੈ।

ਇਸ ਸਬੰਧੀ ਅੱਜ ਇਥੇ ਮੋਹਾਲੀ ਪ੍ਰੈਸ ਕਲੱਬ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੁਰਚਰਨ ਸਿੰਘ ਹਵਾਰਾ , ਐਡਵੋਕੇਟ ਅਮਰ ਸਿੰਘ ਚਹਿਲ, ਕਨਵੀਨਰ ਪਾਲ ਸਿੰਘ ਫਰਾਂਸ, ਮੋਰਚੇ ਦੇ ਲੀਗਲ ਐਡਵਾਈਜ਼ਰ ਦਿਲਸ਼ੇਰ ਸਿੰਘ, ਐਡਵੋਕੇਟ ਗੁਰਸ਼ਰਨ ਸਿੰਘ ਧਾਲੀਵਾਲ ਨੇ ਦਸਿਆ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਵਾਸੀਆਂ, ਕਿਸਾਨ ਮਜ਼ਦੂਰ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਸਿੱਖ ਸੰਸਥਾਵਾਂ ਨਾਲ ਮਿਲ ਕੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ ਵਿਚ ਕਾਲੇ ਅਤੇ ਕੇਸਰੀ ਝੰਡੇ ਲੈ ਕੇ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਉਹਨਾਂ ਕਿਹਾ ਕਿ ਇਸ ਰੋਸ ਮਾਰਚ ਵਿਚ ਪੰਥਕ ਹਮਦਰਦੀਆਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ ਵੱਡੇ ਪੱਧਰ ਉਤੇ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਕਿ 1947 ਤੋਂ ਲੈ ਕੇ ਅੱਜ ਤੱਕ ਸਿੱਖ ਕੌਮ ਨਾਲ ਮੌਕੇ ਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਤੋਂ ਪੂਰਾ ਸੰਸਾਰ ਜਾਣੂੰ ਹੋ ਸਕੇ। ਉਹਨਾਂ ਕਿਹਾ ਕਿ ਹਿੰਦੁਸਤਾਨ ਦੇ ਨਲਾਇਕ ਆਗੂਆਂ ਕਾਰਨ ਆਜ਼ਾਦੀ ਤੋਂ ਬਾਅਦ ਜਿਹੜਾ ਨੁਕਸਾਨ ਪੰਜਾਬ ਦਾ ਹੋਇਆ ਹੈ, ਉਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

ਉਹਨਾਂ ਦਸਿਆ ਕਿ ਹਿੰਦੁਸਤਾਨ ਦੀ ਆਜ਼ਾਦੀ ਵੇਲੇ ਵੰਡ ਨਹੀਂ ਹੋਈ, ਸਗੋਂ ਪੰਜਾਬ ਹੀ ਵੰਡਿਆ ਗਿਆ। ਵੰਡ ਸਮੇਂ ਜਿਹੜੇ 10 ਲੱਖ ਲੋਕ ਮਰੇ ਸਨ, ਉਹ ਸਿਰਫ਼ ਪੰਜਾਬੀ ਸਨ। ਜਾਨੀ ਨੁਕਸਾਨ ਤੋਂ ਇਲਾਵਾ ਮਾਲੀ ਨੁਕਸਾਨ ਵੀ ਵੱਡੇ ਪੱਧਰ ਉਤੇ ਪੰਜਾਬੀਆਂ ਨੂੰ ਝੱਲਣਾ ਪਿਆ ਹੈ। ਜਿਸ ਦੌਰਾਨ ਉਹਨਾਂ ਨੂੰ ਆਪਣੀਆਂ ਕੀਮਤੀ ਜ਼ਮੀਨਾਂ ਅਤੇ ਅਨੇਕਾਂ ਹੀ ਇਤਿਹਾਸਕ ਗੁਰੂ ਘਰਾਂ ਤੋਂ ਵਾਂਝੇ ਹੋਣਾ ਪਿਆ ਸੀ।

ਇਹ ਸਭ ਕੁਝ ਵੇਖਦੇ ਹੋਏ ਪੰਜਾਬ ਦੀ ਖੇਰੂੰ-ਖੇਰੂੰ ਹੋਈ ਪੰਥਕ ਸ਼ਕਤੀ ਨੂੰ ਇਕ ਪਲੇਟਫਾਰਮ ਉਤੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋ ਕੇ ਆਪਣੀਆਂ ਹੱਕੀ ਮੰਗਾਂ ਲਈ ਆਉਂਦੀ 15 ਅਗਸਤ ਨੂੰ ਇਕੱਤਰ ਹੋ ਕੇ ਸੰਘਰਸ਼ ਵਿੱਢਣਾ ਚਾਹੀਦਾ ਹੈ ਤਾਂ ਕਿ ਕੇਂਦਰ ਤੇ ਪੰਜਾਬ ਸਰਕਾਰ ਸਿੱਖ ਕੌਮ ਦੀਆਂ ਹੱਕੀ ਮੰਗਾਂ ਲਈ ਕਾਰਵਾਈ ਕਰਨ ਲਈ ਮਜਬੂਰ ਕੀਤਾ ਜਾ ਸਕੇ।

ਇਸ ਦੌਰਾਨ ਜਗਤਾਰ ਸਿੰਘ ਹਵਾਰਾ ਨੇ ਇਕ ਚਿੱਠੀ ਭੇਜ ਕੇ ਕੌਮ ਨੂੰ ਸੁਨੇਹਾ ਦਿੱਤਾ ਹੈ ਕਿ ਇਸ ਰੋਸ ਮਾਰਚ ਵਿਚ ਸਮੂਹ ਪੰਜਾਬ ਵਾਸੀਆਂ, ਕਿਸਾਨ ਆਗੂਆਂ, ਪੰਥਕ ਜਥੇਬੰਦੀਆਂ, ਰਾਜਨੀਤਕ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ, ਹਰ ਵਰਗ ਦੇ ਪੰਥਕ ਹਮਦਰਦੀਆਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਸਿਰ ਜੋੜ ਕੇ ਇਸ ਸੰਕਟ ਦੀ ਘੜੀ ਵਿਚ ਕੌਮੀ ਇਨਸਾਫ਼ ਮੋਰਚੇ ਵਿਚ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨਾਂ ਕਿਹਾ ਅੱਜ ਪੰਜਾਬ ਦਾ ਹਰ ਵਰਗ ਸਰਕਾਰਾਂ ਨੇ ਝੰਭ ਸੁੱਟਿਆ ਹੈ ਅਤੇ ਲੋਕਾਂ ਦੀ ਇਕਜੁੱਟਤਾ ਬਗੈਰ ਕੋਈ ਵੀ ਜੰਗ ਜਿੱਤੀ ਨਹੀਂ ਜਾ ਸਕਦੀ।

ਇਸ ਖ਼ਬਰ ਬਾਰੇ ਕੁਮੈਂਟ ਕਰੋ-