ਮੁਹਾਲੀ: ਇਥੋਂ ਦੇ ਫੇਜ਼-6 ਦੀ ਮਾਰਕੀਟ ਨੇੜੇ ਦੰਗਾ ਪੀੜਤ ਪਰਿਵਾਰਾਂ ਲਈ ਰਾਖਵੀਂ ਜ਼ਮੀਨ ਸਟਰੀਟ ਵੈਡਿੰਗ ਜ਼ੋਨ ਲਈ ਅਲਾਟ ਕਰਨ ਦਾ ਮਾਮਲਾ ਕਾਫ਼ੀ ਭਖ ਗਿਆ ਹੈ। 1984 ਸਿੱਖ ਕਤਲੇਆਮ ਪੀੜਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਦੀ ਅਗਵਾਈ ਹੇਠ ਅੱਜ ਦੰਗਾ ਪੀੜਤ ਪਰਿਵਾਰਾਂ ਨੇ ਜਿੱਥੇ ਪੰਜਾਬ ਸਰਕਾਰ ਵਿਰੁੱਧ ਮੁਜ਼ਾਹਰਾ ਕੀਤਾ, ਉੱਥੇ ਉਨ੍ਹਾਂ ਨੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਵਿਰੁੱਧ ਵੀ ਨਾਅਰੇਬਾਜ਼ੀ ਕੀਤੀ। ਸ੍ਰੀ ਭਾਟੀਆ ਨੇ ਦੱਸਿਆ ਕਿ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ ਜ਼ਮੀਨ ਰਾਖਵੀਂ ਰੱਖੀ ਸੀ ਤੇ ਜ਼ਮੀਨ ਰੇਹੜੀ ਫੜ੍ਹੀ ਵਾਲਿਆਂ ਨੂੰ ਅਲਾਟ ਕਰ ਦਿੱਤੀ ਗਈ, ਜਿਸ ਕਾਰਨ ਦੰਗਾ ਪੀੜਤ ਪਰਿਵਾਰਾਂ ਵਿੱਚ ਸਰਕਾਰ ਦੇ ਇਸ ਫ਼ੈਸਲੇ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਦੰਗਾ ਪੀੜਤ ਪਰਿਵਾਰਾਂ ਨੂੰ ਤੁਰੰਤ ਜ਼ਮੀਨ ਅਲਾਟ ਕੀਤੀ ਜਾਵੇ ਅਤੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ।

ਬੁਲਾਰਿਆਂ ਨੇ ਮੰਗ ਕੀਤੀ ਕਿ ਫੇਜ਼-6 ਵਿਚਲੀ ਜ਼ਮੀਨ ਕਾਰੋਬਾਰ ਕਰਨ ਲਈ ਸਿੱਖ ਦੰਗਾ ਪੀੜਤ ਪਰਿਵਾਰਾਂ ਨੂੰ ਅਲਾਟ ਕੀਤੀ ਜਾਵੇ। ਪੀੜਤ ਪਰਿਵਾਰ ਪਿਛਲੇ ਕਰੀਬ 39 ਸਾਲਾਂ ਤੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦੇ ਆ ਰਹੇ ਹਨ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਥਾਂ ਉਨ੍ਹਾਂ ਨੂੰ ਬਚਾਉਣ ਲਈ ਜ਼ੋਰ ਲਾਇਆ ਜਾ ਰਿਹਾ ਹੈ। ਉਨ੍ਹਾਂ ਦੇਸ਼ ਵਿਦੇਸ਼ ਵਿੱਚ ਵਸਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਇਲਾਕਿਆਂ ਦੇ ਗੁਰੂ ਘਰਾਂ ਵਿੱਚ ਸਾਂਝੇ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਅਤੇ ਸਿੱਖਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਸਿਆਸੀ ਆਗੂਆਂ ਖ਼ਿਲਾਫ਼ ਘੱਟੋ ਘੱਟ ਫਾਂਸੀ ਦੀ ਸਜ਼ਾ ਦੀ ਅਪੀਲ ਕੀਤੀ ਜਾਵੇ। ਇਸ ਮੌਕੇ ਗੁਰਵਿੰਦਰ ਕੌਰ, ਕੁਲਜੀਤ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਪਾਲ ਸਿੰਘ, ਸੱਜਣ ਸਿੰਘ, ਅਰਵਿੰਦਰ ਪਾਲ ਸਿੰਘ ਬਲੌਂਗੀ, ਅੰਮ੍ਰਿਤ ਕੌਰ ਹਰਭਜਨ ਸਿੰਘ, ਧਨਵੰਤ ਸਿੰਘ, ਬਲਬੀਰ ਸਿੰਘ, ਕਸ਼ਮੀਰਾ ਸਿੰਘ, ਹਰਜਿੰਦਰ ਕੌਰ, ਰਣਜੀਤ ਕੌਰ, ਗੁਰਜੀਤ ਸਿੰਘ ਅਤੇ ਬਲਵਿੰਦਰ ਸਿੰਘ ਮੌਜੂਦ ਸਨ।