ਪੰਜਾਬ ’ਚ 5 ਕਥਿੱਤ ਖਾੜਕੂ ਗ੍ਰਿਫ਼ਤਾਰ
ਚੰਡੀਗੜ੍ਹ: ਭਾਰਤ ਦੇ ਸੱਤਾ ਪਰਿਵਰਤਨ ਦਿਵਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਪੁਲੀਸ ਨੇ ਅੱਜ ਸੂਬੇ ਵਿੱਚ ਕਥਿਤ ਤੌਰ ‘ਤੇ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਪਾਕਿਸਤਾਨ ਸਥਿਤ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਡੀਜੀਪੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲੋਂ ਕਥਿਤ ਤੌਰ ‘ਤੇ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ‘ਐਕਸ’ ‘ਤੇ ਕਿਹਾ, ‘ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀ ਦੇ ਨਾਲ ਸਾਂਝੇ ਅਪਰੇਸ਼ਨ ਵਿੱਚ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਅਪਰੇਸ਼ਨ ਦੌਰਾਨ ਪਾਕਿਸਤਾਨ ਸਥਿਤ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਲਡੀ ਬਰਾੜ ਦੇ ਪੰਜ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਉਹ ਪੰਜਾਬ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਥਿਆਰਾਂ ਦੀ ਖੇਪ ਤੋਂ ਇਲਾਵਾ ਮੁਲਜ਼ਮਾਂ ਨੂੰ ਅਮਰੀਕਾ ਤੋਂ ਵਿੱਤੀ ਸਹਾਇਤੀ ਵੀ ਮਿਲ ਰਹੀ ਸੀ।’