ਦੇਸ਼-ਵਿਦੇਸ਼

ਜੇਲ੍ਹ ‘ਚ ਇਮਰਾਨ ਨੂੰ ਦਿੱਤਾ ਜਾ ਸਕਦੈ ਜ਼ਹਿਰ, ਬੁਸ਼ਰਾ ਬੀਬੀ ਨੇ ਪ੍ਰਗਟਾਇਆ ਖਦਸ਼ਾ

ਇਸਲਾਮਾਬਾਦ : ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੇ ਜੇਲ੍ਹ ਵਿਚ ਬੰਦ ਆਪਣੇ ਪਤੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਉਸ ਦੇ ਪਤੀ ਨੂੰ ਅਟਕ ਜੇਲ੍ਹ ਵਿਚ ਜ਼ਹਿਰ ਦਿੱਤਾ ਜਾ ਸਕਦਾ ਹੈ। ਪੰਜਾਬ ਦੇ ਗ੍ਰਹਿ ਸਕੱਤਰ ਨੂੰ ਲਿਖੇ ਪੱਤਰ ਵਿੱਚ ਬੁਸ਼ਰਾ ਨੇ ਕਿਹਾ ਕਿ ਅਦਾਲਤ ਨੇ ਸਬੰਧਤ ਅਧਿਕਾਰੀਆਂ ਨੂੰ ਉਸ ਦੇ ਪਤੀ ਨੂੰ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਸਨ।

ਉਸ ਨੇ ਕਿਹਾ, “ਮੇਰੇ ਪਤੀ ਨੂੰ ਬਿਨਾਂ ਕਿਸੇ ਕਾਰਨ ਅਟਕ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ। ਕਾਨੂੰਨ ਅਨੁਸਾਰ, ਮੇਰੇ ਪਤੀ ਨੂੰ ਅਦਿਆਲਾ ਜੇਲ੍ਹ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ।” ਉਸਨੇ ਮੰਗ ਕੀਤੀ ਕਿ ਉਸਦਾ ਪਤੀ ਆਕਸਫੋਰਡ ਗ੍ਰੈਜੂਏਟ ਅਤੇ ਰਾਸ਼ਟਰੀ ਕ੍ਰਿਕਟ ਟੀਮ ਦਾ ਸਾਬਕਾ ਕਪਤਾਨ ਹੈ। ਇਸ ਲਈ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਅਟਕ ਜੇਲ੍ਹ ਵਿੱਚ ਉਨ੍ਹਾਂ ਨੂੰ ਅਜਿਹੀਆਂ ਸਹੂਲਤਾਂ ਨਹੀਂ ਮਿਲਦੀਆਂ, ਜਿਸ ਦੇ ਉਹ ਹੱਕਦਾਰ ਹਨ। ਉਸ ਨੇ ਕਿਹਾ ਕਿ ਪਹਿਲਾਂ ਵੀ ਖਾਨ ਦੀ ਹੱਤਿਆ ਦੀਆਂ ਦੋ ਵਾਰ ਕੋਸ਼ਿਸ਼ਾਂ ਹੋ ਚੁੱਕੀਆਂ ਹਨ। ਇਸ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

ਜੇਲ੍ਹ ਮੈਨੂਅਲ ‘ਤੇ ਚਾਨਣਾ ਪਾਉਂਦਿਆਂ ਉਸ ਨੇ ਕਿਹਾ ਕਿ ਖਾਨ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣੀਆਂ ਸਨ, ਪਰ 12 ਦਿਨ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਨੂੰ ਮੁਹੱਈਆ ਨਹੀਂ ਕਰਵਾਈਆਂ ਗਈਆਂ। ਜੇਲ੍ਹ ਦੇ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਪ੍ਰਾਈਵੇਟ ਡਾਕਟਰ ਤੋਂ ਡਾਕਟਰੀ ਜਾਂਚ ਕਰਵਾਉਣ ਦਾ ਅਧਿਕਾਰ ਹੈ। ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਦੀ ਸ਼ੁਰੂਆਤ ਵਿਚ ਇੱਥੋਂ ਦੀ ਇੱਕ ਅਦਾਲਤ ਨੇ ਖਾਨ ਨੂੰ 2018-22 ਦੇ ਆਪਣੇ ਕਾਰਜਕਾਲ ਦੌਰਾਨ ਵਿਦੇਸ਼ੀ ਪਤਵੰਤਿਆਂ ਤੋਂ ਪ੍ਰਧਾਨ ਮੰਤਰੀ ਵਜੋਂ ਪ੍ਰਾਪਤ ਸਰਕਾਰੀ ਤੋਹਫ਼ਿਆਂ ਦੀ ਵਿਕਰੀ ਨਾਲ ਸਬੰਧਤ ਤੋਸ਼ਾਖਾਨਾ ਕੇਸ ਵਿੱਚ 3 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਉਨ੍ਹਾਂ ‘ਤੇ 5 ਸਾਲ ਲਈ ਰਾਜਨੀਤੀ ਕਰਨ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-