ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ
ਅੰਮ੍ਰਿਤਸਰ: ਇੰਡੀਅਨ ਅੰਬੈਸਡਰ ਅਮਰੀਕਾ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਨਿੱਜੀ ਦੌਰੇ ‘ਤੇ ਅੰਮ੍ਰਿਤਸਰ ਪਹੁੰਚੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਬੇਹੱਦ ਸਕੂਨ ਅਤੇ ਮਾਨਸਿਕ ਸ਼ਾਂਤੀ ਮਿਲਦੀ ਹੈ। ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਆਸਥਾ ਦਾ ਕੇਂਦਰ ਹੈ, ਜਿਥੋਂ ਮਨੁੱਖ ਨੂੰ ਰੂਹਾਨੀ ਸ਼ਕਤੀ ਮਿਲਦੀ ਹੈ।
ਉਹ ਵੀ ਹਰ ਸਾਲ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਉਨ੍ਹਾਂ ਦੇ ਪਰਿਵਾਰ ਦਾ ਗਹਿਰਾ ਰਿਸ਼ਤਾ ਹੈ।