ਫਰੀਦਕੋਟ ‘ਚ 50 ਲੱਖ ਦੇ ਨਸ਼ੀਲੇ ਪਦਾਰਥ ਬਰਾਮਦ, CIA ਸਟਾਫ਼ ਨੇ ਤਸਕਰ ਫੜਿਆ
ਫਰੀਦਕੋਟ – ਪੰਜਾਬ ਦੇ ਫਰੀਦਕੋਟ ਸੀਆਈਏ ਸਟਾਫ਼ ਨੇ ਇੱਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 50 ਲੱਖ ਰੁਪਏ ਦੱਸੀ ਜਾਂਦੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਸੀ.ਆਈ.ਏ ਸਟਾਫ਼ ਦੇ ਐਸ.ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਕੋਟਕਪੂਰਾ ਸਿਟੀ ਥਾਣਾ ਖੇਤਰ ਦੀ ਮੰਡੀ ਨੇੜੇ ਪੁਲਿਸ ਪਾਰਟੀ ਦੇ ਨਾਲ ਸਨ ਤਾਂ ਇੱਕ ਵਿਅਕਤੀ ਨੂੰ ਪੈਦਲ ਆਉਂਦਾ ਦੇਖਿਆ ਗਿਆ, ਜੋ ਲਿਫ਼ਾਫ਼ਾ ਲੈ ਕੇ ਜਾ ਰਿਹਾ ਸੀ, ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਿਆ। ਉਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਮੌਕੇ ‘ਤੇ ਹੀ ਪੁਲਸ ਟੀਮ ਨੇ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਲਿਆ, ਜਿਸ ਤੋਂ ਬਾਅਦ ਦੋਸ਼ੀ ਦੀ ਤਲਾਸ਼ ਕੀਤੀ ਗਈ।
ਐਸਆਈ ਚਰਨਜੀਤ ਸਿੰਘ ਅਨੁਸਾਰ ਮੁਲਜ਼ਮ ਕੋਲੋਂ ਬਰਾਮਦ ਹੋਏ ਲਿਫ਼ਾਫ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਥਾਣਾ ਸਿਟੀ ਕੋਟਕਪੂਰਾ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਪਤਾ ਲੱਗ ਸਕੇ ਕਿ ਮੁਲਜ਼ਮ ਇਹ ਹੈਰੋਇਨ ਕਿੱਥੋਂ ਲੈ ਕੇ ਆਉਂਦਾ ਸੀ ਅਤੇ ਅੱਗੇ ਕਿੱਥੇ ਸਪਲਾਈ ਕਰਦਾ ਸੀ।