ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਲੜੇਗਾ ਹਰਿਆਣਾ ਗੁਰਦੁਆਰਾ ਚੋਣਾਂ, ਸਿੱਖਾਂ ਨੂੰ ਕੀਤੀ ਇਹ ਅਪੀਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਕਾਲੀ ਦਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੇਗਾ ਤੇ ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਆਧੁਨਿਕ ਮਹੰਤਾਂ ਦੇ ਕਬਜ਼ੇ ’ਚੋਂ ਛੁਡਵਾਉਣ। ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਆਪਣੇ ਚੋਣ ਨਿਸ਼ਾਨ ’ਤੇ ਇਹ ਚੋਣਾਂ ਲੜੇਗੀ।
ਉਨ੍ਹਾਂ ਕਿਹਾ ਕਿ ਸਾਡਾ ਸਾਰਾ ਧਿਆਨ ਹਰਿਆਣਾ ’ਚ ਸਿੱਖਾਂ ਨੂੰ ਆਪਣੀ ਗੁਰਦੁਆਰਾ ਕਮੇਟੀ ਦੇਣ ਦਾ ਅਧਿਕਾਰ ਦੇਣਾ ਹੈ ਤੇ ਮੌਜੂਦਾ ਕਮੇਟੀ ਨੂੰ ਮੌਜੂਦਾ ਪ੍ਰਬੰਧਕਾਂ ਤੋਂ ਮੁਕਤ ਕਰਵਾਉਣਾ ਹੈ, ਜੋ ਸਾਰੇ ਸਿਧਾਂਤਾਂ ਤੇ ਨਿਯਮਾਂ ਦੇ ਖਿਲਾਫ਼ ਅਧਿਕਾਰਤ ਮੀਟਿੰਗਾਂ ਵਿਚ ਗਾਲ੍ਹ ਮੰਦੇ ’ਤੇ ਉਤਰ ਆਉਂਦੇ ਹਨ। ਉਨ੍ਹਾਂ ਨੇ ਹਰਿਆਣਾ ਵਿਚ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੀਆਂ ਵੋਟਾਂ ਬਣਵਾਉਣ ਤਾਂ ਜੋ ਸੂਬੇ ਵਿਚ ਆਉਂਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਪੰਥ ਦਾ ਮਾਣ-ਸਤਿਕਾਰ ਬਹਾਲ ਕੀਤਾ ਜਾ ਸਕੇ। ਸੁਖਬੀਰ ਬਾਦਲ, ਜਿਨ੍ਹਾਂ ਨੇ ਪਾਰਟੀ ਦੀ ਕੋਰ ਕਮੇਟੀ ਵਿਚ ਹੋਈ ਚਰਚਾ ਬਾਰੇ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ, ਨੇ ਕਿਹਾ ਕਿ ਅਕਾਲੀ ਦਲ ਦਾ ਇਹ ਮੰਨਣਾ ਹੈ ਕਿ ਪੰਜਾਬ ਵਿਚ ਆਏ ਹੜ੍ਹ ਮਨੁੱਖ ਦੀ ਸਿਰਜੀ ਤ੍ਰਾਸਦੀ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਲਈ ਜ਼ਿੰਮੇਵਾਰ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੜ੍ਹਾਂ ਦੀ ਰੋਕਥਾਮ ਵਾਸਤੇ ਮਾਨਸੂਨ ਤੋਂ ਪਹਿਲਾਂ ਕਦਮ ਚੁੱਕਣ ’ਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਭਾਖੜਾ ਤੇ ਪੌਂਗ ਡੈਮਾਂ ਤੋਂ ਛੱਡੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਵਿਚ ਨਾਕਾਮ ਰਹੇ। ਬਾਦਲ ਨੇ ਇਹ ਵੀ ਮੰਗ ਕੀਤੀ ਕਿ ਹੜ੍ਹ ਮਾਰੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ ਤੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ 186 ਕਰੋੜ ਰੁਪਏ ਦਾ ਮੁਆਵਜ਼ਾ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਬਰਾਬਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਗਿਰਦਾਵਰੀ ਤੋਂ ਪਹਿਲਾਂ ਕਿਸਾਨਾਂ ਨੂੰ ਅੰਤ੍ਰਿਮ ਮੁਆਵਜ਼ਾ ਦਿੱਤਾ ਜਾਵੇਗਾ ਪਰ ਤਿੰਨ ਫਸਲਾਂ ਬਰਬਾਦ ਹੋਣ ਦੇ ਬਾਵਜੂਦ ਉਹ ਕੋਈ ਵੀ ਮੁਆਵਜ਼ਾ ਦੇਣ ’ਚ ਫੇਲ੍ਹ ਰਹੀ।