ਗਿਆਨੀ ਜਗਤਾਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਤਰਨਤਾਰਨ ਰੋਡ ਸਥਿਤ ਗੁਰਦੁਆਰਾ ਸਾਹਿਬ ਸੰਗਰਾਣਾ ਵਿਖੇ ਹੋਇਆ ਸਸਕਾਰ
ਅੰਮ੍ਰਿਤਸਰ – ਅੰਮ੍ਰਿਤਸਰ ਵਾਸੀਆਂ ਨੇ ਸੋਮਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਅਲਵਿਦਾ ਕਿਹਾ।
ਬੀਤੀ ਸ਼ਾਮ ਤੋਂ ਹੀ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ। ਉਨ੍ਹਾਂ ਦਾ ਸਸਕਾਰ ਤਰਨਤਾਰਨ ਰੋਡ ਸਥਿਤ ਗੁਰਦੁਆਰਾ ਸਾਹਿਬ ਸੰਗਰਾਣਾ ਵਿਖੇ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਜ਼ਿਕਰਯੋਗ ਹੈ ਕਿ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਬੀਤੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਗਿਆਨੀ ਜਗਤਾਰ ਸਿੰਘ ਨੇ ਤਰਨਤਾਰਨ ਰੋਡ ਸਥਿਤ ਅੰਤਰਜਾਮੀ ਕਲੋਨੀ ਸਥਿਤ ਆਪਣੀ ਰਿਹਾਇਸ਼ ਵਿਖੇ ਆਖਰੀ ਸਾਹ ਲਿਆ। ਪੁੱਤਰ ਨਰਾਇਣ ਸਿੰਘ ਨੇ ਦੱਸਿਆ ਕਿ ਸ਼ਾਮ ਕਰੀਬ 6 ਵਜੇ ਗਿਆਨੀ ਜਗਤਾਰ ਸਿੰਘ ਨੂੰ ਦਿਲ ਦਾ ਦੌਰਾ ਪਿਆ। ਗਿਆਨੀ ਜਗਤਾਰ ਸਿੰਘ ਨੇ ਲੰਮਾ ਸਮਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਪੰਥ ਦੀ ਸੇਵਾ ਕੀਤੀ ਹੈ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ , ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਅਮਰਜੀਤ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰਿਵਾਲੇ, ਬਾਬਾ ਅਜੀਤ ਸਿੰਘ, ਗਿਆਨੀ ਗੁਰਬਚਨ ਸਿੰਘ, ਗਿਆਨੀ ਜਸਬੀਰ ਸਿੰਘ, ਬੀਬੀ ਜਗੀਰ ਕੌਰ, ਸਮੇਤ ਵੱਖ-ਵੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਵਲੋਂ ਸ਼ਮੂਲੀਅਤ ਕੀਤੀ ਗਈ।
ਪ੍ਰਧਾਨ ਮੰਤਰੀ ਨੇ ਜਤਾਇਆ ਦੁੱਖ
“ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਦੁਖੀ ਹਾਂ। ਸਿੰਘ ਸਾਹਿਬ ਜੀ ਦੇ ਗਿਆਨ ਅਤੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਨੁਸਾਰ ਮਨੁੱਖਤਾ ਦੀ ਸੇਵਾ ਕਰਨ ਦੇ ਯਤਨਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪ੍ਰਵਾਰ ਅਤੇ ਕਰੀਬੀਆਂ ਨਾਲ ਹਮਦਰਦੀ”