ਫੀਚਰਜ਼ਭਾਰਤ

1984 ਸਿੱਖ ਨਸਲਕੁਸ਼ੀ: ਜਗਦੀਸ਼ ਟਾਈਟਲਰ ਦੀ ਪਟੀਸ਼ਨ ‘ਤੇ CBI ਵਲੋਂ ਜਵਾਬ ਦਾਖਲ, 6 ਸਤੰਬਰ ਨੂੰ ਅਗਲੀ ਸੁਣਵਾਈ

ਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਦੌਰਾਨ ਪੁਲ ਬੰਗਸ਼ ਗੁਰਦੁਆਰਾ ਸਾਹਿਬ ਵਿਚ ਹੋਏ ਕਤਲੇਆਮ ਮਾਮਲੇ ਦੇ ਮੁਲਜ਼ਮ ਜਗਦੀਸ਼ ਟਾਈਟਲਰ ਅੱਜ ਵੀਡੀਉ ਕਾਨਫ਼ਰੰਸ ਰਾਹੀਂ ਅਦਾਲਤ ਵਿਚ ਪੇਸ਼ ਹੋਏ। ਇਸ ਦੌਰਾਨ ਸੀ.ਬੀ.ਆਈ. ਨੇ ਮੁਲਜ਼ਮ ਜਗਦੀਸ਼ ਟਾਈਟਲਰ ਦੀ ਅਰਜ਼ੀ ’ਤੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਅਪਣਾ ਜਵਾਬ ਦਾਖ਼ਲ ਕੀਤਾ। ਸੀ.ਬੀ.ਆਈ. ਨੇ ਕਿਹਾ ਕਿ ਕੇਸ ਵਿਚ ਚਾਰਜਸ਼ੀਟ ਨਾਲ ਸਬੰਧਤ ਜ਼ਰੂਰੀ ਦਸਤਾਵੇਜ਼ ਟਾਈਟਲਰ ਦੇ ਵਕੀਲ ਨੂੰ ਸੌਂਪ ਦਿਤੇ ਗਏ ਹਨ।

ਉਧਰ ਪੀੜਤ ਧਿਰ ਦੇ ਵਕੀਲ ਨੇ ਕਿਹਾ ਕਿ ਮਾਮਲੇ ਦੀ ਜਲਦੀ ਸੁਣਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਹ ਮਾਮਲਾ ਦਹਾਕਿਆਂ ਤੋਂ ਲਟਕਿਆ ਹੋਇਆ ਹੈ।ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਮਾਮਲੇ ਦੀ ਅਗਲੀ ਸੁਣਵਾਈ 6 ਸਤੰਬਰ ਨੂੰ ਕਰਨ ਦੇ ਹੁਕਮ ਦਿਤੇ ਹਨ। ਦਰਅਸਲ ਜਗਦੀਸ਼ ਟਾਈਟਲਰ ਦੀ ਤਰਫੋਂ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ 1984 ਤੋਂ 2023 ਤਕ ਦੇ ਸਾਰੇ ਦਸਤਾਵੇਜ਼ ਉਪਲਬਧ ਕਰਵਾਉਣ ਦੀ ਮੰਗ ਕੀਤੀ ਗਈ ਸੀ।

ਇਸ ਤੋਂ ਪਹਿਲਾਂ  ਰਾਊਜ਼ ਐਵੇਨਿਊ ਅਦਾਲਤ ਨੇ 10 ਅਗਸਤ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਦਾਲਤੀ ਸੁਣਵਾਈ ਦੌਰਾਨ ਵੀਡੀਉ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਦਿਤੀ ਸੀ। ਟਾਈਟਲਰ ਦੇ ਵਕੀਲ ਨੇ ਉਸ ਦੀ ਸੁਰੱਖਿਆ ਦੇ ਮੱਦੇਨਜ਼ਰ ਵੀਡੀਉ ਕਾਨਫਰੰਸਿੰਗ ਰਾਹੀਂ ਉਸ ਦੀ ਪੇਸ਼ੀ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।

ਇਸ ਖ਼ਬਰ ਬਾਰੇ ਕੁਮੈਂਟ ਕਰੋ-