ਪੰਜਾਬ

ਫਰਜ਼ੀ ਸੈਕਸ਼ਨ ਲੈਟਰ ਮਾਮਲਾ: ਵਿਧਾਇਕ ਰਾਜ ਕੁਮਾਰ ਚੱਬੇਵਾਲ ਨੂੰ ਅਦਾਲਤ ਵਲੋਂ ਰਾਹਤ

ਹੁਸ਼ਿਆਰਪੁਰ: ਫ਼ਰਜ਼ੀ ਸੈਕਸ਼ਨ ਲੈਟਰਾਂ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੂੰ ਅਦਾਲਤ ਵਲੋਂ ਰਾਹਤ ਦਿਤੀ ਗਈ ਹੈ। ਦਰਅਸਲ ਵਿਧਾਇਕ ਨੇ ਅਗਾਊਂ ਜ਼ਮਾਨਤ ਲਈ ਅਦਾਲਤ ਦਾ ਰੁਖ ਕੀਤਾ ਸੀ, ਜਿਸ ਦੇ ਚਲਦਿਆਂ ਹੁਸ਼ਿਆਰਪੁਰ ਦੀ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੀ ਰਾਹਤ ਦਿਤੀ ਹੈ।

ਅਦਾਲਤ ਵਲੋਂ ਪੰਜਾਬ ਵਿਜੀਲੈਂਸ ਬਿਊਰੋ ਨੂੰ ਹਦਾਇਤ ਦਿਤੀ ਗਈ ਹੈ ਕਿ ਰਾਜ ਕੁਮਾਰ ਚੱਬੇਵਾਲ ਨੂੰ ਗ੍ਰਿਫ਼ਤਾਰ ਕਰਨ ਤੋਂ ਤਿੰਨ ਦਿਨ ਪਹਿਲਾਂ ਨੋਟਿਸ ਦਿਤਾ ਜਾਵੇ। ਅਦਾਲਤ ਵਿਚ ਸੁਣਵਾਈ ਦੌਰਾਨ ਹੁਸ਼ਿਆਰਪੁਰ ਦੇ ਐਡਵੋਕੇਟ ਐਚ.ਐਸ. ਸੈਣੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫੈਸਲਾ ਦਿਤਾ ਗਿਆ ਹੈ।

ਇਹ ਸੁਣਵਾਈ ਐਡੀਸ਼ਨਲ ਸੈਸ਼ਨ ਜੱਜ ਪ੍ਰੀਤ ਮੋਹਨ ਸ਼ਰਮਾ ਦੀ ਅਦਾਲਤ ਵਿਚ ਹੋਈ। ਹਾਲਾਂਕਿ ਵਿਜੀਲੈਂਸ ਨੇ ਅਦਾਲਤ ਨੂੰ ਦਸਿਆ ਕਿ ਅਜੇ ਤਕ ਰਾਜ ਕੁਮਾਰ ਚੱਬੇਵਾਲ ਵਿਰੁਧ ਕੋਈ ਵੀ ਐਫ.ਆਈ.ਆਰ. ਦਰਜ ਨਹੀਂ ਕੀਤੀ ਗਈ ਅਤੇ ਵਿਜੀਲੈਂਸ ਨੇ ਅਦਾਲਤ ਨੂੰ ਦਸਿਆ ਕਿ ਰਾਜ ਕੁਮਾਰ ਚੱਬੇਵਾਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ ਪਰ ਉਹ ਸ਼ਾਮਲ ਨਹੀਂ ਹੋਏ।

ਇਸ ਦੌਰਾਨ ਐਡਵੋਕੇਟ ਸੈਣੀ ਨੇ ਭਰੋਸਾ ਦਿਵਾਇਆ ਕਿ ਵਿਧਾਇਕ ਰਾਜ ਕੁਮਾਰ ਜਾਂਚ ਵਿਚ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਐਡਵੋਕੇਟ ਸੈਣੀ ਬਰਗਾੜੀ ਅਤੇ ਬਹਿਬਲ ਕਲਾਂ ਅਤੇ ਸਾਬਕਾ ਕਾਂਗਰਸੀ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਦੇ ਵੀ ਵਕੀਲ ਹਨ।

ਇਸ ਖ਼ਬਰ ਬਾਰੇ ਕੁਮੈਂਟ ਕਰੋ-