ਹਾਦਸੇ ’ਚ ਮਾਂ-ਪੁੱਤ ਦੀ ਮੌਤ

ਨਾਭਾ : ਨਾਭਾ-ਭਵਾਨੀਗੜ੍ਹ ਰੋਡ ’ਤੇ ਬਣੇ ਫਲਾਈ ਓਵਰ ਦੇ ਨਜ਼ਦੀਕ ਤੇਜ਼ ਰਫਤਾਰ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਸਵਾਰ ਮਾਂ-ਪੁੱਤ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਪੁੱਤਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮਾਂ ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ। ਪੁਲਸ ਵੱਲੋਂ ਬੱਸ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਮਾਂ-ਪੁੱਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਦਵਾਈ ਲੈਣ ਜਾ ਰਹੇ ਸਨ ਤਾਂ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ। ਜਿਸ ਵਿਚ ਪੁੱਤਰ ਨਿਤਿਸ਼ ਕੁਮਾਰ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਮਾਂ ਵੰਦਨਾ ਰਾਣੀ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਪਰਿਵਾਰ ਨੇ ਕਿਹਾ ਕਿ ਤੇਜ਼ ਰਫ਼ਤਾਰ ’ਤੇ ਸਰਕਾਰ ਨੂੰ ਲਗਾਮ ਲਗਾਉਣੀ ਚਾਹੀਦੀ ਹੈ ਤਾਂ ਜੋ ਅਜਿਹੇ ਹਾਦਸਿਆਂ ਵਿਚ ਭੰਗ ਦੇ ਭਾੜੇ ਜਾਣ ਵਾਲੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਹਨ।

ਇਸ ਮੌਕੇ ਮ੍ਰਿਤਕ ਦੇ ਤਾਇਆ ਵਰਿੰਦਰ ਕੁਮਾਰ ਬੈਨੀ ਨੇ ਕਿਹਾ ਕਿ ਤੇਜ਼ ਰਫਤਾਰ ਬੱਸ ਨੇ ਸਾਡਾ ਘਰ ਹੀ ਉਜਾੜ ਕੇ ਰੱਖ ਦਿੱਤਾ ਹੈ, ਜਿਸ ਵਿਚ ਮੇਰੇ ਭਤੀਜੇ ਅਤੇ ਭਰਜਾਈ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਤੇਜ਼ ਰਫ਼ਤਾਰ ਵਾਹਨਾਂ ’ਤੇ ਸਖ਼ਤੀ ਨਾਲ ਲਗਾਮ ਪਾਈ ਜਾਵੇ ਅਤੇ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਧਰ ਨਾਭਾ ਦੇ ਐੱਸ. ਐੱਚ. ਓ. ਹੈਰੀ ਬੋਪਾਰਾਏ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਸੜਕ ਹਾਦਸੇ ਵਿਚ ਮਾਂ-ਪੁੱਤ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਬਸ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

error: Content is protected !!