ਆਖ਼ਰ ਸਰਕਾਰ ਨੂੰ ਲੋਕ ਰੋਹ ਅੱਗੇ ਝੁਕਣਾ ਪਿਆ, ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਨ ਦੇ ਹੁਕਮ
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ। ਦੱਸਣਯੋਗ ਹੈ ਕਿ ਜੀਰਾ ਸ਼ਰਾਬ ਫੈਕਟਰੀ ਖ਼ਿਲਾਫ਼ ਛੇ ਮਹੀਨਿਆਂ ਤੋਂ ਪੱਕਾ ਮੋਰਚਾ ਲੱਗਿਆ ਹੋਇਆ ਹੈ। ਮੋਰਚੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਸ਼ਰਾਬ ਫ਼ੈਕਟਰੀ ਕਰਕੇ ਇਲਾਕੇ ਵਿੱਚ ਪਾਣੀ ਗੰਧਲਾ ਹੋ ਗਿਆ ਹੈ ਅਤੇ ਗੰਧਲੇ ਪਾਣੀ ਕਰਕੇ ਲੋਕਾਂ ਨੂੰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦਿਆਂ ਅੱਜ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ।
ਇਹ ਐਲਾਨ ਮੁੱਖ ਮੰਤਰੀ ਨੇ ਟਵਿੱਟਰ ਰਾਹੀਂ ਵੀਡੀਓ ਜਾਰੀ ਕਰਦਿਆਂ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ‘ਪੰਜਾਬ ਦੀ ਆਬੋ-ਹਵਾ ਕਿਸੇ ਨੂੰ ਵੀ ਖ਼ਰਾਬ ਕਰਨ ਨਹੀਂ ਦਿੱਤੀ ਜਾਵੇਗੀ।…ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਫੈਸਲਾ ਲਿਆ ਹੈ।
ਭਾਵੇਂ ਮੁੱਖ ਮੰਤਰੀ ਨੇ ਇਸ ਫ਼ੈਸਲੇ ਪਿੱਛੇ ਕਾਨੂੰਨੀ ਮਾਹਰਾਂ ਦੀ ਰਾਏ ਦਾ ਹਵਾਲਾ ਦਿੱਤਾ ਹੈ ਪਰ ਅਸਲ ਵਿੱਚ ਲੋਕ ਰੋਹ ਕਾਰਨ ਦੀ ਸਰਕਾਰ ਨੂੰ ਝੁਕਣ ਲਈ ਮਜ਼ਬੂਰ ਹੋਣਾ ਪਿਆ ਹੈ ਕਿਉਂਕਿ ਪਹਿਲਾਂ ਸਰਕਾਰ ਅਖੌਤੀ ਲੈਬ ਰਿਪੋਰਟਾਂ ਦੇ ਆਧਾਰ ’ਤੇ ਲੋਕਾਂ ਦੀ ਮੰਗ ਨੂੰ ਰੱਦ ਕਰਦੀ ਆ ਰਹੀ ਸੀ।