ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਧਾਮੀ ’ਤੇ ਹੋਏ ਹਮਲੇ ਦੀ ਨਿੰਦਾ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਤੇ ਚੰਡੀਗੜ੍ਹ ਮੋਹਾਲੀ ਬਾਰਡਰ ‘ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿੱਚ ਕੁਝ ਸ਼ਰਾਰਤੀ ਪ੍ਰਦਰਸ਼ਨਕਾਰੀਆਂ ਵੱਲੋਂ ਹੋਏ ਹਮਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਤਿ ਨਿੰਦਣਯੋਗ ਦੱਸਿਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਯਤਨ ਆਪਸੀ ਮੱਤਭੇਦਾਂ ਤੋਂ ਉੱਪਰ ਉੱਠ ਕੇ ਕਰਨੇ ਚਾਹੀਦੇ ਨੇ। ਉਨ੍ਹਾਂ ਕਿਹਾ ਕਿ ਇਸ ਮੰਦਭਾਗੇ ਵਰਤਾਰੇ ਨਾਲ ਰਿਹਾਈ ਲਈ ਕੀਤੇ ਜਾ ਰਹੇ ਸਾਂਝੇ ਯਤਨਾਂ ਨੂੰ ਢਾਹ ਲੱਗੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਲੋੜ ਹੈ ਇਕੱਠੇ ਹੋ ਕੇ ਚੱਲਣ ਦੀ, ਤਾਂ ਜੋ ਸਮੁੱਚੀ ਕੌਮ ਇੱਕਜੁੱਟ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾ ਸਕੇ।
ਜ਼ਿਕਰਯੋਗ ਹੈ ਕਿ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਅੱਜ ਉਸ ਸਮੇਂ ਕੁਝ ਪ੍ਰਦਰਸ਼ਨਕਾਰੀਆਂ ਨੇ ਹਮਲਾ ਕਰ ਦਿੱਤਾ ਜਦੋਂ ਉਹ ਚੰਡੀਗੜ੍ਹ-ਮੋਹਾਲੀ ਦੇ ਬਾਰਡਰ ’ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਤਾਂ ਹਰਜਿੰਦਰ ਸਿੰਘ ਧਾਮੀ ਦਾ ਤਿੱਖਾ ਵਿਰੋਧ ਕੀਤਾ ਅਤੇ ਬਾਅਦ ਵਿਚ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕਰ ਦਿੱਤਾ ਗਿਆ। ਇਸ ਦੌਰਾਨ ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਵੀ ਕੀਤੀ। ਇਥੇ ਇਹ ਦੱਸਣਯੋਗ ਹੈ ਕਿ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਪਿਛਲੇ ਕਈ ਦਿਨਾਂ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲੇ ਅਤੇ ਗੁੰਮ ਹੋਏ ਸਰੂਪਾਂ ਦੇ ਮਾਮਲੇ ਵਿਚ ਇਨਸਾਫ਼ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਹਰਜਿੰਦਰ ਸਿੰਘ ਧਾਮੀ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਜਿੱਥੇ ਉਨ੍ਹਾਂ ’ਤੇ ਪ੍ਰਦਰਸ਼ਨਕਾਰੀਆਂ ਵਲੋਂ ਹਮਲਾ ਕੀਤਾ ਗਿਆ।