ਪੰਜ ਪਿਆਰਿਆਂ ਦੇ ਨਾਂ ’ਤੇ ਅੰਮ੍ਰਿਤਸਰ ’ਚ ਬਣੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕ ਵਜੋਂ ਬਦਲਣ ਦੀ ਸਖ਼ਤ ਨਿਖੇਧੀ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇਡ਼ਛਾਡ਼ ਕਰਨ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਤਾਡ਼ਨਾ ਕੀਤੀ ਕਿ ਉਹ ਸਿਆਸੀ ਲਾਭ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਤੋਂ ਬਾਜ਼ ਆਉਣ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਸਾਜਣਾ ਦਿਵਸ ਦੇ 300 ਸਾਲਾ ਮੌਕੇ ਅਕਾਲੀ ਸਰਕਾਰ ਵੱਲੋਂ ਅੰਮ੍ਰਿਤਸਰ ਵਿਚ ਪੰਜ ਪਿਆਰਿਆਂ ਦੇ ਨਾਂ ’ਤੇ ਪੰਜ ਸਿਹਤ ਕੇਂਦਰ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕ ਵਜੋਂ ਬਦਲ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਕੌਮ ਦੀਆਂ ਯਾਦਗਾਰਾਂ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜ ਪਿਆਰਿਆਂ ਦੇ ਨਾਂ ਵਾਲੇ ਸਿਹਤ ਕੇਂਦਰਾਂ ਨੂੰ ਭਗਵੰਤ ਮਾਨ ਵੱਲੋਂ ਆਪਣੀ ਤਸਵੀਰ ਵਾਲੇ ਬੋਰਡ ਲਗਾ ਕੇ ਆਮ ਆਦਮੀ ਕਲੀਨਿਕ ਘੋਸ਼ਿਤ ਕੀਤਾ ਗਿਆ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਗੁਰੂ ਸਾਹਿਬਾਨ ਤੋਂ ਬਾਅਦ ਪੰਜ ਪਿਆਰੇ ਸਾਹਿਬਾਨ ਦਾ ਸਤਿਕਾਰ ਹੈ ਅਤੇ ਦੁੱਖ ਦੀ ਗੱਲ ਹੈ ਕਿ ਭਗਵੰਤ ਮਾਨ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਖੋਰਾ ਲਗਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਭਗਵੰਤ ਮਾਨ ਪੰਜ ਪਿਆਰੇ ਸਾਹਿਬਾਨ ਤੋਂ ਉੱਪਰ ਹੈ, ਜੋ ਇਨ੍ਹਾਂ ਧਾਰਮਿਕ ਯਾਦਗਾਰਾਂ ਨੂੰ ਆਪਣੀ ਪਾਰਟੀ ਦੇ ਨਾਂ ਹੇਠ ਉਭਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਸ ਕਾਰਵਾਈ ਨੂੰ ਤੁਰੰਤ ਵਾਪਸ ਲੈਣ ਦੀ ਤਾਡ਼ਨਾ ਕਰਦੀ ਹੈ ਅਤੇ ਜੇਕਰ ਇਸ ਵਿਚ ਦੇਰੀ ਕੀਤੀ ਗਈ ਤਾਂ ਸਿੱਖ ਰੋਹ ਵਧਣ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।