ਮੋਟਰਸਾਈਕਲ ਸਵਾਰਾਂ ਨੇ ਸੜਕ ਕਿਨਾਰੇ ਖੜ੍ਹੇ ਨੌਜਵਾਨ ’ਤੇ ਚਲਾਈਆਂ ਗੋਲੀਆਂ, ਹਮਲਾਵਰ ਹੋਏ ਫ਼ਰਾਰ

ਬਟਾਲਾ/ਅੱਚਲ ਸਾਹਿਬ: ਪਿੰਡ ਚੌਧਰੀਵਾਲ ਵਿਖੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸੜਕ ਕਿਨਾਰੇ ਖੜ੍ਹੇ ਨੌਜਵਾਨ ’ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸਦੇ ਚਲਦਿਆਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਇਸ ਸਬੰਧੀ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ ਸ਼ਰਨਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਰੰਗੜ ਨੰਗਲ ਨੇ ਦੱਸਿਆ ਕਿ ਅੱਜ ਦੁਪਹਿਰ 2 ਵਜੇ ਉਹ ਆਪਣੀ ਮਾਤਾ ਅਤੇ ਭੈਣ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਚੌਧਰੀਵਾਲ ਵਿਖੇ ਦਵਾਈ ਲੈਣ ਆਇਆ ਸੀ। ਉਸ ਨੇ ਦੱਸਿਆ ਕਿ ਉਸ ਦੀ ਮਾਤਾ ਅਤੇ ਭੈਣ ਦਵਾਈ ਲੈਣ ਲਈ ਮੈਡੀਕਲ ਸਟੋਰ ’ਤੇ ਗਏ ਹੋਏ ਸਨ, ਜਦਕਿ ਉਹ ਆਪਣੇ ਮੋਟਰਸਾਈਕਲ ਨਾਲ ਸੜਕ ਕਿਨਾਰੇ ਖੜ੍ਹਾ ਸੀ ਕਿ ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ 3 ਅਣਪਛਾਤੇ ਨੌਜਵਾਨ ਜਿਨ੍ਹਾਂ ਦੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ, ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਇਸ ਦੌਰਾਨ 2 ਗੋਲੀਆਂ ਉਸ ਦੇ ਪੱਟ ’ਤੇ ਜਾ ਲੱਗੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਜਦਕਿ ਉਕਤ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦੌਰਾਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰੰਗੜ ਨੰਗਲ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲਿਆ। ਐੱਸ. ਐੱਸ. ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖ਼ਮੀ ਨੌਜਵਾਨ ਵਲੋਂ ਜੋ ਵੀ ਬਿਆਨ ਪੁਲਸ ਨੂੰ ਦਰਜ ਕਰਵਾਏ ਜਾਣਗੇ ਉਸਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

error: Content is protected !!