ਬੰਦੀ ਸਿੰਘਾਂ ਦੀ ਰਿਹਾਈ ਲਈ UNO ਕੋਲ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ, ਤਿਆਰ ਕੀਤੀ ਰੂਪ-ਰੇਖਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵੱਲੋਂ ਸਵੈ-ਇੱਛਾ ਅਨੁਸਾਰ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ ਤੱਕ ਪੁੱਜਣ ਦਾ ਟੀਚਾ ਮਿਥਿਆ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਅਗਵਾਈ ਵਿਚ ਪਿੰਡ ਪੱਧਰ ਤੱਕ ਇਹ ਮੁਹਿੰਮ ਲਿਜਾਣ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ, ਜਿਸ ਤਹਿਤ ਧਰਮ ਪ੍ਰਚਾਰ ਲਈ ਪਿੰਡਾਂ ਵਿਚ ਜਾਣ ਸਮੇਂ ਪ੍ਰਚਾਰਕ ਜਥੇ ਪ੍ਰੋਫਾਰਮੇ ਵੀ ਭਰਵਾਉਣਗੇ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਧਰਮ ਪ੍ਰਚਾਰ ਦੇ ਅੰਮ੍ਰਿਤਸਰ ਜੋਨ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ, ਪ੍ਰਚਾਰਕਾਂ ਅਤੇ ਦਫ਼ਤਰ ’ਚ ਕੰਮ ਕਰਦੇ ਮੁਲਾਜ਼ਮਾਂ ਨਾਲ ਇਕੱਤਰਤਾ ਕਰਕੇ ਲਹਿਰ ਨੂੰ ਪ੍ਰਚੰਡ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।
ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਮਨੁੱਖਤਾ ਵਿਰੋਧੀ ਵਰਤਾਰੇ ਦਾ ਮਾਮਲਾ ਯੂ. ਐੱਨ. ਓ. ਕੋਲ ਚੁੱਕਣ ਲਈ ਵੀ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਇਸ ਨੂੰ ਲੈ ਕੇ ਕਾਨੂੰਨੀ ਸਲਾਹਕਾਰਾਂ ਅਤੇ ਬੁੱਧੀਜੀਵੀਆਂ ਦੇ ਮਸ਼ਵਰੇ ਨਾਲ ਪੱਤਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦ ਯੂਐਨਓ ਨੂੰ ਭੇਜਿਆ ਜਾਵੇਗਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਗੁਰਮੀਤ ਰਾਮ ਰਹੀਮ ਨੂੰ ਸਰਕਾਰਾਂ ਦੀ ਸਰਪ੍ਰਸਤੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਅਦਾਲਤ ਵਿਚ ਪਟੀਸ਼ਨ ਦਾਇਰ ਕਰਨ ਲਈ ਵੀ ਤਿਆਰੀਆਂ ਮੁਕੰਮਲ ਹਨ। ਇਸ ਸਬੰਧ ਵਿਚ ਇਸੇ ਹਫ਼ਤੇ ਹੀ ਪਟੀਸ਼ਨ ਦਾਇਰ ਕੀਤੀ ਜਾਵੇਗੀ।