ਕਾਂਗਰਸ ਨੇ ਸੰਸਦ ਮੈਂਬਰ ਪਰਨੀਤ ਕੌਰ ਨੂੰ ਪਾਰਟੀ ‘ਚੋਂ ਕੀਤਾ ਮੁਅੱਤਲ
ਪਟਿਆਲਾ/ਚੰਡੀਗੜ੍ਹ : ਪਟਿਆਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਪਰਨੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਇਹ ਫ਼ੈਸਲਾ ਪਰਨੀਤ ਕੌਰ ਖ਼ਿਲਾਫ਼ ਕਾਂਗਰਸ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਲਿਆ ਗਿਆ ਹੈ। ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹਨ। ਕੈਪਟਨ ਅਮਰਿੰਦਰ ਸਿੰਘ ਹੁਣ ਭਾਰਤੀ ਜਨਤਾ ਪਾਰਟੀ ਵਿੱਚ ਹਨ। ਪਾਰਟੀ ਦੀ ਅਨੁਸ਼ਾਸਨੀ ਐਕਸ਼ਨ ਕਮੇਟੀ ਨੇ ਪਰਨੀਤ ਕੌਰ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕਰਦਿਆਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਇਸ ਗੱਲ ਲਈ ਜਵਾਬ ਦੇਣ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚੋਂ ਕਿਉਂ ਨਾ ਕੱਢਿਆ ਜਾਵੇ।
ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਿਕਾਇਤ ਕੀਤੀ ਸੀ ਕਿ ਪਰਨੀਤ ਕੌਰ ਭਾਜਪਾ ਦੀ ਮਦਦ ਲਈ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਰਹੇ ਹਨ। ਇਹ ਵੀ ਕਿਹਾ ਗਿਆ ਹੈ ਕਿ ਪਾਰਟੀ ਦੇ ਕਈ ਹੋਰ ਸੀਨੀਅਰ ਆਗੂਆਂ ਨੇ ਵੀ ਅਜਿਹੀਆਂ ਸ਼ਿਕਾਇਤਾਂ ਕੀਤੀਆਂ ਸਨ।