ਪੰਜਾਬਫੀਚਰਜ਼

ਨਵਜੋਤ ਸਿੱਧੂ ਦੇ ਹੱਕ ‘ਚ ਆਏ MP ਮਨੀਸ਼ ਤਿਵਾੜੀ, ਟਵੀਟ ਕਰ ਰਾਜਪਾਲ ਨੂੰ ਆਖੀ ਇਹ ਗੱਲ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਬਾਅਦ ਹੁਣ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਵੀ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ’ਚ ਉੱਤਰੇ ਆਏ ਹਨ। ਸੰਸਦ ਮੈਂਬਰ ਤਿਵਾੜੀ ਨੇ ਵੀ ਸਿੱਧੂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਦਿਆਂ ਟਵੀਟ ਕਰਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।

ਤਿਵਾੜੀ ਨੇ ਟਵੀਟ ਕਰਦਿਆਂ ਲਿਖਿਆ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ 161 ਰਾਜਪਾਲ ਨੂੰ ਸੂਬਾ ਸਰਕਾਰ ਨੂੰ ਜੇਲ੍ਹ ਦੀਆਂ ਸਜ਼ਾਵਾਂ ਦੀ ਮੁਆਫ਼ੀ ਦੀ ਸਲਾਹ ’ਤੇ ਕਾਰਵਾਈ ਕਰਨ ਲਈ ਪਾਬੰਦ ਕਰਦੀ ਹੈ। ਹਾਲਾਂਕਿ ਇਹ ਇਕ ਸੰਵਿਧਾਨਕ ਸ਼ਕਤੀ ਹੈ। ਸ਼ਾਇਦ ਇਸ ਸ਼ਕਤੀ ਨੂੰ ਇਕਪਾਸੜ ਅਜ਼ਮਾਉਣ ਦਾ ਇਹ ਢੁਕਵਾਂ ਮਾਮਲਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਜਾ ਵੜਿੰਗ ਨੇ ਸਿੱਧੂ ਦੀ ਰਿਹਾਈ ਸਬੰਧੀ ਟਵੀਟ ਕਰਦਿਆਂ ਕਿਹਾ ਸੀ ਕਿ ਨਵਜੋਤ ਸਿੰਧੂ ਦੀ ਰਿਹਾਈ ਲਈ ਪੱਖਪਾਤ ਤੋਂ ਉੱਪਰ ਉੱਠ ਕੇ ਵਿਚਾਰ ਕੀਤਾ ਜਾਵੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਸੀ ਕਿ ਉਹ ਨਵਜੋਤ ਸਿੱਧੂ ਦੀ ਰਿਹਾਈ ‘ਤੇ ਜਲਦ ਵਿਚਾਰ ਕਰਨ।

ਕੀ ਹੈ ਸਾਰਾ ਮਾਮਲਾ?

ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ 1988 ਦੇ ਰੋਡ ਰੇਜ ਕੇਸ ਵਿਚ 1 ਸਾਲ ਦੀ ਸਜ਼ਾ ਭੁਗਤ ਰਹੇ ਹਨ। ਕਿਹਾ ਜਾ ਰਿਹਾ ਸੀ ਕਿ ਗਣਤੰਤਰ ਦਿਵਸ ਵਾਲੇ ਦਿਨ ਰਿਹਾਅ ਹੋਣ ਵਾਲੇ 51 ਕੈਦੀਆਂ ਦੀ ਸੂਚੀ ਵਿਚ ਨਵਜੋਤ ਸਿੱਧੂ ਦਾ ਨਾਂ ਸ਼ਾਮਲ ਹੈ ਅਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਸੀ ਪਰ ਸੂਬਾ ਸਰਕਾਰ ਵੱਲੋਂ ਇਸ ਵਾਰ ਕਿਸੇ ਵੀ ਕੈਦੀ ਨੂੰ ਰਿਹਾਅ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਸਾਰਿਆਂ ਦੀ ਨਜ਼ਰਾਂ ਕੈਬਨਿਟ ਮੀਟਿੰਗ ‘ਤੇ ਟਿਕੀਆਂ ਹੋਈਆਂ ਸਨ ਪਰ ਮੀਟਿੰਗ ਵਿਚ ਵੀ ਕੈਦੀਆਂ ਦੀ ਰਿਹਾਈ ਬਾਰੇ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ। ਜਿਸ ਕਾਰਨ ਮੁੜ ਤੋਂ ਸਿਆਸਤ ਭੱਖ ਗਈ ਹੈ ਅਤੇ ਕਾਂਗਰਸੀ ਆਗੂਆਂ ਵੱਲੋਂ ਸਿੱਧੂ ਦੀ ਰਿਹਾਈ ਦੀ ਮੰਗ ਨੂੰ ਤੇਜ਼ ਕਰ ਦਿੱਤਾ ਗਿਆ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-