ਤੇਜ਼ ਰਫ਼ਤਾਰ ਕਾਰ ਨੇ ਸਾਬਕਾ ਸਰਪੰਚ ਨੂੰ ਮਾਰੀ ਟੱਕਰ, ਇਲਾਜ ਦੌਰਾਨ ਹੋਈ ਮੌਤ
ਬਟਾਲਾ: ਬੀਤੇ ਦਿਨੀਂ ਤੇਜ਼ ਰਫ਼ਤਾਰ ਕਾਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਵਿਚ ਸੇਵਾਮੁਕਤ ਸੂਬੇਦਾਰ ਦੀ ਮੌਤ ਹੋ ਗਈ। ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਸੇਵਾਮੁਕਤ ਸੂਬੇਦਾਰ ਅਤੇ ਪਿੰਡ ਬੱਲੜਵਾਲ ਦਾ ਸਾਬਕਾ ਸਰਪੰਚ ਗੁਲਜ਼ਾਰ ਸਿੰਘ ਪੁੱਤਰ ਬਿਸ਼ਨ ਸਿੰਘ ਅੱਜ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਜਦੋਂ ਉਹ ਪੈਟਰੋਲ ਪੰਪ ਦੇ ਕੋਲ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਗੁਲਜ਼ਾਰ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਵੇਖਦਿਆਂ ਅੰਮ੍ਰਿਤਸਰ ਲਈ ਰੈਫ਼ਰ ਕਰ ਦਿੱਤਾ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉੱਧਰ, ਉਕਤ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮਾਮਲੇ ਦੀ ਛਾਣਬੀਨ ਕਰ ਰਹੇ ਏ.ਐੱਸ.ਆਈ. ਗੁਰਮੁਖ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਬਣਦੀ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।