ਡੀ.ਜੀ.ਪੀ. ਦੀਆਂ ਹਦਾਇਤਾਂ ’ਤੇ ਪੁਲਸ ਨੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ
ਜਲੰਧਰ : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਕਥਿੱਤ ਦੇਸ਼ ਵਿਰੋਧੀ ਅਨਸਰਾਂ ਦੀਆਂ ਸਾਜ਼ਿਸ਼ਾਂ ਨੂੰ ਅਸਫ਼ਲ ਕਰਨ ਲਈ ਅੰਤਰਰਾਜੀ ਸਰਹੱਦ ’ਤੇ ਚੈਕਿੰਗ ਵਧਾ ਦਿੱਤੀ ਗਈ ਹੈ। ਪੰਜਾਬ ਪੁਲਸ ਨੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਵਾਹਨਾਂ ’ਤੇ ਤਿੱਖੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਟਰੱਕਾਂ ਦੀ ਅੱਜ ਪੁਲਸ ਦੇ ਐਂਟੀ-ਸੈਬੋਟਾਈਜ਼ ਵਿੰਗ ਵੱਲੋਂ ਜੰਮੂ-ਕਸ਼ਮੀਰ ਤੋਂ ਪੰਜਾਬ ’ਚ ਦਾਖ਼ਲ ਹੋਣ ਵਾਲੇ ਰਸਤਿਆਂ ’ਤੇ ਵਿਸ਼ੇਸ਼ ਤੌਰ ’ਤੇ ਤਲਾਸ਼ੀ ਲਈ ਗਈ। ਇਸ ਤਲਾਸ਼ੀ ਦੌਰਾਨ ਪੁਲਸ ਕੋਲ ਵਿਸਫੋਟਕ ਸਮੱਗਰੀ ਦਾ ਪਤਾ ਲਗਾਉਣ ਵਾਲੇ ਯੰਤਰ ਵੀ ਸਨ।
ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ। ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹੋਰਨਾਂ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ’ਤੇ ਵੀ ਸਖ਼ਤੀ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੈਅ ਕੀਤੇ ਅਪਰਾਧ ਮੁਕਤ ਰਾਜ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਡੀ.ਜੀ.ਪੀ. ਵੱਲੋਂ ਸਾਰੇ ਜ਼ਿਲ੍ਹਿਆਂ ਦੇ ਪੁਲਸ ਮੁਖੀਆਂ ਅਤੇ ਪੁਲਸ ਕਮਿਸ਼ਨਰਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਰੋਜ਼ਾਨਾ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ।