ਸੁਨਾਮ ‘ਚ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ, ਛੇ ਜਣਿਆਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ, ਵੀਡੀਓ ਵਾਇਰਲ
ਸੁਨਾਮ : ਸੁਨਾਮ ਵਿੱਚ ਇੱਕ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਅਤੇ ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਦੇਖ ਕੇ ਲੋਕ ਸਵਾਲ ਉਠਾ ਰਹੇ ਹਨ, ਕੀ ਥਾਣਾ ਸ਼ਹਿਰੀ ਦੀ ਹਦੂਦ ਅੰਦਰ ਬਦਮਾਸ਼ੀ ਕਰਨ ਵਾਲਿਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਦਿਨ ਦਿਹਾੜੇ ਅਜਿਹਾ ਕੁੱਝ ਵਾਪਰ ਰਿਹਾ ਹੈ।
ਇੰਟਰਨੈੱਟ ਮੀਡੀਆ ਤੇ ਵਾਇਰਲ ਵੀਡੀਓ ‘ਚ ਕੁਝ ਲੋਕ ਇਕ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਹੇ ਹਨ। ਇਸ ਸਬੰਧੀ ਥਾਣਾ ਸ਼ਹਿਰੀ ਸੁਨਾਮ ਦੇ ਐੱਸਐੱਚਓ ਇੰਸਪੈਕਟਰ ਅਜੇ ਕੁਮਾਰ ਨੇ ਕਿਹਾ ਕਿ ਇਹ ਘਟਨਾ ਕੁੱਝ ਦਿਨ ਪਹਿਲਾਂ ਵਾਪਰੀ ਸੀ ਅਤੇ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਛੇ ਮੁਲਜ਼ਮਾਂ ਖ਼ਿਲਾਫ਼ ਇਰਾਦਾ ਕਤਲ ਸਮੇਤ ਹੋਰ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਿੰਸਕ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।