ਸਿਸੋਦੀਆ ਖ਼ਿਲਾਫ਼ ਕੇਸ ਚਲਾਉਣ ਲਈ ਗ੍ਰਹਿ ਮੰਤਰਾਲੇ ਵੱਲੋਂ ਸੀਬੀਆਈ ਨੂੰ ਮਨਜ਼ੂਰੀ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਭ੍ਰਿਸ਼ਟਾਚਾਰ ’ਤੇ ਰੋਕ ਲਗਾਉਣ ਲਈ ਗਠਿਤ ਕੀਤੇ ‘ਫੀਡਬੈਕ ਯੂਨਿਟ’ ਜ਼ਰੀਏ ਕਥਿਤ ਤੌਰ ’ਤੇ ਸਿਆਸੀ ਖੁਫ਼ੀਆ ਜਾਣਕਾਰੀ ਇਕੱਠੀ ਕਰਨ ਦੇ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸ਼ੋਦੀਆ ਖ਼ਿਲਾਫ਼ ਸੀਬੀਆਈ ਨੂੰ ਕੇਸ ਚਲਾਉਣ ਲਈ ਅੱਜ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਦੇ ਉਪ ਰਾਜਪਾਲ ਦੇ ਮੁੱਖ ਸਕੱਤਰ ਨੂੰ ਭੇਜੇ ਗਏ ਪੱਤਰ ਵਿੱਚ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸਿਸੋਦੀਆ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀ ਧਾਰਾ 17 ਤਹਿਤ ਕੇਸ ਚਲਾਉਣ ਲਈ ਮਨਜ਼ੂਰੀ ਦਿੱਤੀ ਗਈ ਹੈ। ਇਸੇ ਦੌਰਾਨ ਸ੍ਰੀ ਸਿਸੋਦੀਆ ਨੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਜਿਵੇਂ-ਜਿਵੇਂ ਆਮ ਆਦਮੀ ਪਾਰਟੀ ਅੱਗੇ ਵਧੇਗੀ, ਉਸ ਦੇ ਆਗੂਆਂ ਖ਼ਿਲਾਫ਼ ਹੋਰ ਵੀ ਕੇਸ ਦਰਜ ਕੀਤੇ ਜਾਣਗੇ। ਉਨ੍ਹਾਂ ਨੇ ਟਵੀਟ ਕੀਤਾ, ‘ਆਪਣੇ ਵਿਰੋਧੀਆ ਖ਼ਿਲਾਫ਼ ਝੂਠੇ ਪਰਚੇ ਦਰਜ ਕਰਨਾ ਇਕ ਕਮਜ਼ੋਰ ਤੇ ਡਰਪੋਕ ਇਨਸਾਨ ਦੀ ਨਿਸ਼ਾਨੀ ਹੈ। ਜਿਵੇਂ-ਜਿਵੇਂ ਆਮ ਆਦਮੀ ਪਾਰਟੀ ਅੱਗੇ ਵਧੇਗੀ, ਸਾਡੇ ’ਤੇ ਹੋਰ ਵੀ ਕੇਸ ਦਰਜ ਕੀਤੇ ਜਾਣਗੇ।’ ਜ਼ਿਕਰਯੋਗ ਹੈ ਕਿ ਸੀਬੀਆਈ ਨੇ ਸਿਸੋਦੀਆ ਖ਼ਿਲਾਫ਼ ਕੇਸ ਦਰਜ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ।

Leave a Reply