ਫੀਚਰਜ਼ਫ਼ੁਟਕਲ

‘ਆਪ’ ਵਿਧਾਇਕ ਦੀ ਗ੍ਰਿਫ਼ਤਾਰੀ ‘ਤੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ, ਦਿੱਤੀਆਂ ਇਹ ਪ੍ਰਤੀਕਿਰਿਆਂਵਾਂ

ਚੰਡੀਗੜ੍ਹ/ਬਠਿੰਡਾ : ਬਠਿੰਡਾ ਦਿਹਾਤੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਜਾਣ ‘ਤੇ ਪੰਜਾਬ ਦੀ ਸਿਆਸਤ ਭੱਖ ਗਈ ਹੈ। ਇਸ ਮਾਮਲੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਜਿੱਥੇ ‘ਆਪ’ ‘ਤੇ ਸਵਾਲ ਖੜ੍ਹੇ ਕੀਤਾ ਜਾ ਰਹੇ ਹਨ, ਉੱਥੇ ਹੀ ਵੱਖ-ਵੱਖ ਮੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਆਮ ਆਦਮੀ ਪਾਰਟੀ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕੀਤਾ ਹੈ।

ਵਿਧਾਇਕ ਦੀ ਗ੍ਰਿਫ਼ਤਾਰੀ ‘ਤੇ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਬਹੁਤ ਦੇਰ ਨਾਲ ਕੀਤੀ ਗਈ ਹੈ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਭ੍ਰਿਸ਼ਟ ਵਿਧਾਇਕ ਨੂੰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਰਿਸ਼ਵਤ ਲੈਂਦਿਆਂ ਫੜੇ ਜਾਣ ਤੋਂ ਤਰੁੰਤ ਬਾਅਦ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਤਿੱਖੇ ਸ਼ਬਦਾਂ ‘ਚ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਹੋਣ ਦੇ ਬਾਵਜੂਦ ਵਿਜੇ ਸਿੰਗਲਾ, ਫੌਜਾ ਸਿੰਘ ਸਰਾਰੀ ਅਤੇ ਅਮਿਤ ਰਤਨ ਕੋਟਫੱਤਾ ਨੂੰ ‘ਆਪ’ ਨੇ ਪਾਰਟੀ ‘ਚੋਂ ਬਾਹਰ ਨਹੀਂ ਕੱਢਿਆ। ਇਸ ਲਈ ਅਕਾਲੀ ਦਲ ਮੰਗ ਕਰਦੀ ਹੈ ਕਿ ਇਨ੍ਹਾਂ ਸਾਰਿਆਂ ਨੂੰ ਵਿਧਾਨ ਸਭਾ ਤੋਂ ਬਾਹਰ ਕੱਢ ਦਿੱਤਾ ਜਾਵੇ।

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਕਿ ਭ੍ਰਿਸ਼ਟ ‘ਆਪ’ ਵਿਧਾਇਕ ਕੋਟਫੱਤਾ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੀ ਅੰਦਰ ਦੀ ਗੰਦਗੀ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਬਾਰੇ ਗੱਲ ਕਰਦਿਆਂ ਕਿਹਾ ਕਿ ਕੇਜਰੀਵਾਲ ਕਟੱੜ ਇਮਾਨਦਾਰ ਪਾਰਟੀ ਹੋਣ ਦਾ ਦਾਅਵਾ ਕਰਦੇ ਹਨ! ਇਸ ਤੋਂ ਇਲਾਵਾ ਖਹਿਰਾ ਨੇ ਵਿਧਾਇਕ ਦੀ ਗ੍ਰਿਫ਼ਤਾਰੀ ਨੂੰ ਲੋਕ ਸ਼ਕਤੀ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰ ਵੱਲੋਂ ਕੀਤੇ ਜਾ ਰਹੇ ਵਿਰੋਧ ਦਾ ਸਾਹਮਣਾ ਕਰਨ ਤੋਂ ਡਰਦੇ ਹਨ! ਉਨ੍ਹਾਂ ਕਿਹਾ ਕਿ ਕਾਂਗਰਸ ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਦੀ ਗ੍ਰਿਫ਼ਤਾਰੀ ਦੀ ਵੀ ਮੰਗ ਕਰਦੀ ਹੈ।

ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਭ੍ਰਿਸ਼ਟ ‘ਆਪ’ ਵਿਧਾਇਕ ਦੀ ਗ੍ਰਿਫ਼ਤਾਰੀ ਨਾਲ ਸਾਡੀ ਪਾਰਟੀ ਦਾ ਸਟੈਂਡ ਸਹੀ ਸਾਬਤ ਹੋਇਆ ਹੈ। ਉਨ੍ਹਾਂ ਟਵੀਟ ‘ਚ ਲਿਖਿਆ ਕਿ ਇਕ ਸਾਲ ਤੋਂ ਵੀ ਘੱਟ ਸਮੇਂ ਵਿਚ ‘ਆਪ’ ਦਾ ਇਹ ਤੀਜਾ ਵਿਧਾਇਕ ਹੈ , ਜਿਸ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਬਾਜਵਾ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਇਹ ਉਹੀ ‘ਬਦਲਾਅ’ ਹਨ , ਜਿਨ੍ਹਾਂ ਦਾ ਵਾਅਦਾ ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਸੀ?

ਗੌਰਤਲਬ ਹੈ ਕਿ ਜਦੋਂ ਵਿਜੀਲੈਂਸ ਨੇ ਇਹ ਕਾਰਵਾਈ ਸਰਕਟ ਹਾਊਸ ਵਿਖੇ ਰਿਸ਼ਵਤ ਕਾਂਡ ਵਿਚ ਕੀਤੀ ਤਾਂ ਵਿਧਾਇਕ ਵੀ ਉਥੇ ਮੌਜੂਦ ਸਨ। ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਵਿਧਾਇਕ ਨੇ ਦੋਸ਼ੀ ਰਿਸ਼ਮ ਗਰਗ ਨੂੰ ਆਪਣਾ ਪੀ. ਏ. ਮੰਨਣ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ ਸ਼ਿਕਾਇਤਕਰਤਾ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦਾ ਪਤੀ ਪ੍ਰਿਤਪਾਲ ਕੁਮਾਰ ਅਜੇ ਵੀ ਆਪਣੀ ਗੱਲ ’ਤੇ ਅੜਿਆ ਹੋਇਆ ਹੈ। ਉਸ ਦਾ ਕਹਿਣਾ ਹੈ ਕਿ ‘ਆਪ’ ਵਿਧਾਇਕ ਨੇ ਉਸ ਤੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ ਸੀ। ਜਿਸ ਦਿਨ ਕਾਰਵਾਈ ਹੋਈ, ਉਹ 4 ਲੱਖ ਦੇਣ ਆਏ ਸਨ। ਉਸ ਨੇ ਵਿਧਾਇਕ ਦੀ ਸਲਾਹ ‘ਤੇ ਹੀ ਰਿਸ਼ਮ ਗਰਗ ਨੂੰ ਪੈਸੇ ਦਿੱਤੇ ਸਨ।

ਇਸ ਖ਼ਬਰ ਬਾਰੇ ਕੁਮੈਂਟ ਕਰੋ-