ਅਜਨਲਾ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਭਾਜਪਾ ‘ਕਾਨੂੰਨ’ ਦਾ ਰਾਗ ਅਲਾਪਣ ਲੱਗੀ

ਲੁਧਿਆਣਾ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬੀਤੇ ਦਿਨੀਂ ਅਜਨਾਲਾ ਵਿਚ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਮਰਥਕਾਂ ਸਮੇਤ ਥਾਣੇ ’ਤੇ ਕਬਜ਼ਾ ਕਰਨ ਅਤੇ ਹਿੰਸਕ ਝੜਪ ਵਿਚ ਕਈ ਪੁਲਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਘਟਨਾ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਲੁਧਿਆਣਾ ਦੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੀਤੇ ਦਿਨ ਜੋ ਵਾਪਰਿਆ ਉਹ ਬਹੁਤ ਹੀ ਮੰਦਭਾਗਾ ਅਤੇ ਲੋਕਤੰਤਰੀ ਪ੍ਰਣਾਲੀ ਲਈ ਚਿੰਤਾ ਦਾ ਵਿਸ਼ਾ ਹੈ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਵੱਲੋਂ ਜਿਸ ਤਰ੍ਹਾਂ ਥਾਣੇ ’ਤੇ ਹਮਲਾ ਕੀਤਾ ਗਿਆ। ਇਸ ਦੌਰਾਨ ਕਈ ਪੁਲਸ ਮੁਲਾਜ਼ਮ ਜ਼ਖਮੀ ਵੀ ਹੋਏ, ਜਿਸ ਨੂੰ ਲੈ ਕੇ ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ ਹਨ।  

ਇਸ ਦੌਰਾਨ ਉਨ੍ਹਾਂ ਨੇ ਸਿੱਖ ਜਗਤ ਦੇ ਬੁੱਧੀਜੀਵੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਸਬੰਧੀ ਮਾਮਲੇ ਦਾ ਨੋਟਿਸ ਲੈਣ ਦੀ ਵੀ ਅਪੀਲ ਕੀਤੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਹਾਲਾਤ ਵਿਚ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਉਨ੍ਹਾਂ ਨੂੰ ਇਕ ਵਾਰ ਫਿਰ ਕਾਲੇ ਦਿਨਾਂ ਦੀ ਯਾਦ ਤਾਜ਼ਾ ਹੋ ਗਈ ਹੈ। ਇਕ ਪਾਸੇ ਸੂਬਾ ਸਰਕਾਰ ਨਿਵੇਸ਼ ਸੰਮੇਲਨ ਕਰਵਾ ਰਹੀ ਹੈ, ਦੂਜੇ ਪਾਸੇ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ। ਇਨ੍ਹਾਂ ਹਾਲਾਤ ਵਿਚ ਪੰਜਾਬ ਵਿਚ ਕੌਣ ਨਿਵੇਸ਼ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਾਮਲੇ ਸਬੰਧੀ ਕੋਈ ਵਿਵਾਦ ਹੁੰਦਾ ਹੈ ਤਾਂ ਉਸ ਲਈ ਕਾਨੂੰਨੀ ਪ੍ਰਕਿਰਿਆ ਹੁੰਦੀ ਹੈ।

Leave a Reply