ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਆਲ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਭਾਜਪਾ ਪ੍ਰਧਾਨ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੂੰ ਤੁਰੰਤ ਆਲ ਪਾਰਟੀ ਮੀਟਿੰਗ ਬੁਲਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ, ਲਿਹਾਜ਼ਾ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਸੂਬੇ ਅੰਦਰ ਕਾਨੂੰਨ ਵਿਵਸਥਾ ਕਾਇਮ ਰੱਖਣਾ ਤੁਹਾਡੀ ਜ਼ਿੰਮੇਵਾਰੀ ਬਣਦੀ ਹੈ।

ਪੰਜਾਬ ਵਿਚ ਪਿਛਲੇ ਕਈ ਮਹੀਨਿਆਂ ਤੋਂ ਕਤਲ, ਡਕੈਤੀ, ਜ਼ਬਰਨ ਵਸੂਲੀ ਅਤੇ ਫਿਰੌਤੀ ਦੀਆਂ ਘਟਨਾਵਾਂ ਰੋਜ਼ਾਨਾ ਵੱਡੇ ਪੱਧਰ ’ਤੇ ਵਾਪਰ ਰਹੀਆਂ ਹਨ। ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ, ਸ਼ਿਵਸੈਨਾ ਨੇਤਾ ਸੁਧੀਰ ਸੂਰੀ, ਨਕੋਦਰ ਦੇ ਕੱਪੜਾ ਵਪਾਰੀ ਸਮੇਤ ਸੈਂਕੜੇ ਪੰਜਾਬੀ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਜੇਲ੍ਹਾਂ ਵਿਚ ਗੈਂਗਸਟਰ ਆਪਸ ਵਿਚ ਜਾਨਲੇਵਾ ਜੰਗ ਲੜ ਰਹੇ ਹਨ। ਹਾਲਾਤ ਇੰਨੇ ਖ਼ਰਾਬ ਹਨ ਕਿ ਪੰਜਾਬ ਪੁਲਸ ਦੇ ਦਫ਼ਤਰਾਂ ’ਤੇ ਆਰ. ਪੀ. ਜੀ. ਹਮਲੇ ਹੋ ਰਹੇ ਹਨ। ਵੱਖਵਾਦੀ ਤਾਕਤਾਂ ਸਿਰ ਚੁੱਕ ਰਹੀਆਂ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇ ਸਰਕਾਰ ਸਖ਼ਤ ਰੁਖ ਅਖਤਿਆਰ ਕਰਦੀ ਹੈ ਤਾਂ ਭਾਜਪਾ ਪੂਰੀ ਤਰ੍ਹਾਂ ਸਰਕਾਰ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਗੰਭੀਰ ਮੁੱਦਿਆਂ ’ਤੇ ਚਰਚਾ ਲਈ ਸਰਕਾਰ ਨੂੰ ਆਲ ਪਾਰਟੀ ਮੀਟਿੰਗ ਸੱਦਣੀ ਚਾਹੀਦੀ ਹੈ ਤਾਂ ਜੋ ਪੰਜਾਬ ਵਿਚ ਕਾਨੂੰਨ ਵਿਵਸਥਾ ਕਾਇਮ ਕਰਨ ਲਈ ਵਿਚਾਰ ਕੀਤਾ ਜਾ ਸਕੇ।

Leave a Reply