ਪੰਜਾਬ ਦਾ ਇਕ ਹੋਰ ਮਸ਼ਹੂਰ ਟੋਲ ਪਲਾਜ਼ਾ ਹੋਇਆ ਟੋਲ ਮੁਕਤ, ਜਾਣੋ ਕੀ ਹੈ ਪੂਰਾ ਮਾਮਲਾ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮਾਰਗ ’ਤੇ ਪਿੰਡ ਵੜਿੰਗ ਨੇੜੇ ਲੱਗੇ ਟੋਲ ਪਲਾਜ਼ੇ ’ਤੇ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਇਸ ਟੋਲ ਪਲਾਜ਼ੇ ਨੂੰ ਟੋਲ ਮੁਕਤ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਸ਼ਰਤਾਂ ਹੀ ਪੂਰੀਆਂ ਨਹੀਂ ਕਰਦਾ ਜਿਸ ਕਾਰਨ ਇਸ ਨੂੰ ਬੰਦ ਕਰਨਾ ਚਾਹੀਦਾ ਹੈ। ਕਿਸਾਨਾਂ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਹਟਵਾ ਕੇ ਹੀ ਇਸ ਸੰਘਰਸ਼ ਨੂੰ ਖਤਮ ਕੀਤਾ ਜਾਵੇਗਾ।

ਜਾਣਕਾਰੀ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿਚ ਕਿਸਾਨਾਂ ਨੇ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ’ਤੇ ਸਥਿਤ ਟੋਲ ਪਲਾਜ਼ਾ ’ਤੇ ਧਰਨਾ ਲਗਾਇਆ ਹੈ। ਕਿਸਾਨਾਂ ਦੀ ਮੰਨੀਏ ਤਾਂ ਇਹ ਟੋਲ ਪਲਾਜ਼ਾ ਲੋਕਾਂ ਦੇ ਸਿਰ ’ਤੇ ਭਾਰ ਹੈ ਅਤੇ ਇਹ ਸ਼ਰਤਾਂ ਨੂੰ ਛਿੱਕੇ ਟੰਗ ਕੇ ਲਗਾਇਆ ਗਿਆ ਹੈ। ਕਿਸਾਨਾਂ ਅਨੁਸਾਰ ਇਸ ਟੋਲ ਪਲਾਜ਼ੇ ਤੋਂ ਪਹਿਲਾਂ ਨਹਿਰ ਦੇ ਪੁੱਲ ਨੂੰ ਚੌੜਾ ਕਰਨ ਦੀ ਸ਼ਰਤ ਪੂਰੀ ਨਹੀਂ ਕੀਤੀ ਗਈ, ਸੜਕ ਦੇ ਨਾਲ ਬਣਾਏ ਗਏ ਖਾਲ ਨੂੰ ਢਕਿਆ ਨਹੀਂ ਗਿਆ ਜੋ ਕਿ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸਾਨ ਯੂਨੀਅਨ ਵੱਲੋ ਵੀ ਇੱਥੇ ਧਰਨਾ ਲਾਇਆ ਗਿਆ ਸੀ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭਰੋਸਾ ਦਿੱਤਾ ਸੀ ਕਿ ਇਹ ਕੰਪਨੀ ਜਲਦ ਸ਼ਰਤਾਂ ਪੂਰੀਆਂ ਕਰ ਲਵੇਗੀ ਜੋ ਅਜੇ ਤੱਕ ਪੂਰੀਆਂ ਨਹੀਂ ਹੋਈਆਂ ਜਿਸ ਕਾਰਨ ਇਹ ਦੁਬਾਰਾ ਧਰਨਾ ਲਾ ਦਿੱਤਾ ਗਿਆ ਹੈ। ਇਸ ਦੌਰਾਨ ਮੌਕੇ ’ਤੇ ਪਹੁੰਚੇ ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਵਿਰਕ ਦੀ ਵੀ ਕਿਸਾਨਾਂ ਨੇ ਇਕ ਨਹੀਂ ਸੁਣੀ ਅਤੇ ਧਰਨਾ ਲਗਾਤਾਰ ਜਾਰੀ ਸੀ।

Leave a Reply